ਯੈੱਸ ਪੰਜਾਬ
ਫਾਜ਼ਿਲਕਾ, 15 ਅਗਸਤ, 2024
78 ਵੇਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਆਪਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਉਥੇ ਹੀ 1971 ਦੀ ਜੰਗ ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ।
ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਸਨ।
ਇਸ ਮੌਕੇ ਇੱਥੇ ਪੁੱਜਣ ਤੇ ਆਈ. ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਸੰਬੋਧਨ ਵਿਚ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਵਿਸੇਸ਼ ਤੌਰ ਤੇ ਜਿਕਰ ਕਰਦਿਆਂ ਕਿਹਾ ਕਿ ਸੂਬੇ ਵਿੱਚ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ।
ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕੀਤਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁ਼ਜਗਾਰ ਦੇਣ ਦੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ 28 ਮਹੀਨਿਆਂ ਦੌਰਾਨ ਸਾਢੇ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।
ਇਸ ਤੋਂ ਇਲਾਵਾ ਇਨ੍ਹਾਂ ਮਹੀਨਿਆਂ ਦੌਰਾਨ 4208 ਪਲੇਸਮੈਂਟ ਕੈਂਪ ਲਗਾ ਕੇ 2 ਲੱਖ 38 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਪਲੇਸਮੈਂਟ ਦੇ ਮੌਕੇ ਪ੍ਰਦਾਨ ਕੀਤੇ ਗਏ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ 842 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ ਤੇ ਫਾਜ਼ਿਲਕਾ ਜਿਲ੍ਹੇ ਵਿੱਚ 26 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿੱਥੇ ਮਰੀਜ਼ਾ ਨੂੰ ਮੁਫਤ ਦਵਾਈਆਂ ਦੇ ਨਾਲ ਨਾਲ ਮੁਫਤ ਟੈਸਟ ਵੀ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਸਦਕਾ ਇਸ ਵਾਰ ਸੂਬੇ ਵਿੱਚ 2 ਲੱਖ 52 ਹਜਾਰ ਏਕੜ ਤੋਂ ਵੱਧ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ ਤੇ ਇਸੇ ਤਹਿਤ ਹੀ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਫਾਜਿਲਕਾ ਦੇ ਪਿੰਡ ਪੱਤਰੇਵਾਲਾ ਤੇ ਘੱਟਿਆਂਵਾਲੀ ਵਿਖੇ ਨਹਿਰੀ ਪਾਣੀ ਉਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਅਬੋਹਰ, ਬੱਲੂਆਣਾ, ਫਾਜ਼ਿਲਕਾ ਅਤੇ ਜਲਾਲਾਬਾਦ ਦੇ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਪਹੁੰਚੇਗਾ, ਇਹ ਪ੍ਰਾਜੈਕਟ ਜਲਦ ਹੀ ਲੋਕ ਸਮਰਪਿਤ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ
ਇਸ ਮੌਕੇ ਸੁਤੰਤਰਤਾ ਸੰਗਰਾਮੀਆਂ/ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾ ਪਰੇਡ ਵਿੱਚ ਸ਼ਾਮਲ ਟੁਕੜੀਆਂ ਦੇ ਇੰਚਾਰਜ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।
ਇਸ ਮੌਕੇ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਐਸਡੀਐਮ ਫਾਜ਼ਿਲਕਾ ਵਿਪਨ ਭੰਡਾਰੀ ਸਮੇਤ ਪਤਵੰਤੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।