ਯੈੱਸ ਪੰਜਾਬ
ਚੰਡੀਗੜ੍ਹ, 18 ਅਗਸਤ, 2024
ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਖ਼ਿਲਾਫ਼ ਦੇਸ਼ ਭਰ ਵਿੱਚ ਡਾਕਟਰਾਂ ਵੱਲੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੀ ਆਪਣਾ ਸਮਰਥਨ ਦਿੱਤਾ ਹੈ। ਐਤਵਾਰ ਨੂੰ ‘ਆਪ’ ਨੇਤਾਵਾਂ, ਵਿਧਾਇਕਾਂ ਅਤੇ ਮੰਤਰੀਆਂ ਨੇ ਡਾਕਟਰਾਂ ਦੇ ਸਮਰਥਨ ‘ਚ ਕਈ ਜ਼ਿਲਿਆਂ ਦੇ ਹਸਪਤਾਲਾਂ ਦਾ ਦੌਰਾ ਕੀਤਾ ਅਤੇ ਡਾਕਟਰਾਂ ਨਾਲ ਮੀਟਿੰਗਾਂ ਕੀਤੀਆਂ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪੁੱਜੇ। ਸਾਬਕਾ ਮੰਤਰੀ ਅਤੇ ਵਿਧਾਇਕ ਡਾ. ਇੰਦਰਵੀਰ ਸਿੰਘ ਨਿੱਝਰ ਅੰਮ੍ਰਿਤਸਰ ਮੈਡੀਕਲ ਕਾਲਜ ਪੁੱਜੇ। ‘ਆਪ’ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਅਤੇ ਮੰਤਰੀ ਬਲਜੀਤ ਕੌਰ ਨੇ ਜੀਜੀਐਸ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ।
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਹਮਾਇਤ ਕਰਦਿਆਂ ਕਿਹਾ ਕਿ ਮੈਂ ਖ਼ੁਦ ਇੱਕ ਡਾਕਟਰ ਹਾਂ। ਮੈਂ ਉਸ ਘਟਨਾ ਦੇ ਦਰਦ ਨੂੰ ਸਮਝ ਸਕਦਾ ਹਾਂ। ਮੈਂ ਉਨਾਂ ਦੇ ਮਾਪਿਆਂ ਦੀ ਹਾਲਤ ਵੀ ਸਮਝ ਸਕਦਾ ਹਾਂ। ਮੈਂ ਉਨ੍ਹਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਡਾਕਟਰ ਬਲਬੀਰ ਨੇ ਕਿਹਾ ਕਿ ਜਦੋਂ ਤੱਕ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਨੂੰ ਫਾਂਸੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਮੈਨੂੰ ਸ਼ਾਤੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਾਕਟਰਾਂ ਅਤੇ ਮੈਡੀਕਲ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ। ਕੋਲਕਾਤਾ ਕਾਂਡ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ।
ਡਾ: ਬਲਬੀਰ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇੰਡੀਅਨ ਮੈਡੀਕਲ ਐਸੋਸੀਏਸ਼ਨ 2019 ਵਿੱਚ ਮਹਿਲਾ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵਿਰੁੱਧ ਜਿਨਸੀ ਹਿੰਸਾ ਦੇ ਮਾਮਲਿਆਂ ਵਿੱਚ ਘੱਟੋ-ਘੱਟ 6 ਸਾਲ ਦੀ ਸਜ਼ਾ ਅਤੇ ਗੈਰ-ਜ਼ਮਾਨਤੀ ਸਜ਼ਾ ਵਾਲਾ ਕਾਨੂੰਨ ਬਣਾ ਕੇ ਇਸ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ।
ਉਨ੍ਹਾਂ ਕਾਨੂੰਨ ਬਣਾਉਣ ਵਿੱਚ ਸਾਲਾਂ ਤੋਂ ਦੇਰੀ ਸਬੰਧੀ ਕੇਂਦਰ ਸਰਕਾਰ ਦੇ ਇਰਾਦਿਆਂ ’ਤੇ ਵੀ ਤਿੱਖੇ ਸਵਾਲ ਖੜ੍ਹੇ ਕੀਤੇ। ਸਿਹਤ ਮੰਤਰੀ ਨੇ ਕਿਹਾ ਕਿ ਡਰ ਅਤੇ ਦਹਿਸ਼ਤ ਦੇ ਅਜਿਹੇ ਮਾਹੌਲ ਵਿੱਚ ਡਾਕਟਰ ਸਹੀ ਢੰਗ ਨਾਲ ਕੰਮ ਨਹੀਂ ਕਰ ਸਕਦੇ, ਇਸ ਲਈ ਕੇਂਦਰ ਸਰਕਾਰ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਇਸ ਲਈ ਜਲਦੀ ਤੋਂ ਜਲਦੀ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਜੀਜੀਐਸ ਮੈਡੀਕਲ ਹਸਪਤਾਲ ਫ਼ਰੀਦਕੋਟ ਦੇ ਡਾਕਟਰਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਹਿਲਾ ਡਾਕਟਰਾਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ ੍ਟ ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਜਿੱਥੇ ਵੀ ਸੁਰੱਖਿਆ ਦੀ ਲੋੜ ਹੈ, ਉਥੇ ਹਰ ਕੀਮਤ ’ਤੇ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਪੰਜਾਬ ਸਰਕਾਰ ਡਾਕਟਰਾਂ ਅਤੇ ਮੈਡੀਕਲ ਵਿਦਿਆਰਥੀਆਂ ਦੇ ਨਾਲ ਡੱਟਕੇ ਖੜ੍ਹੀ ਹੈ।
ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਦੇ ਹਸਪਤਾਲਾਂ ਦਾ ਦੌਰਾ ਕਰਦਿਆਂ ਕਿਹਾ ਕਿ ਕਾਲਜ ਅਤੇ ਹਸਪਤਾਲ ਦੀ ਹਰ ਜਗ੍ਹਾ ਜਿੱਥੇ ਸੁਰੱਖਿਆ ਬਹੁਤ ਜ਼ਰੂਰੀ ਹੈ, ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਹੈ ਅਤੇ ਜਲਦੀ ਹੀ ਇਸ ਸਬੰਧੀ ਸਾਰੇ ਪਹਿਲੂਆਂ ‘ਤੇ ਕਾਰਵਾਈ ਕੀਤੀ ਜਾਵੇਗੀ।
ਸਾਬਕਾ ਮੰਤਰੀ ਅਤੇ ਵਿਧਾਇਕ ਡਾ. ਇੰਦਰਵੀਰ ਸਿੰਘ ਨਿੱਝਰ ਨੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਡਾਕਟਰਾਂ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਡਾਕਟਰਾਂ ਦੇ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਕਿਹਾ ਕਿ ਮਹਿਲਾ ਡਾਕਟਰਾਂ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਇਸ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।