ਯੈੱਸ ਪੰਜਾਬ
ਚੰਡੀਗੜ੍ਹ / ਸੰਗਰੂਰ, 7 ਅਪ੍ਰੈਲ, 2025
ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠਲੀ Punjab ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਵੋਤਮ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਦੇਣ ਦੀ ਵਚਨਬੱਧਤਾ ਤਹਿਤ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ Aman Arora ਨੇ ਅੱਜ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ 6 ਸਰਕਾਰੀ ਸਕੂਲਾਂ ਵਿੱਚ 2.51 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਕੀਤਾ।
ਕੈਬਨਿਟ ਮੰਤਰੀ Aman Arora ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਹੋਰ ਬਿਹਤਰੀਨ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਕੀਤਾ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਹਰ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਇਹਨਾਂ ਦੋਵੇਂ ਖੇਤਰਾਂ, ਸਿੱਖਿਆ ਅਤੇ ਸਿਹਤ ਨੂੰ, ਪੂਰੀ ਤਰ੍ਹਾਂ ਅਣਗੋਲੀ ਰੱਖਿਆ ਪਰ ਮਾਨ ਸਰਕਾਰ ਨੇ ਇਹਨਾਂ ਦੋਵੇਂ ਹੀ ਖੇਤਰਾਂ ਨੂੰ ਵਿਕਾਸ ਦਾ ਮੁੱਖ ਧੁਰਾ ਬਣਾਇਆ ਅਤੇ ਇਹੀ ਕਾਰਨ ਹੈ ਕਿ ਪੰਜਾਬ ਦੇ ਸਰਕਾਰੀ ਸਕੂਲ ਅੱਜ ਸਿੱਖਿਆ ਪ੍ਰਣਾਲੀ ਅਤੇ ਸੁਵਿਧਾਵਾਂ ਦੇ ਪੱਧਰ ਤੇ ਪ੍ਰਾਈਵੇਟ ਸਕੂਲਾਂ ਨੂੰ ਪਿੱਛੇ ਛੱਡ ਰਹੇ ਹਨ।
ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 9000 ਤੋਂ ਵਧੇਰੇ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਹੈ ਅਤੇ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਨਾਲ ਇੱਕ ਨਵੇਂ ਪੰਜਾਬ ਦੀ ਸਿਰਜਣਾ ਕੀਤੀ ਜਾ ਰਹੀ ਹੈ ਜਿੱਥੇ ਪੜ੍ਹਾਈ ਲਈ ਉਸਾਰੂ ਮਾਹੌਲ, ਅਤਿ ਆਧੁਨਿਕ ਸਿੱਖਿਆ ਪ੍ਰਣਾਲੀ, ਸਕੂਲੀ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ, ਵਾਈ ਫਾਈ ਸੁਵਿਧਾ, ਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀ, ਸਕਿਉਰਟੀ ਗਾਰਡ, ਨਵੇਂ ਕਲਾਸ ਰੂਮਾਂ ਦੀ ਉਸਾਰੀ, ਵਿਦਿਆਰਥੀਆਂ ਲਈ ਸਾਫ ਸੁਥਰੇ ਟੋਆਇਲਟ, ਖੇਡ ਮੈਦਾਨ, ਪੀਣ ਵਾਲਾ ਸਾਫ ਪਾਣੀ, ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੇ ਸਰਵੋਤਮ ਵਿਦਿਅਕ ਮਾਹੌਲ ਸਦਕਾ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇਈਈ ਦੀ ਪ੍ਰੀਖਿਆ ਪਾਸ ਕਰਕੇ ਨਾਮਣਾ ਖੱਟਿਆ ਹੈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਦਾ ਹੋਣਹਾਰ ਵਿਦਿਆਰਥੀ ਰੌਸ਼ਨ ਕੁਮਾਰ ਵੀ ਸ਼ਾਮਿਲ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਡਰੁੱਖਾਂ ਵਿਖੇ 1.98 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵਿਕਾਸ ਪ੍ਰੋਜੈਕਟਾਂ ਜਿਵੇਂ ਸਾਇੰਸ ਲੈਬ, ਲਾਈਬਰੇਰੀ, ਫਿਜਿਕਸ ਲੈਬ, ਬਾਇਓ ਲੈਬ, ਕੰਪਿਊਟਰ ਲੈਬ, ਰਿਸੋਰਸ ਰੂਮ ਦੀ ਸ਼ੁਰੂਆਤ ਕਰਵਾਈ।
ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਤਕੀਪੁਰ ਵਿਖੇ 9.55 ਲੱਖ ਨਾਲ ਬਣਨ ਵਾਲੇ ਨਵੇਂ ਕਲਾਸ ਰੂਮ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ 9.55 ਲੱਖ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਲਾਸ ਰੂਮ ਦੇ ਨੀਹ ਪੱਥਰ ਰੱਖੇ। ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਾਹੋਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਢੱਡਰੀਆਂ ਵਿਖੇ 9.55 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਕਮਰੇ ਦਾ ਨੀਹ ਪੱਥਰ ਰੱਖਿਆ।
ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਤੋਗਾਵਾਲ ਵਿਖੇ 9.55 ਲੱਖ ਨਾਲ ਤਿਆਰ ਹੋਣ ਵਾਲੇ ਕਮਰੇ ਦਾ ਨੀਂਹ ਪੱਥਰ ਰੱਖਣ ਦੇ ਨਾਲ ਨਾਲ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਵੀ ਕੀਤਾ।
ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਆਰੰਭੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਦੇ ਉਦੇਸ਼ਾਂ ਨੂੰ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਹਰ ਪੱਖੋਂ ਮੋਹਰੀ ਸਾਬਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਕਿਉਕਿ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵਡਮੁੱਲਾ ਯੋਗਦਾਨ ਪਾ ਸਕਦੀ ਹੈ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਇੰਚਾਰਜਾਂ, ਪ੍ਰਬੰਧਕੀ ਕਮੇਟੀਆਂ ਅਤੇ ਗ੍ਰਾਮ ਪੰਚਾਇਤਾਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਸਨਮਾਨਿਤ ਵੀ ਕੀਤਾ ਗਿਆ।