ਯੈੱਸ ਪੰਜਾਬ
ਅੰਮ੍ਰਿਤਸਰ, 25 ਨਵੰਬਰ, 2024
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖ਼ਬੀਰ ਸਿੰਘ ਬਾਦਲ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖ਼ੇ ਤਲਬ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਵਜ਼ਾਰਤ ਵਿੱਚ ਰਹੇ ਮੰਤਰੀਆਂ, ਉਸ ਸਮੇਂ ਦੇ ਅਕਾਲੀ ਦਲ ਦੇ ਕਾਰਜਕਾਰਣੀ ਮੈਂਬਰਾਂ ਅਤੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੂੰ ਵੀ ਤਲਬ ਕੀਤਾ ਗਿਆ ਹੈ।
ਇਹ ਪਹਿਲੀ ਵਾਰ ਹੈ ਕਿ ਅਕਾਲ ਤਖ਼ਤ ਵੱਲੋਂ ਤਖ਼ਤਾਂ ਦੇ ਤਿੰਨ ਸਾਬਕਾ ਜਥੇਦਾਰਾਂ ਨੂੰ ਵੀ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਨ੍ਹਾਂ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੱਘ, ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ਼ ਸਿੰਘ ਅਤੇ ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਸ਼ਾਮਲ ਹਨ।
ਇਨ੍ਹਾਂ ਤਿੰਨਾਂ ਜਥੇਦਾਰਾਂ ਤੋਂ ਸਪਸ਼ਟੀਕਰਨ ਇਸ ਲਈ ਮੰਗਿਆ ਗਿਆ ਹੈ ਕਿਉਂਕ ਇਹਨਾਂ ਤਿੰਨਾਂ ਬਾਰੇ ਖ਼ਬਰ ਇਹ ਰਹੀ ਹੈ ਕਿ ਇਹਨਾਂ ਨੂੰ ਹੀ ਤਤਕਾਲੀ ਅਤੇ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਰਕਾਰੀ ਨਿਵਾਸ ਵਿਖੇ ਸੱਦ ਕੇ ਡੇਰਾ ਸਿਰਸਾ ਦੇ ਮੁਖ਼ੀ ਰਾਮ ਰਹੀਮ ਨੂੰ ਮੁਆਫ਼ੀ ਦੁਆਈ ਗਈ ਸੀ।
ਜਿਨ੍ਹਾਂ ਨੂੰ ਸੱਦਿਆ ਗਿਆ ਹੈ ਉਨ੍ਹਾਂ ਵਿੱਚ 2007 ਤੋਂ 2017 ਵਿਚਾਲੇ ਮੰਤਰੀ ਰਹੇ ਅਕਾਲੀ ਆਗੂ ਹਨ। ਇਨ੍ਹਾਂ ਵਿੱਚ ਬਿਕਰਮਜੀਤ ਸਿੰਘ ਮਜੀਠੀਆ, ਡਾ: ਦਲਜੀਤ ਸਿੰਘ ਚੀਮਾ, ਪਰਮਿੰਦਰ ਸਿੰਘ ਢੀਂਡਸਾ, ਬੀਬੀ ਜਗੀਰ ਕੌਰ, ਸ਼ਰਨਜੀਤ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਰੱਖੜਾ, ਜਨਮੇਜਾ ਸਿੰਘ ਸੇਖੋਂ, ਸੋਹਣ ਸਿੰਘ ਠੰਡਲ, ਸੁੱਚਾ ਸਿੰਘ ਲੰਗਾਹ, ਗੁਲਜ਼ਾ ਸਿੰਘ ਰਣੀਕੇ ਅਤੇ ਸਰਵਣ ਸਿੰਘ ਫ਼ਿਲੌਰ ਆਦਿ ਸ਼ਾਮਲ ਹਨ।
ਇਸ ਤੋਂ ਇਲਾਵਾ 2015 ਦੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਵੀ ਸ਼ਾਮਲ ਹਨ।
ਅਜੇ ਇਹ ਸਪਸ਼ਟ ਨਹੀਂ ਹੈ ਕਿ ਕੀ 2 ਦਸੰਬਰ ਨੂੰ ਅਜੇ ਸੁਣਵਾਈ ਹੀ ਹੋਵੇਗੀ ਜਾਂ ਫ਼ਿਰ 2 ਦਸੰਬਰ ਨੂੰ ਹੀ ਜਥੇਦਾਰ ਸਾਹਿਬਾਨ ਵੱਲੋਂ ਸੁਖ਼ਬੀਰ ਬਾਦਲ ਨੂੰ ਸਜ਼ਾ ਸੁਣਾ ਦਿੱਤੀ ਜਾਵੇਗੀ।