Saturday, October 12, 2024
spot_img
spot_img

ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 11 ਅਕਤੂਬਰ, 2024

ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ ।

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈਕ ਮਜ਼ਬੂਤ ਨਾਕੇ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਅਤੇ ਸ਼ੱਕੀ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਸਪੈਸ਼ਲ ਡੀਜੀਪੀ ਨੇ ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਦਾ ਵੀ ਦੌਰਾ ਕੀਤਾ ਅਤੇ ਨਾਕਿਆਂ ’ਤੇ ਤਾਇਨਾਤ ਫੋਰਸ ਨਾਲ ਗੱਲਬਾਤ ਕੀਤੀ। ਬਾਅਦ ਵਿੱਚ ਉਨ੍ਹਾਂ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਸਵਪਨ ਸ਼ਰਮਾ ਦੀ ਮੌਜੂਦਗੀ ਵਿੱਚ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।

ਸਾਰੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਉਨ੍ਹਾਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਮੂਹ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਅਤੇ ਗਜ਼ਟਿਡ ਅਫਸਰਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਹਦਾਇਤ ਕੀਤੀ।

ਉਨ੍ਹਾਂ ਨੇ ਸੀ.ਪੀਸ਼./ਐਸ.ਐਸ.ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਡੀਜੀਪੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਉਹ ਸਟਰੀਟ ਕ੍ਰਾਈਮ ਨੂੰ ਰੋਕਣ ’ਤੇ ਧਿਆਨ ਕੇਂਦਰਿਤ ਕਰਨ ਅਤੇ ਨਸ਼ਾ ਵਿੱਕਰੀ ਵਾਲੀਆਂ ਥਾਵਾਂ ’ਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ।

ਉਨ੍ਹਾਂ ਨੇ ਫੀਲਡ ਅਫਸਰਾਂ ਨੂੰ ਕਿਹਾ ਕਿ ਉਹ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਨ ਵਾਲੇ ਅਪਰਾਧਾਂ ਖਾਸ ਤੌਰ ’ਤੇ ਫਿਰੌਤੀ ਕਾਲਾਂ, ਸਨੈਚਿੰਗ, ਚੋਰੀਆਂ ਅਤੇ ਲੁੱਟ-ਖੋਹ ਵਰਗੇ ਅਪਰਾਧਾਂ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰਨ। ਸੀਪੀਜ਼/ਐਸਐਸਪੀਜ਼ ਨੂੰ ਅਪਰਾਧ ਅਤੇ ਨਸ਼ਿਆਂ ਦੇ ਸਬੰਧਤ ਹੌਟਸਪੌਟਸ ਦੀ ਪਛਾਣ ਕਰਨ ਲਈ ਅਪਰਾਧ ਮੈਪਿੰਗ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਸੀਸੀਟੀਵੀ ਨਿਗਰਾਨੀ ਅਤੇ ਗਸ਼ਤ ਨੂੰ ਤੇਜ਼ ਕੀਤਾ ਜਾ ਸਕੇ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਵੀ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਦਾ ਹੈ ਤਾਂ ਤੁਰੰਤ ਪੁਲਿਸ ਨੂੰ 112 ਹੈਲਪਲਾਈਨ ਨੰਬਰ ’ਤੇ ਸੂਚਿਤ ਕਰਨ ਲਈ ਵੀ ਕਿਹਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ