Thursday, December 26, 2024
spot_img
spot_img
spot_img

ਪੰਜਾਬ ਸਰਕਾਰ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ ਲਈ ਸੰਜੀਦਾ: ਡਾ. ਬਲਬੀਰ ਸਿੰਘ

ਯੈੱਸ ਪੰਜਾਬ
ਪਟਿਆਲਾ, 18 ਅਗਸਤ, 2024

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸੰਜੀਦਾ ਹੈ।

ਕੋਲਕਾਤਾ ਮੈਡੀਕਲ ਕਾਲਜ ਦੀ ਪੋਸਟ ਗ੍ਰੈਜੂਏਟ ਟ੍ਰੇਨੀ ਮਹਿਲਾ ਡਾਕਟਰ ਨਾਲ ਵਾਪਰੀ ਦਰਿੰਦਗੀ ਭਰਪੂਰ ਦੁਰਘਟਨਾ ਦੇ ਵਿਰੋਧ ਵਿੱਚ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਦੇ ਹੱਕ ਵਿੱਚ ਸਰਕਾਰੀ ਮੈਡੀਕਲ ਕਾਲਜ ਦੇ ਡਾਕਟਰਾਂ ਵੱਲੋਂ ਇੱਥੇ ਰਜਿੰਦਰਾ ਹਸਪਤਾਲ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਪੁੱਜੇ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਡਾਕਟਰਾਂ ਦੀ ਸੁਰੱਖਿਆ ਦਾ ਪੂਰਾ ਭਰੋਸਾ ਦਿੱਤਾ। ਇਸ ਮੌਕੇ ਸਿਹਤ ਮੰਤਰੀ ਨੇ ਦਰਿੰਦਗੀ ਦੀ ਸ਼ਿਕਾਰ ਡਾਕਟਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਆਪਣੀ ਉਂਗਲ ਵਿੱਚੋਂ ਖ਼ੂਨ ਕੱਢ ਕੇ ਐਪਰਨ ‘ਤੇ ਵੀ ਲਗਾਇਆ।

ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ 2019 ‘ਚ ਪਾਸ ਕੀਤੇ ਮਤੇ ਮੁਤਾਬਕ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਲਈ ਕੇਂਦਰੀ ਐਕਟ ਬਣਾਉਣ ਦੀ ਮੰਗ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਖ਼ੁਦ ਇਸ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਣਗੇ।

ਇਸ ਤੋਂ ਬਿਨ੍ਹਾਂ ਨਿਰੋਲ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਐਸ.ਓ.ਪੀਜ਼ ਤਿਆਰ ਕਰਨ ਲਈ ਦੇਸ਼ ਦੇ ਸਾਰੇ ਸਿਹਤ ਮੰਤਰੀਆਂ ਦੀ ਬੈਠਕ ਬੁਲਾਉਣ ਲਈ ਵੀ ਉਹ ਕੇਂਦਰੀ ਸਿਹਤ ਮੰਤਰੀ ਨੂੰ ਵੀ ਮਿਲਣਗੇ ਤਾਂ ਕਿ ਮੈਡੀਕਲ ਪ੍ਰੋਫ਼ੈਸ਼ਨਲਜ ਨਾਲ ਦੁਰਵਿਵਹਾਰ ਕਰਨ ਲਈ ਗ਼ੈਰ ਜਮਾਨਤੀ ਜ਼ੁਰਮ ਤੇ 6 ਸਾਲ ਦੀ ਕੈਦ ਦਾ ਕਾਨੂੰਨ ਪਾਸ ਹੋ ਸਕੇ।

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਪੰਜਾਬ ਦੇ ਡਾਕਟਰਾਂ ਦੀ ਜਥੇਬੰਦੀ ਆਈ.ਐਮ.ਏ., ਪੀ.ਸੀ.ਐਮ.ਐਸ. ਐਸੋਸੀਏਸ਼ਨ ਨਾਲ ਵੀ ਸੋਮਵਾਰ ਨੂੰ ਇੱਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਪੁਖ਼ਤਾ ਪ੍ਰਬੰਧ ਕਰੇਗੀ ਤਾਂ ਕਿ ਸਿਹਤ ਖੇਤਰ ਵਿੱਚ ਸੇਵਾ ਨਿਭਾ ਰਹੇ ਡਾਕਟਰਾਂ ਤੇ ਪੈਰਾਮੈਡੀਕਲ ਅਮਲੇ ਨਾਲ ਕੋਈ ਅਜਿਹੀ ਮੰਦਭਾਗੀ ਘਟਨਾ ਨਾ ਵਾਪਰੇ।ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਕਿ ਵਹਿਸ਼ੀ ਵਾਰਦਾਤ ਕਰਨ ਵਾਲਿਆਂ ਨਾਲ ਕੋਈ ਢਿੱਲ ਮੱਠ ਨਾ ਵਰਤੀ ਜਾਵੇ ਸਗੋਂ ਅਜਿਹੇ ਵਹਿਸ਼ੀ ਦਰਿੰਦਿਆਂ ਨੂੰ ਤੁਰੰਤ ਫਾਂਸੀ ਉਪਰ ਟੰਗਿਆ ਜਾਵੇ ਤਾਂ ਕਿ ਦੇਸ਼ ਵਿੱਚ ਇਸ ਸਬੰਧੀ ਇੱਕ ਸਖ਼ਤ ਸੰਦੇਸ਼ ਜਾਵੇ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਮੈਡੀਕਲ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ, ਡਾਕਟਰਾਂ ਤੇ ਹੋਰ ਪੈਰਾਮੈਡਿਕਸ ਨੂੰ ਭਰੋਸਾ ਦਿੰਦੇ ਹਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮੈਡੀਕਲ ਪ੍ਰੋਫ਼ੈਸ਼ਨਲਜ਼ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਡਾਕਟਰਾਂ ਨੂੰ ਮਰੀਜਾਂ ਦਾ ਇਲਾਜ ਕਿਸੇ ਵੀ ਤਰ੍ਹਾਂ ਦੇ ਡਰ ਭੈਅ ਤੋਂ ਮੁਕਤ ਮਾਹੌਲ ‘ਚ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਉਨ੍ਹਾਂ ਦਾ ਵਿਸ਼ਵਾਸ਼ ਬਹਾਲ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਡਾਕਟਰ ਹਨ ਅਤੇ ਉਨ੍ਹਾਂ ਦੀ ਧੀ ਵੀ ਡਾਕਟਰ ਹੈ ਅਤੇ ਉਹ ਜਾਣਦੇ ਹਨ ਕਿ ਇੱਕ ਡਾਕਟਰ ਨੂੰ ਕਿੰਨੀ ਮਿਹਨਤ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲਕਾਤਾ ਵਿਖੇ ਵਾਪਰੀ ਘਟਨਾ ਇੱਕ ਅਸਿਹ ਦੁੱਖ ਹੈ ਅਤੇ ਉਨ੍ਹਾਂ ਦੀ ਆਪਣੀ ਸੰਵੇਦਨਾ ਅਤੇ ਹਮਦਰਦੀ ਪੀੜਤ ਪਰਿਵਾਰ ਦੇ ਨਾਲ ਹੈ।

ਇਸ ਮੌਕੇ ਕਰਨਲ ਜੇ.ਵੀ. ਸਿੰਘ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਡਾ. ਆਰ.ਪੀ.ਐਸ. ਸਿਬੀਆ, ਡਾ. ਐਸ.ਐਸ. ਮਾਨ ਅਤੇ ਜੂਨੀਅਰ ਅਤੇ ਸੀਨੀਅਰ ਰੈਜੀਡੈਂਟਸ ਤੇ ਮੈਡੀਕਲ ਵਿਦਿਆਰਥੀ ਵੀ ਮੌਜੂਦ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ