ਯੈੱਸ ਪੰਜਾਬ
ਅੰਮ੍ਰਿਤਸਰ, 30 ਅਗਸਤ, 2024:
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅੱਜ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ ਪਰ ਅਜੇ ਉਨ੍ਹਾਂ ਲਈ ਕਿਸੇ ਸਜ਼ਾ ਦਾ ਐਲਾਨ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਮੁਆਫ਼ੀ ਮੰਗਣ ਲੀ ਕਿਹਾ ਗਿਆ ਹੈ।
ਇਸ ਦੇ ਨਾਲ ਹੀ ਜਥੇਦਾਰ ਸਾਹਿਬਾਨ ਨੇ ਸੁਖ਼ਬੀਰ ਬਾਦਲ ਦੇ ਨਾਲ 10 ਸਾਲ ਸਰਕਾਰ ਵਿੱਚ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨ ਦੇ ਅੰਦਰ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਹੈ।
ਲਗਪਗ ਅੱਧਾ ਘੰਟਾ ਚੱਲੀ ਮੀਟਿੰਗ ਉਪਰੰਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਲਏ ਫ਼ੈਸਲੇ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੜ੍ਹ ਕੇ ਸੁਣਾਇਆ।
ਉਹਨਾਂ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ ਕਿ ਸੁਖ਼ਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਕੁਝ ਅਜਿਹੇ ਫ਼ੈਸਲੇ ਲਏ, ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ। ਇਸ ਦੇ ਨਾਲ ਹੀ ਸਿੱਖ ਹਿਤਾਂ ਨੂੰ ਵੀ ਭਾਰੀ ਨੁਕਸਾਨ ਪੁੱਜਾ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 2007 ਤੋਂ 2017 ਤਕ ਸੁਖ਼ਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਸਰਕਾਰ ਵਿੱਚ ਮੌਜੁਦ ਰਹੇ ਭਾਈਵਾਲ ਕੈਬਨਿਟ ਮੰਤਰੀ ਵੀ ਆਪਣਾ ਸਪਸ਼ਟੀਕਰਨ ਦੇਣ ਅਤੇ 15 ਦਿਨਾਂ ਵਿੱਚ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਅਕਾਲ ਤਖ਼ਤ ’ਤੇ ਦੇਣ।
ਅਕਾਲ ਤਖ਼ਤ ਤੋਂ ਕਿਹਾ ਗਿਆ ਕਿ ਜਿੰਨਾ ਚਿਰ ਇੱਕ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਿੱਖ ਸੰਗਤ ਅਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗਦਾ, ਉਨੀ ਦੇਰ ਸੁਖ਼ਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।