ਯੈੱਸ ਪੰਜਾਬ
ਅੰਮ੍ਰਿਤਸਰ, 15 ਜੁਲਾਈ, 2024
ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਲੜਾਈ ਲੜ ਰਹੇ ਬਾਗੀ ਧੜੇ ਵੱਲੋਂ ਲਗਾਏ ਗਏ ਦੋਸ਼ਾਂ ਦੇ ਮੱਦੇਨਜ਼ਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਾਰਟੀ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੂੰ ਤਲਬ ਕਰ ਲਿਆ ਹੈ।
ਪੰਜ ਸਿੰਘ ਸਾਹਿਬਾਨ ਦੀ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਬਿਆਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿੰਘ ਬਾਦਲ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ।
ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖ਼ਤੀ ਰੂਪ ਵਿੱਚ ਦੇਣਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਰੁਪਏ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਗਏ ਦੋਸ਼ਾਂ ਸੰਬੰਧੀ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।