ਯੈੱਸ ਪੰਜਾਬ
ਨਵੀਂ ਦਿੱਲੀ, 6 ਜਨਵਰੀ, 2025
ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ Amit Shah ਅੱਜ ਸਾਹਿਬ ਏ ਕਮਾਲ ਸ੍ਰੀ Guru Gobind Singh Sahib ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ’ਤੇ ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਮੌਕੇ Delhi ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਕਮੇਟੀ ਦੇ ਹੋਰ ਅਹੁਦੇਦਾਰਾਂ ਨੇ ਸ੍ਰੀ ਅਮਿਤ ਸ਼ਾਹ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰ ਕੇ ਉਹਨਾਂ ਦਾ ਸਨਮਾਨ ਕੀਤਾ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਮੁੱਚੇ ਜਗਤ ਵਿਚ ਅੱਜ ਸਿੱਖ ਸੰਗਤਾਂ ਸਰਬੰਸ ਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾ ਰਹੀਆਂ ਹਨ।
ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਵੀ ਇਹ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਤੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਹੋ ਰਹੇ ਹਨ ਤੇ ਮੁੱਖ ਸਮਾਗਮ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਹੋ ਰਿਹਾ ਹੈ।
ਉਹਨਾਂ ਕਿਹਾ ਕਿ ਸੰਗਤਾਂ ਲਈ ਖੁਸ਼ੀ ਦੀ ਗੱਲ ਹੈ ਕਿ ਸੰਗਤਾਂ ਦੇ ਨਾਲ ਨਾਲ ਅੱਜ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੀ ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ ਸਾਹਿਬ ਨਤਮਸਤਕ ਹੋਏ ਹਨ।
ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਐਨ ਡੀ ਏ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਵਾਸਤੇ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਹੋਇਆ ਜਿਸਦੀ ਬਦੌਲਤ ਸੱਜਣ ਕੁਮਾਰ ਤੇ ਹੋਰ ਦੋਸ਼ੀ ਅੱਜ ਸਲਾਖਾਂ ਪਿੱਛੇ ਹਨ ਤੇ ਜਗਦੀਸ਼ ਟਾਈਟਲਰ ਤੇ ਕਮਲਨਾਥ ਸਮੇਤ ਹੋਰ ਦੋਸ਼ੀਆਂ ਖਿਲਾਫ ਕੇਸ ਚਲ ਰਹੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਕਦੇ ਵੀ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਉਹਨਾਂ ਦੀ ਬਾਂਹ ਨਹੀਂ ਫੜੀ ਸੀ ਤੇ ਐਨ ਡੀ ਏ ਸਰਕਾਰ ਨੇ ਹੀ ਇਹਨਾਂ ਕਤਲੇਆਮ ਕੇਸਾਂ ਦੀ ਨਵੇਂ ਸਿਰੇ ਤੋਂ ਜਾਂਚ ਕਰਵਾਈ ਤੇ ਹੁਣ ਦੋਸ਼ੀ ਸਲਾਖਾਂ ਪਿੱਛੇ ਹਨ। ਉਹਨਾਂ ਆਸ ਪ੍ਰਗਟ ਕੀਤੀ ਕਿ ਬਾਕੀ ਦੋਸ਼ੀ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।
ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਮੰਗ ਕੀਤੀ ਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ। ਦੋਵਾਂ ਆਗੂਆਂ ਨੇ ਕਿਹਾ ਕਿ ਦੇਸ਼ ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਰੋਜ਼ਾਨਾ ਦਿੱਲੀ ਪਹੁੰਚਦੀਆਂ ਹਨ।
ਉਹਨਾਂ ਕਿਹਾ ਕਿ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕਰਵਾਉਣ ਵਾਲੀ ਇੰਦਰਾ ਗਾਂਧੀ ਦੇ ਨਾਂ ਦੀ ਥਾਂ ਇਸ ਹਵਾਈ ਅੱਡੇ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਹੋਣਾ ਚਾਹੀਦਾ ਹੈ ਜਿਹਨਾਂ ਨੇ ਦੇਸ਼ ਵਾਸਤੇ ਕੁਰਬਾਨੀ ਦਿੱਤੀ। ਉਹਨਾਂ ਇਹ ਵੀ ਸੁਝਾਅ ਦਿੱਤਾ ਕਿ ਨੋਇਡਾ ਵਿਚ ਨਵੇਂ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਵੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾ ਸਕਦਾ ਹੈ।
ਉਹਨਾਂ ਇਹ ਵੀ ਮੰਗ ਕੀਤੀ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਛੇਤੀ ਫੈਸਲਾ ਲਵੇ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਦਿੱਲੀ ਵਿਚ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇ।
ਸਮਾਗਮ ਵਿਚ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਮਾਜਿਕ ਸ਼ਖਸੀਅਤਾਂ ਹਾਜ਼ਰ ਸਨ।