ਯੈੱਸ ਪੰਜਾਬ
ਚੰਡੀਗੜ੍ਹ, 26 ਅਕਤੂਬਰ, 2024
ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ ਅਤੇ ਇਸੇ ਲੜੀ ਤਹਿਤ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ, ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰਿਤਪਾਲ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ, ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ‘ਚ ਸਮਰਥਕਾਂ ਸਮੇਤ ਭਾਜਪਾ ‘ਚ ਸ਼ਾਮਲ ਹੋਏ।
ਪ੍ਰਿਤਪਾਲ ਸ਼ਰਮਾ ਦੇ ਨਾਲ ਭਾਜਪਾ ‘ਚ ਸ਼ਾਮਿਲ ਹੋਏ ਗਿੱਦੜਬਾਹਾ ਦੇ ਪ੍ਰਮੁੱਖ ‘ਆਪ’ ਆਗੂਆਂ ‘ਚ ਬਲਾਕ ਪ੍ਰਧਾਨ ਮਨਿੰਦਰਜੀਤ ਸਿੰਘ, ਐੱਸ.ਸੀ ਵਿੰਗ ਦੇ ਇੰਚਾਰਜ ਹਰਜਿੰਦਰ ਸਿੰਘ, ਮੀਡੀਆ ਇੰਚਾਰਜ ਅੰਮ੍ਰਿਤਪਾਲ ਸਿੰਘ, ਬਲਾਕ ਪ੍ਰਧਾਨ ਹਰਚਰਨ ਸਿੰਘ ਡੋਡਾ, ਸਾਬਕਾ ਸਰਪੰਚ ਐਡਵੋਕੇਟ ਧਰਮਪਾਲ ਧਰਮੀ, ਰਾਮ ਲਾਲ ਸ਼ਰਮਾ, ਡਾ. ਕੇਵਲ ਕ੍ਰਿਸ਼ਨ ਸ਼ਰਮਾ ਅਤੇ ‘ਆਪ’ ਯੂਥ ਵਿੰਗ ਮੁਕਤਸਰ ਦੇ ਜ਼ਿਲ੍ਹਾ ਸਕੱਤਰ ਸਰਬਜੀਤ ਸ਼ਰਮਾ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਾਜਪਾ ਵਿਚ ਹੋਰਨਾਂ ਪਾਰਟੀਆਂ ਦੇ ਆਗੂਆਂ ਦਾ ਲਗਾਤਾਰ ਸ਼ਾਮਲ ਹੋਣਾ ਪੰਜਾਬ ਵਿਚ ਭਾਜਪਾ ਦੇ ਹੱਕ ਵਿਚ ਸਪੱਸ਼ਟ ਰੁਝਾਨ ਨੂੰ ਉਜਾਗਰ ਕਰਦਾ ਹੈ।