ਯੈੱਸ ਪੰਜਾਬ
ਲੁਧਿਆਣਾ, 11 ਸਤੰਬਰ, 2024
ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ, ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ ਤੋਂ ਜੂਨ 2024 ਦੇ ਸੈਸ਼ਨ ਦੀ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਪਹਿਲੇ ਤਿੰਨ ਸਥਾਨਾਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਨੇ ਦੋ ਸਥਾਨ ਹਾਸਲ ਕੀਤੇ ਹਨ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਇੱਥੋਂ ਦੀਆਂ ਦੋ ਵਿਦਿਆਰਥਣਾਂ ਨੇਹਾ ਮਲਹੋਤਰਾ ਨੇ ਇਸ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਰੁਪਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵਿਖੇ ਇਨ੍ਹਾਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਉਰਦੂ ਅਧਿਆਪਕਾ ਸ਼੍ਰੀਮਤੀ ਸਫ਼ੀਨਾ ਖ਼ਾਤੂਨ ਨੇ ਕਿਹਾ ਕਿ ਉਹਨਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸੈਸ਼ਨ ਦੇ ਇਨ੍ਹਾਂ ਛੇ ਮਹੀਨਿਆਂ ਵਿੱਚ ਹਰ ਇੱਕ ਵਿਦਿਆਰਥੀ ਨੂੰ ਉਰਦੂ ਭਾਸ਼ਾ ਦੀ ਮੁਢਲੀ ਜਾਣਕਾਰੀ ਅਤੇ ਨਿਰਧਾਰਤ ਸਿਲੇਬਸ ਦਾ ਬਹੁਤ ਚੰਗੀ ਤਰ੍ਹਾਂ ਅਭਿਆਸ ਕਰਵਾਇਆ ਜਾਵੇ।
ਜ਼ਿਕਰਯੋਗ ਹੈ ਕਿ ਪਹਿਲਾਂ ਵੀ ਲੁਧਿਆਣਾ ਤੋਂ ਉਰਦੂ ਦਾ ਇਹ ਕੋਰਸ ਕਰਨ ਵਾਲੇ ਕਈ ਵਿਦਿਆਰਥੀਆਂ ਦੁਆਰਾ ਉਰਦੂ ਵਿਚ ਉਚੇਰੀ ਸਿੱਖਿਆ ਪ੍ਰਾਪਤ ਕੀਤੀ ਗਈ ਹੈ। ਸੈਸ਼ਨ ਵਿੱਚ ਪਾਸ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਸਰਟੀਫ਼ਿਕੇਟ ਤਕਸੀਮ ਕੀਤੇ ਗਏ।
ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ, ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਜਿੱਥੇ ਅਨੇਕ ਤਰ੍ਹਾਂ ਦੇ ਉਪਰਾਲੇ ਕਰ ਰਿਹਾ ਹੈ ਉੱਥੇ ਵਿਭਾਗ ਵੱਲੋਂ ਉਰਦੂ ਭਾਸ਼ਾ ਦੀ ਸਿਖਲਾਈ ਸਬੰਧੀ ਵੀ ਇੱਕ ਕੋਰਸ ਕਰਵਾਇਆ ਜਾਂਦਾ ਹੈ। ਛੇ ਮਹੀਨੇ ਦੇ ਉਰਦੂ ਆਮੋਜ਼਼ ਕੋਰਸ ਦੀਆਂ ਕਲਾਸਾਂ ਦਾ ਪ੍ਰਬੰਧ ਭਾਸ਼ਾ ਵਿਭਾਗ ਦੁਆਰਾ ਹਰ ਜ਼ਿਲ੍ਹੇ ਵਿੱਚ ਕੀਤਾ ਜਾਂਦਾ ਹੈ। ਲੁਧਿਆਣਾ ਜ਼ਿਲ੍ਹੇ ਵਿੱਚ ਇਹ ਕਲਾਸਾਂ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪੰਜਾਬੀ ਭਵਨ ਲੁਧਿਆਣਾ ਵਿਖੇ ਲਗਾਈਆਂ ਜਾਂਦੀਆਂ ਹਨ ਜਿਸ ਵਿੱਚ ਦਾਖਲੇ ਲਈ ਉਮਰ ਦੀ ਕੋਈ ਸੀਮਾ ਨਹੀਂ ਹੈ।
ਇਸ ਮੌਕੇ ਜੂਨੀਅਰ ਸਹਾਇਕ ਸੁਖਦੀਪ ਸਿੰਘ, ਰਾਜੀਵ ਸ਼ਰਮਾ, ਗੁਰਦੇਵ ਸਿੰਘ, ਮਲਕੀਤ ਸਿੰਘ, ਸੰਗੀਤਾ ਝਾਅ ਅਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।