Thursday, October 3, 2024
spot_img
spot_img
spot_img
spot_img
spot_img

ਡਿੰਪੀ ਢਿੱਲੋਂ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ’ਚ ‘ਆਮ ਆਦਮੀ ਪਾਰਟੀ’ ’ਚ ਸ਼ਾਮਲ ਹੋਣਗੇ

ਯੈੱਸ ਪੰਜਾਬ
ਬਠਿੰਡਾ, 27 ਅਗਸਤ, 2024

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ਼ਣ ਵਾਲੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ: ਸੁਖ਼ਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਸ: ਹਰਦੀਪ ਸਿੰਘ ਡਿੰਪੀ ਢਿੱਲੋਂ ਬੁੱਧਵਾਰ ਨੂੰ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣਗੇ।

ਇਸ ਗੱਲ ਦੀ ਪੁਸ਼ਟੀ ਖ਼ੁਦ ਡਿੰਪੀ ਢਿੱਲੋਂ ਨੇ ਕਰਦਿਆਂ ਕਿਹਾ ਹੈ ਕਿ ਬੁੱਧਵਾਰ ਨੂੰ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਗਿੱਦੜਬਾਹਾ ਪਹੁੰਚ ਰਹੇ ਹਨ ਜਿੱਥੇ ਉਨ੍ਹਾਂ ਦੀ ਹਾਜ਼ਰੀ ਵਿੱਚ ਉਹ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣਗੇ।

ਜ਼ਿਕਰਯੋਗ ਹੈ ਕਿ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਇਸਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਦਿੰਦਿਆਂ ਨਿਊ ਦੀਪ ਬੱਸ ਸਰਵਿਸ ਦੇ ਮਾਲਕ ਡਿੰਪੀ ਢਿੱਲੋਂ ਨੇ ਅਕਾਲੀ ਦਲ ਛੱਡਣ ਦਾ ਐਲਾਨ ਕਰ ਦਿੱਤਾ ਸੀ ਅਤੇ ਦੂਜੇ ਹੀ ਦਿਨ ਆਪਣੇ ਸਮਰਥਕਾਂ ਦੀ ਮੀਟਿੰਗ ਵਿੱਚ ਉਨ੍ਹਾਂ ਤੋਂ ਰਾਏ ਲੈਣ ਉਪਰੰਤ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਦੇ ਸੰਕੇਤ ਦਿੱਤੇ ਸਨ।

ਬਾਅਦ ਵਿੱਚ ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਸੀ ਕਿ ਉਹ ਬੁੱਧਵਾਰ ਨੂੰ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਣਗੇ ਹਾਲਾਂਕਿ ਉਨ੍ਹਾਂ ਨੇ ਇਹ ਵੀ ਆਖ਼ਿਆ ਸੀ ਕਿ ਉਹ ਮੁੱਖ ਮੰਤਰੀ ਸਾਹਮਣੇ ਕੁਝ ਮੰਗਾਂ ਰੱਖਣਗੇ ਅਤੇ ਇਹ ਮੰਗਾਂ ਮੰਨੇ ਜਾਣ ’ਤੇ ‘ਆਪ’ ਵਿੱਚ ਸ਼ਾਮਲ ਹੋ ਜਾਣਗੇ।

ਦੀਪ ਢਿੱਲੋਂ ਨੇ ਦੋਸ਼ ਲਗਾਇਆ ਸੀ ਕਿ ਸ: ਸੁਖ਼ਬੀਰ ਸਿੰਘ ਬਾਦਲ ਅਤੇ ਸ: ਮਨਪ੍ਰੀਤ ਸਿੰਘ ਬਾਦਲ ਵਿਚਾਲੇ ਇਸ ਸੀਟ ਨੂੰ ਲੈ ਕੇ ਗੰਢ ਤੁੱਪ ਚੱਲ ਰਹੀ ਹੈ ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਛੱਡਣ ਦਾ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਹੈ।

ਯਾਦ ਰਹੇ ਕਿ ਪਿਛਲੇ ਲਗਪਗ 40 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਦੀਪ ਢਿੱਲੋਂ ਨੇ ਪਿਛਲੀਆਂ ਦੋ ਚੋਣਾਂ ਗਿੱਦੜਬਾਹਾ ਤੋਂ ਪਾਰਟੀ ਟਿਕਟ ’ਤੇ ਲੜੀਆਂ ਸਨ ਪਰ ਉਹ ਜਿੱਤ ਨਹੀਂ ਸਕੇ ਸਨ ਹਾਲਾਂਕਿ ਪਿਛਲੀਆਂ ਚੋਣਾਂ ਵਿੱਚ ਉਹ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਤੋਂ ਲਗਪਗ 1300 ਵੋਟਾਂ ਦੇ ਫ਼ਰਕ ਨਾਲ ਹਾਰੇ ਸਨ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਦੀਪ ਢਿੱਲੋਂ ਨੂੰ ਇਹ ਕਦਮ ਚੁੱਕਣੋਂ ਰੋਕਣ ਲਈ ਕਾਫ਼ੀ ਵਾਹ ਲਾਈ ਅਤੇ ਪਾਰਟੀ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਵੀ ਇਹ ਕਿਹਾ ਸੀ ਕਿ ਅਜੇ ਵੀ ਗਿੱਦੜਬਾਹਾ ਲਈ ਦੀਪ ਢਿੱਲੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋ ਸਕਦੇ ਹਨ ਅਤੇ ਪਾਰਟੀ 10 ਦਿਨ ਤਕ ਉਨ੍ਹਾਂ ਦੀ ਵਾਪਸੀ ਦਾ ਇੰਤਜ਼ਾਰ ਕਰੇਗੀ ਪਰ ਦੀਪ ਢਿੱਲੋਂ ਦਾ ਕਹਿਣਾ ਹੈ ਕਿ ਉਹ ਹੁਣ ਕਿਸੇ ਕੀਮਤ ’ਤੇ ਅਕਾਲੀ ਦਲ ਵਿੱਚ ਵਾਪਸ ਨਹੀਂ ਜਾਣਗੇ ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੇ ਕੁਝ ਸ਼ੁਭਚਿੰਤਕਾਂ ਨੇ ਦੱਸਿਆ ਹੈ ਕਿ ਜੇ ਉਹ ਵਾਪਸ ਸ਼੍ਰੋਮਣੀ ਅਕਾਲੀ ਦਲ ਵਿੱਚ ਗਏ ਤਾਂ ‘ਉਨ੍ਹਾਂ ਨੂੰ (ਸਿਆਸੀ ਤੌਰ ’ਤੇ) ਮਾਰ ਦੇਣਗੇ।’

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ