ਯੈੱਸ ਪੰਜਾਬ
ਸ੍ਰੀ ਮੁਕਤਸਰ ਸਾਹਿਬ, 8 ਅਕਤੂਬਰ, 2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਚਾਇਤ ਚੋਣਾਂ ਦੌਰਾਨ ਪਾਰਟੀ ਵਰਕਰਾਂ ਦੇ ਦਸਤਾਵੇਜ਼ ਰੱਦ ਕੀਤੇ ਜਾਣ ਦੇ ਖਿਲਾਫ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨੇ ਦੀ ਅਗਵਾਈ ਕੀਤੀ ਅਤੇ ਮੰਗ ਕੀਤੀ ਕਿ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਵਿਸ਼ਾਲ ਧਰਨੇ ਦੀ ਅਗਵਾਈ ਕੀਤੀ, ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਨੇ ਆਮ ਆਦਮੀ ਪਾਰਟੀ (ਆਪ) ਦੇ ਮੰਤਰੀਆਂ ਤੇ ਵਿਧਾਇਕਾਂ ਦੇ ਇਸ਼ਾਰੇ ’ਤੇ ਲੋਕਤੰਤਰ ਦਾ ਮਖੌਲ ਉਡਾਇਆ ਹੈ। ਉਹਨਾਂ ਕਿਹਾ ਕਿ ਅਜਿਹੇ ਅਫਸਰਾਂ ਖਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ।
ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਕਿ ਉਹ ਆਪਣੀਆਂ ਸੂਚੀਆਂ ਸੋਧੇ ਅਤੇ ਜਿਹੜੇ ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ, ਯਕੀਨੀ ਬਣਾਏ ਕਿ ਉਹਨਾਂ ਤੋਂ ਪੰਚਾਇਤ ਚੋਣਾਂ ਲੜਨ ਦਾ ਮੌਕਾ ਨਾ ਖੋਹਿਆ ਜਾਵੇ। ਇਸ ਸਬੰਧ ਵਿਚ ਇਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਕਿਉਂ-ਕ ਅਕਾਲੀ ਵਰਕਰਾਂ ਦੇ ਰੋਹ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਛੁੱਟੀ ਲੈ ਕੇ ਨਿਕਲ ਗਏ। ਪਾਰਟੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਜ਼ਮੀਨੀ ਪੱਧਰ ’ਤੇ ਲੋਕਤੰਤਰ ਦੇ ਕਤਲ ਵਿਰੁੱਧ 10 ਅਕਤੂਬਰ ਨੂੰ ਗਿੱਦੜਬਾਹਾ ਵਿਚ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਧਰਨੇ ਵਿਚ ਜਿਹੜੇ ਉਮੀਦਵਾਰਾਂ ਦੇ ਸਰਪੰਚੀ ਤੇ ਪੰਚੀ ਦੇ ਕਾਗਜ਼ ਰੱਦ ਹੋਏ ਹਨ, ਨੇ ਉਹਨਾਂ ਨੂੰ ਕਾਗਜ਼ ਵਿਖਾਏ। ਧਰਨੇ ਨੂੰ ਸੰਬੋਧਨ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਕਿ ਸੱਤਾਧਾਰੀ ਪਾਰਟੀ ਨੇ ਵਿਰੋਧੀ ਧਿਰ ਦੀ ਆਵਾਜ਼ ਕੁਚਲਣ ਦਾ ਫੈਸਲਾ ਕੀਤਾ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ 25 ਪਿੰਡਾਂ ਵਿਚੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਤੇ ਉਹ ਪਹਿਲਾਂ ਹੀ ਸੜਕਾਂ ’ਤੇ ਨਿਤਰੇ ਹੋਏ ਹਨ। ਉਹਨਾਂ ਕਿਹਾ ਕਿ ਆਪ ਲਈ ਇਹ ਮਹਿੰਗਾ ਸਾਬਤ ਹੋਵੇਗਾ ਅਤੇ ਨਤੀਜੇ ਵਜੋਂ ਉਹ ਗਿੱਦੜਬਾਹਾ ਤੇ ਹੋਰ ਆਉਂਦੀਆਂ ਜ਼ਿਮਨੀ ਚੋਣਾਂ ਹਾਰੇਗੀ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਵੀ ਹਾਰੇਗੀ।
ਸਰਦਾਰ ਬਾਦਲ ਨੇ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਹੱਥੋਂ ਪੀੜਤ ਬਣੇ ਉਮੀਦਵਾਰਾਂ ਨੂੰ ਭਰੋਸਾ ਦੁਆਇਆ ਕਿ ਅਸੀਂ ਤੁਹਾਡੇ ਕੇਸ ਸੂਬਾਈ ਚੋਣ ਕਮਿਸ਼ਨ ਕੋਲ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਚੁੱਕਾਂਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਅਹਿਮ ਪੜਾਅ ’ਤੇ ਪੰਜਾਬ ਆਗੂ ਵਿਹੂਣਾ ਹੈ। ਉਹਨਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਮੁੱਖ ਮੰਤਰੀ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਦਿੱਤਾ ਹੈ ਅਤੇ ਅਰਵਿੰਦ ਕੇਜਰੀਵਾਲ ਸੂਬੇ ਦੇ ਅਸਿੱਧੇ ਤੌਰ ’ਤੇ ਮੁੱਖ ਮੰਤਰੀ ਬਣ ਗਏ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਭਗਵੰਤ ਮਾਨ ਦੇ ਓ ਐਸ ਡੀ ਹਟਾ ਦਿੱਤੇ ਹਨ ਅਤੇ ਮੁੱਖ ਮੰਤਰੀ ਦਫਤਰ ਵਿਚ ਆਪਣਾ ਸਟਾਫ ਤਾਇਨਾਤ ਕਰ ਦਿੱਤਾ ਹੈ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਮੁੱਚੇ ਇਲਾਕੇ ਵਿਚ ਵਿਕਾਸ ਕਰਵਾਇਆ ਸੀ। ਉਹਨਾਂ ਕਿਹਾ ਕਿ ਬਾਦਲ ਸਾਹਿਬ ਦੇ ਆਉਦ ਤੋਂ ਪਹਿਲਾਂ ਤੁਸੀਂ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਚਾਲੇ ਸਫਰ ਨਹੀਂ ਕਰ ਸਕਦੇ ਸੀ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਨਾ ਸਿਰਫ ਇਲਾਕੇ ਵਿਚ ਸੜਕ ਨੈਟਵਰਕ ਵਿਚ ਸੁਧਾਰ ਕੀਤਾ ਬਲਕਿਖੇਤੀਬਾੜੀ ਵਿਚ ਕ੍ਰਾਂਤੀ ਲਿਆਂਦੀ ਅਤੇ ਕਿਸਾਨਾਂ ਨੂੰ ਮੁਫਤ ਬਿਜਲੀ ਪ੍ਰਦਾਨ ਕੀਤੀ ਤੇ ਆਟਾ ਦਾਲ, ਬੁਢਾਪਾ ਪੈਨਸ਼ਨ ਤੇ ਸ਼ਗਨ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਚਲਾਈਆਂ ਜਿਸ ਸਦਕਾ ਕਮਜ਼ੋਰ ਵਰਗ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਿਆ।
ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਜ਼ਿਮਨੀ ਚੋਣਾਂ ਵਿਚ ਅਕਾਲੀ ਦਲ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਨੇ ਤੁਹਾਡੇ ਨਾਲ ਧੋਖਾ ਕੀਤਾ ਜਦੋਂ ਕਿ ਅਕਾਲੀ ਦਲ ਨੇ ਹਮੇਸ਼ਾ ਆਪਣੇ ਬੋਲ ਪੁਗਾਏ ਤੇ ਰਿਕਾਰਡ ਵਿਕਾਸ ਕੀਤਾ ਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਸਕੀਮਾਂ ਚਲਾਈਆਂ।