Friday, October 4, 2024
spot_img
spot_img
spot_img
spot_img
spot_img

ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਹਿੰਸਾ ਗ੍ਰਸਤ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਵਧਾਉਣ ਦੀ ਅਪੀਲ

ਯੈੱਸ ਪੰਜਾਬ
ਚੰਡੀਗੜ੍ਹ, 4 ਅਕਤੂਬਰ, 2024

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾਈ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੌਰਾਨ ਜਿਹਨਾਂ ਥਾਵਾਂ ’ਤੇ ਅੱਜ ਹਿੰਸਾ ਹੋਈ ਅਤੇ ਜਿਥੇ ਕਿਤੇ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤਾ ਗਿਆ, ਉਹਨਾਂ ਸਾਰੀਆਂ ਥਾਵਾਂ ’ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਵਧਾਇਆ ਜਾਵੇ ਅਤੇ ਜੋ ਸਿਵਲ ਤੇ ਪੁਲਿਸ ਅਧਿਕਾਰੀ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੇ ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਰਲ ਕੇ ਲੋਕਤੰਤਰ ਦਾ ਕਤਲ ਕਰਦੇ ਰਹੇ, ਉਹਨਾਂ ਸਭ ਦੇ ਤਬਾਦਲੇ ਕੀਤੇ ਜਾਣ।

ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ, ਜਿਸ ਵਿਚ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਸਨ, ਨੇ ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕਰ ਕੇ ਆਪ ਦੇ ਆਗੂਆਂ ਵੱਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਖਿਲਾਫ ਕੀਤੀ ਹਿੰਸਾ ਖਿਲਾਫ ਸਖ਼ਤ ਰੋਸ ਜ਼ਾਹਰ ਕੀਤਾ ਅਤੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਪੰਚਾਇਤ ਚੋਣਾਂ ’ਤੇ ਮੁਕੰਮਲ ਕਬਜ਼ਾ ਕਰਨ ਦੀ ਆਜ਼ਾਦ ਤੇ ਨਿਰਪੱਖ ਜਾਂਚ ਕਰਵਾਈ ਜਾਵੇ।

ਵਫਦ ਨੇ ਜ਼ੋਰ ਦੇ ਕੇ ਕਿਹਾ ਕਿ ਫੌਰੀ ਕਦਮ ਚੁੱਕਣ ਦੀ ਜ਼ਰੂਰਤ ਹੈ ਨਹੀਂ ਤਾਂ ਪੰਜਾਬ ਵਿਚ ਨਿਰਪੱਖ ਤੇ ਆਜ਼ਾਦ ਚੋਣਾਂ ਕਰਵਾਉਣੀਆਂ ਸੰਭਵ ਨਹੀਂ ਹੋਣਗੀਆਂ।

ਵਫਦ ਨੇ ਜ਼ੋਰ ਦੇ ਕੇ ਕਿਹਾ ਕਿ ਸਿਵਲ ਤੇ ਪੁਲਿਸ ਅਧਿਕਾਰੀ ਨਾ ਸਿਰਫ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਰਹੇ ਹਨ ਬਲਕਿ ਸ਼ਰ੍ਹੇਆਮ ਆਪ ਆਗੂਆਂ ਨਾਲ ਰਲੇ ਹੋਏ ਹਨ। ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਉਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਦੇਣ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੰਤਿਮ ਸਮਾਂ ਵਧਾ ਕੇ ਸਾਰੇ ਉਮੀਦਵਾਰਾਂ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਗਿਆ ਦਿੱਤੀ ਜਾਵੇ। ਉਹਨਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਪੁਲਿਸ ਵਿਭਾਗ ਨੂੰ ਹਦਾਇਤ ਕਰੇ ਕਿ ਸਾਰੇ ਉਮੀਦਵਾਰਾਂ ਨੂੰ ਉਹਨਾਂ ਦੇ ਆਪੋ ਆਪਣੇ ਖੇਤਰਾਂ ਵਿਚ ਬੀ ਡੀ ਪੀ ਓ ਦਫਤਰਾਂ ਤੱਕ ਪਹੁੰਚ ਕਰਨ ਦੀ ਆਗਿਆ ਦਿੱਤੀ ਜਾਵੇ।

ਡਾ. ਚੀਮਾ ਨੇ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੀ ਮੰਗ ਕੀਤੀ ਤਾਂ ਜੋ ਲੋਕਤੰਤਰੀ ਪ੍ਰਕਿਰਿਆ ਵਿਚ ਵਿਸ਼ਵਾਸ ਬਹਾਲ ਕੀਤਾ ਜਾ ਸਕੇ।

ਅਕਾਲੀ ਦਲ ਦੇ ਵਫਦ ਨੇ ਚੋਣ ਕਮਿਸ਼ਨ ਨੂੰ ਆਪ ਦੇ ਗੁੰਡਿਆਂ ਵੱਲੋਂ ਕੀਤੀ ਹਿੰਸਾ ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਦੀ ਕੀਤੀ ਖਜੱਲ ਖੁਆਰੀ ਦੇ ਵੀਡੀਓ ਸਬੂਤ ਵੀ ਦਿੱਤੇ ਹਨ।ਵਫਦ ਨੇ ਦੱਸਿਆ ਕਿ ਮੋਗਾ ਵਿਚ ਆਪ ਦੀ ਮਦਦ ਨਾਲ ਗੁੰਡਿਆਂ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾਉਣ ਵਾਸਤੇ ਗੋਲੀਆਂ ਚਲਾਈਆਂ ਤੇ ਨਾਮਜ਼ਦਗੀ ਪੱਤਰ ਖੋਹ ਕੇ ਪਾੜ ਦਿੱਤੇ। ਵਫਦ ਨੇ ਦੱਸਿਆ ਕਿ ਮੋਗਾ ਦੇ ਧਰਮਕੋਟ ਅਤੇ ਕੋਟ ਈਸੇ ਖਾਂ ਵਿਚ ਪੁਲਿਸ ਨੇ ਵਿਰੋਧੀ ਵਰਕਰਾਂ ਖਿਲਾਫ ਹੀ ਕਾਰਵਾਈ ਕਰ ਦਿੱਤੀ ਜਦੋਂ ਕਿ ਉਹ ਤਾਂ ਪਹਿਲਾਂ ਹੀ ਆਪ ਦੇ ਗੁੰਡਿਆਂ ਦੇ ਹੱਥੋਂ ਗੁੰਡਾਗਰਦੀ ਦਾ ਸ਼ਿਕਾਰ ਸਨ।

ਵਫਦ ਨੇ ਦੱਸਿਆ ਕਿ ਕਿਵੇਂ ਆਪ ਦੇ ਉਮੀਦਵਾਰਾਂ ਨੂੰ ਪਿਛਲੇ ਦਰਵਾਜ਼ੇ ਰਾਹੀਂ ਬੀ ਡੀ ਪੀ ਓ ਦਫਤਰਾਂ ਵਿਚ ਲਿਜਾਇਆ ਗਿਆ ਤੇ ਵਿਰੋਧੀ ਧਿਰ ਦੇ ਉਮੀਦਵਾਰ ਸਵੇਰ ਤੋਂ ਹੀ ਲੰਬੀਆਂ ਕਤਾਰਾਂ ਵਿਚ ਖੜ੍ਹੇ ਰਹੇ ਪਰ ਕੋਈ ਲਾਹਾ ਨਾ ਮਿਲਿਆ।

ਇਸੇ ਤਰੀਕੇ ਜਲਾਲਾਬਾਦ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ 3.00 ਵਜੇ ਦਾ ਸਮਾਂ ਟਪਾਉਣ ਲਈ ਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਭਰਨ ਤੋਂ ਰੋਕਣ ਲਈ ਡੰਮੀ ਉਮੀਦਵਾਰ ਮੈਦਾਨ ਵਿਚ ਖੜ੍ਹੇ ਕੀਤੇ ਗਏ। ਵਫਦ ਨੇ ਇਹ ਵੀ ਦੱਸਿਆ ਕਿ ਕਿਵੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਮਮਦੋਟ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਨ ਦਿੱਤੇ ਗਏ ਤੇ ਤਲਵੰਡੀ ਭਾਈ ਵਿਚ ਵਿਰੋਧੀ ਧਿਰ ਦੇ ਉਮੀਦਵਾਰਾਂ ’ਤੇ ਪੱਥਰਾਂ ਨਾਲ ਹਮਲਾ ਕੀਤਾ ਗਿਆ ਤੇ ਉਹਨਾਂ ਦੇ ਵਾਹਨ ਭੰਨ ਸੁੱਟੇ ਗਏ।

ਸੂਬਾਈ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਾਰੀਆਂ ਘਟਨਾਵਾਂ ਦੀਆਂ ਵੀਡੀਓ ਕਮਿਸ਼ਨ ਨੂੰ ਸੌਂਪੀਆਂ ਗਈਆਂ ਹਨ ਤੇ ਅਕਾਲੀ ਦਲ ਨੇ ਸਿਵਲ ਤੇ ਪੁਲਿਸ ਅਫਸਰਾਂ ਸਮੇਤ ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਸਮੇਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਉਹਨਾਂ ਕਿਹਾ ਕਿ ਵਫਦ ਨੇ ਇਹ ਵੀ ਮੰਗ ਕੀਤੀ ਕਿ ਭਲਕੇ ਨਾਮਜ਼ਦਗੀ ਪੱਤਰਾਂ ਦੀ ਘੋਖ ਵੇਲੇ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਰਿਟਰਨਿੰਗ ਅਫਸਰਾਂ ਦੇ ਕੰਮਕਾਜ ਦੀ ਨਿਗਰਾਨੀ ਰੱਖੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਪ ਆਗੂਆਂ ਦੇ ਦਬਾਅ ਹੇਠ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਨਾ ਹੋਣ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ