ਯੈੱਸ ਪੰਜਾਬ
ਚੰਡੀਗੜ੍ਹ, 12 ਅਕਤੂਬਰ, 2024
ਪੰਜਾਬ ਦੀਆਂ ਕੁਝ ਕਿਸਾਨ ਜੱਥੇਬੰਦੀਆਂ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁੱਕਰਵਾਰ ਨੂੰ ਕੀਤੇ ਗਏ ਐਤਵਾਰ 13 ਅਕਤੂਬਰ ਦੇ 3 ਘੰਟੇ ਦੇੇ ਸੜਕੀ ਚੱਕਾ ਜਾਮ ਦੇ ਐਲਾਨ ਤੋਂ ਬਾਅਦ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਐਤਵਾਰ ਨੂੰ ਹੀ 3 ਘੰਟੇ ਲਈ ਰਾਜ ਭਰ ਵਿੱਚ ਰੇਲਾਂ ਰੋਕੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਨ੍ਹਾਂ ਐਲਾਨਾਂ ਤੋਂ ਸਪਸ਼ਟ ਹੈ ਕਿ ਐਤਵਾਰ 13 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤਕ ਰਾਜ ਅੰਦਰ ਕਿਸਾਨਾਂ ਦੀਆਂ ਕੁਝ ਜਥੇਬੰਦੀਆਂ ਵੱਲੋਂ ਪ੍ਰਮੁੱਖ ਕਿਸਾਨ ਆਗੂ ਸ:ਬਲਬੀਰ ਸਿੰਘ ਰਾਜੇਵਾਲ ਵੱਲੋਂ ਕੀਤੇ ਐਲਾਨ ਅਨੁਸਾਰ ਸੜਕਾਂ ਜਾਮ ਕੀਤੀਆਂ ਜਾਣਗੀਆਂ ਉੱਥੇ ਹੀ ਏਕਤਾ-ਉਗਰਾਹਾਂ ਜੱਥੇਬੰਦੀ ਉਨੇ ਹੀ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰੇਗੀ।
ਬੀਤੇ ਕਲ੍ਹ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂਸ: ਰਾਜੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਸੀ ਕਿ ਉਹ ਪਹਿਲਾਂ ਹੀ ਇਸ ਨਾਲ ਹੋਣ ਵਾਲੀ ਤੰਗੀ ਲਈ ਅਗਾਊਂ ਮੁਆਫ਼ੀ ਮੰਗਦੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਰਾਜ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ ਸੀ।
ਇਸੇ ਦੌਰਾਨ ਅੱਜ ਕਿਸਾਨ ਜਥੇਬੰਦੀ ਏਕਤਾ ਉਗਰਾਹਾਂ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਰੁਲ਼ ਰਹੇ ਝੋਨੇ ਦੀ ਪੂਰੀ ਐੱਮ ਐੱਸ ਪੀ ‘ਤੇ ਖਰੀਦ ਅਤੇ ਨਾਲੋ ਨਾਲ ਚੁਕਾਈ ਦੇ ਦਿਨੋਂ ਦਿਨ ਵਿਗੜ ਰਹੇ ਮਸਲੇ ਦੇਝੋਨੇ ਦੀ ਖਰੀਦ ਅਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਕੱਲ੍ਹ 13 ਅਕਤੂਬਰ ਨੂੰ ਪੰਜਾਬ ਭਰ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਂਝੇ ਬਿਆਨ ਰਾਹੀਂ ਮੰਗ ਕੀਤੀ ਹੈ ਕਿ ਕਿਸਾਨਾਂ ਦੀ ਇਸ ਹੱਕੀ ਮੰਗ ਨੂੰ ਤੁਰੰਤ ਪੂਰਾ ਕੀਤਾ ਜਾਵੇ।
ਉਨ੍ਹਾਂ ਦੋਸ਼ ਲਾਇਆ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸੰਸਾਰ ਬੈਂਕ ਦੀ ਖੁੱਲ੍ਹੀ ਮੰਡੀ ਦੀ ਨੀਤੀ ਵੱਲ ਅੱਗੇ ਵਧਣ ਲਈ ਹੀ ਕਿਸਾਨਾਂ ਦੀ ਲਹੂ ਪਸੀਨੇ ਦੀ ਕਮਾਈ ਪੈਰਾਂ ਹੇਠ ਰੋਲ਼ੀ ਜਾ ਰਹੀ ਹੈ। ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਦੀ ਗੰਭੀਰ ਬਣ ਚੁੱਕੀ ਸਮੱਸਿਆ ਦੇ ਹੱਲ ਲਈ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਦੋਨਾਂ ਸਰਕਾਰਾਂ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਕਿਸਾਨ ਮੰਡੀਆਂ ਵਿੱਚ ਖਾਹਮਖਾਹ ਰੋਲ਼ੇ ਜਾ ਰਹੇ ਹਨ ਅਤੇ ਅਗਲੀ ਫ਼ਸਲ ਦੀ ਬਿਜਾਈ ਵਿੱਚ ਪਛੇਤ ਪਾਈ ਜਾ ਰਹੀ ਹੈ।
ਕਿਸਾਨ ਆਗੂਆਂ ਵੱਲੋਂ ਪੰਜਾਬ ਦੇ ਸਮੂਹ ਝੋਨਾ ਉਤਪਾਦਕ ਕਿਸਾਨਾਂ ਅਤੇ ਇਨਸਾਫਪਸੰਦ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਰਕਾਰਾਂ ਦੀ ਇਸ ਕਿਸਾਨ ਵਿਰੋਧੀ ਨੀਤੀ ਨੂੰ ਪਛਾੜਨ ਲਈ ਭਲਕੇ 12 ਵਜੇ ਮਿਥੀਆਂ ਗਈਆਂ ਥਾਂਵਾਂ ਉੱਤੇ ਰੇਲਵੇ ਲਾਈਨਾਂ ‘ਤੇ ਹੁੰਮਹੁਮਾ ਕੇ ਪਹੁੰਚਿਆ ਜਾਵੇ।
ਉਨ੍ਹਾਂ ਨੇ ਸਰਕਾਰਾਂ ਨੂੰ ਚਿਤਾਵਨੀ ਵੀ ਦਿੱਤੀ ਹੈ ਕਿ ਕਿਸਾਨਾਂ ਦੀ ਇਸ ਬਿਲਕੁਲ ਹੱਕੀ ਮੰਗ ਨੂੰ ਤੁਰੰਤ ਪੂਰਾ ਕਰਨ ਵਿੱਚ ਢਿੱਲਮੱਠ ਕਰਨ ਦੀ ਹਾਲਤ ਵਿੱਚ ਹੋਰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।