ਯੈੱਸ ਪੰਜਾਬ
ਚੰਡੀਗੜ੍ਹ, 29 ਅਗਸਤ, 2024:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਸੀਨੀਅਰ ਪਾਰਟੀ ਆਗੂ ਸ: ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਅੱਜ ਇੱਕ ਟਵੀਟ ਰਾਹੀਂ ਪਾਰਟੀ ਦੇ ਇੱਕ ਹੋਰ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸਾਂਝੀ ਕੀਤੀ।
ਜ਼ਿਕਰਯੋਗ ਹੈ ਕਿ ਸ: ਬਲਵਿੰਦਰ ਸਿੰਘ ਭੂੰਦੜ ਪਹਿਲਾਂ ਸਾਬਕਾ ਮੁੱਖ ਮੰਤਰੀ ਮਰਹੂਮ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਤੇ ਹੁਣ ਸ: ਸੁਖ਼ਬੀਰ ਸਿੰਘ ਬਾਦਲ ਦੇ ਨਜ਼ਦੀਕੀ ਸਾਥੀਆਂ ਵਿੱਚ ਸ਼ਾਮਲ ਹਨ।
ਇਹ ਪਹਿਲੀ ਵਾਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ ਵਿੱਚ ਕਦੇ ਕਿਸੇ ਨੂੰ ਕਾਰਜਕਾਰੀ ਪ੍ਰਧਾਨ ਨਹੀਂ ਥਾਪਿਆ ਗਿਆ ਹਾਲਾਂਕਿ ਕਈ ਆਗੂਆਂ ਨੂੰ ਸਮੇਂ ਸਮੇਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਹ ਐਲਾਨ 30 ਅਗਸਤ ਤੋਂ ਇੱਕ ਦਿਨ ਪਹਿਲਾਂ ਆਉਣ ਦੇ ਖ਼ਾਸ ਮਤਲਬ ਕੱਢੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸ: ਸੁਖ਼ਬੀਰ ਸਿੰਘ ਬਾਦਲ ਦੇ ਖਿਲਾਫ਼ ਬਾਗੀ ਅਕਾਲੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤੀ ਗਈ ਸ਼ਿਕਾਇਤ ਦੇ ਸੰਬੰਧ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਣੀ ਹੈ।
ਅਜੇ ਇਹ ਸਪਸ਼ਟ ਨਹੀਂ ਹੈ ਕਿ ਕੀ ਸ: ਸੁਖ਼ਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਅਤੇ ਸ: ਬਲਵਿੰਦਰ ਸਿੰਘ ਭੂੰਦੜ ਦੀ ਕਾਰਜਕਾਰੀ ਪ੍ਰਧਾਨਗੀ ਸਮਾਂਨਾਂਤਰ ਰੂਪ ਵਿੱਚ ਚੱਲਣਗੇ ਜਾਂ ਫ਼ਿਰ ਸ: ਸੁਖ਼ਬੀਰ ਸਿੰਘ ਬਾਦਲ ਪ੍ਰਧਾਨਗੀ ਤੋਂ ਲਾਂਭੇ ਹੋਣਗੇ ਅਤੇ ਪਾਰਟੀ ਦਾ ਕੰਮ ਕਾਰਜਕਾਰੀ ਪ੍ਰਧਾਨ ਰਾਹੀਂ ਚਲਾਇਆ ਜਾਵੇਗਾ।