ਯੈੱਸ ਪੰਜਾਬ
ਚੰਡੀਗੜ੍ਹ, 20 ਅਕਤੂਬਰ, 2024:
‘ਆਮ ਆਦਮੀ ਪਾਰਟੀ’ ਨੇ ਪੰਜਾਬ ਵਿੱਚ 13 ਨਵੰਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਲਈ ਚਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਗਿੱਦੜਬਾਹਾ ਤੋਂ ਪਾਰਟੀ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਮੈਦਾਨ ਵਿੱਚ ਉਤਾਰਿਆ, ਜੋ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ। ਢਿੱਲੋਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਸੀ।
ਬਰਨਾਲਾ ਅਤੇ ਡੇਰਾ ਬਾਬਾ ਨਾਨਕ ਤੋਂ ਕ੍ਰਮਵਾਰ ਹਰਿੰਦਰ ਸਿੰਘ ਧਾਲੀਵਾਲ ਅਤੇ ਗੁਰਦੀਪ ਸਿੰਘ ਰੰਧਾਵਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਧਾਲੀਵਾਲ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਵਿਸ਼ਵਾਸਪਾਤਰ ਹਨ, ਜਦਕਿ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਪਾਰਟੀ ਦੇ ਹਲਕਾ ਇੰਚਾਰਜ ਹਨ।
ਚਬੇਵਾਲ ਸੀਟ ਤੋਂ ਪਾਰਟੀ ਨੇ ਈਸ਼ਾਨ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਹੈ।
ਜਿਨ੍ਹਾਂ ਚਾਰ ਸੀਟਾਂ ’ਤੇ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਉਨ੍ਹਾਂ ਵਿੱਚੋਂ ਤਿੰਨ ਕਾਂਗਰਸ ਕੋਲ ਸਨ ਜਦਕਿ ਇੱਕ ਸੀਟ ’ਤੇ ‘ਆਮ ਆਦਮੀ ਪਾਰਟੀ’ ਨੁਮਾਇੰਦਗੀ ਕਰ ਰਹੀ ਸੀ। ਇਹਨਾਂ ਹਲਕਿਆਂ ਦੇ ਵਿਧਾਇਕਾਂ ਦੇ ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿੱਚ ਜੇਤੂ ਰਹਿਣ ਉਪਰੰਤ ਉਨ੍ਹਾਂ ਵੱਲੋਂ ਅਸਤੀਫ਼ੇ ਦੇਣ ਮਗਰੋਂ ਇਹ ਸੀਟਾਂ ਖ਼ਾਲੀ ਹੋ ਗਈਆਂ ਸਨ।
ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਸੰਸਦੀ ਸੀਟ ਤੋਂ ਚੁਣੇ ਗਏ ਸਨ, ਜਦਕਿ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ, ਜਿਨ੍ਹਾਂ ਨੇ ਬਾਅਦ ਵਿੱਚ ‘ਆਪ’ ਨਾਲ ਵਫ਼ਾਦਾਰੀ ਬਦਲੀ ਸੀ, ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ।
ਡੇਰਾ ਬਾਬਾ ਨਾਨਕ ਸੀਟ ਤੋਂ ਕਾਂਗਰਸ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੁਣੇ ਗਏ ਹਨ, ਜਦਕਿ ਬਰਨਾਲਾ ਤੋਂ ÒਆਪÓ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ।
ਭਾਰਤੀ ਚੋਣ ਕਮਿਸ਼ਨ ਨੇ 15 ਅਕਤੂਬਰ ਨੂੰ ਐਲਾਨ ਕੀਤਾ ਸੀ ਕਿ ਚਾਰ ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਉਪ ਚੋਣਾਂ ਕਰਵਾਈਆਂ ਜਾਣਗੀਆਂ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25 ਅਕਤੂਬਰ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 30 ਅਕਤੂਬਰ ਹੈ।
ਸਿਬਿਨ ਸੀ. ਨੇ ਕਿਹਾ ਕਿ ਵੋਟਿੰਗ 13 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।
ਉਨ੍ਹਾਂ ਦੱਸਿਆ ਕਿ ਚਾਰ ਹਲਕਿਆਂ ਵਿੱਚ ਕੁੱਲ 831 ਪੋਲਿੰਗ ਸਟੇਸ਼ਨਾਂ ਦੇ ਨਾਲ ਕੁੱਲ ਵੋਟਰਾਂ ਦੀ ਗਿਣਤੀ 6,96,316 ਹੈ।
ਡੇਰਾ ਬਾਬਾ ਨਾਨਕ ਲਈ 1,93,268 ਵੋਟਰ ਅਤੇ 241 ਪੋਲਿੰਗ ਸਟੇਸ਼ਨ ਹਨ। ਚੱਬੇਵਾਲ ਵਿੱਚ 205 ਪੋਲਿੰਗ ਸਟੇਸ਼ਨਾਂ ਦੇ ਨਾਲ ਵੋਟਰਾਂ ਦੀ ਗਿਣਤੀ 1,59,254 ਹੈ।
ਗਿੱਦੜਬਾਹਾ ਲਈ ਕੁੱਲ ਵੋਟਰਾਂ ਦੀ ਗਿਣਤੀ 1,66,489 ਹੈ ਅਤੇ 173 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਬਰਨਾਲਾ ਵਿਧਾਨ ਸਭਾ ਸੀਟ Óਤੇ 1,77,305 ਵੋਟਰ ਅਤੇ 212 ਪੋਲਿੰਗ ਸਟੇਸ਼ਨ ਹਨ।