ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਚਾਇਤੀ ਚੋਣਾਂ ‘ਤੇ ਲਗਾਈ ਰੋਕ ਹਟਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਲੋਕਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸੁਤੰਤਰਤਾ ਅਤੇ ਨਿਰਪੱਖਤਾ ਨਾਲ ਕਰਨ ਦੀ ਅਪੀਲ ਕੀਤੀ।
ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਸ ਫੈਸਲੇ ਨਾਲ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਅਕਤੂਬਰ ਨੂੰ ਸੂਬੇ ਭਰ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ।
ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਬਿਨਾਂ ਕਿਸੇ ਭੈਅ ਦੇ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੋਟਾਂ ਦੌਰਾਨ ਪਿੰਡਾਂ ਵਿੱਚ ਆਪਸੀ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਲੋਕਾਂ ਨੂੰ ਪਿੰਡਾਂ ਵਿੱਚ ਯੋਗ ਨੁਮਾਇੰਦੇ ਚੁਣਨ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਨੇ ਚੋਣਾਂ ਵਿੱਚ ਭਾਗ ਲੈਣ ਵਾਲੇ ਸਾਰੇ ਉਮੀਦਵਾਰਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਸ ਪ੍ਰਗਟਾਉਂਦੇ ਹਾਂ ਕਿ ਜਿੱਤ ਉਪਰੰਤ ਉਹ ਆਪਣੇ-ਆਪਣੇ ਪਿੰਡਾਂ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣਗੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਇਹ ਚੋਣਾਂ ਕਰਵਾਉਣ ਲਈ ਵਚਨਬੱਧ ਹੈ।