ਯੈੱਸ ਪੰਜਾਬ
ਨਵੀਂ ਦਿੱਲੀ, 25 ਅਗਸਤ, 2024
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਫਿਲਮੀ ਅਦਾਕਾਰਾ ਕੰਗਣਾ ਰਣੌਤ ਦੀ ਫਿਲਮ ’ਐਮਰਜੰਸੀ’ ਦੇ ਟਰੇਲਰ ਵਿਚ ਸਿੱਖਾਂ ਬਾਰੇ ਗੁੰਮਰਾਹਕੁੰਨ ਤੇ ਝੂਠੇ ਪ੍ਰਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਫਿਲਮ ’ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੰਗਣਾ ਰਣੌਤ ਦੀ ਫਿਲਮ ਐਮਰਜੰਸੀ ਦੇ ਰਿਲੀਜ਼ ਕੀਤੇ ਟਰੇਲਰ ਵਿਚ ਸਿੱਖਾਂ ਬਾਰੇ ਗੁੰਮਰਾਹਕੁੰਨ ਤੇ ਝੂਠਾ ਪ੍ਰਚਾਰ ਕੀਤਾ ਗਿਆ ਹੈ ਤੇ ਉਹਨਾਂ ਨੂੰ ਖਤਰਨਾਕ ਕਰਾਰ ਦਿੱਤਾ ਗਿਆ ਹੈ ਤੇ ਇਸ ਤਰੀਕੇ ਸਿੱਖ ਕੌਮ ਖਿਲਾਫ ਨਫਰਤ ਫੈਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਯਤਨ ਹੈ ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੇ ਕਦੇ ਵੀ ਖਾਲਿਸਤਾਨ ਦੀ ਮੰਗ ਨਹੀਂ ਕੀਤੀ। ਉਹਨਾਂ ਕਿਹਾ ਕਿ ਸਿੱਖ ਇਕ ਬਹਾਦਰ ਤੇ ਦੇਸ਼ ਭਗਤ ਕੌਮ ਹੈ ਜੋ ਸਿਰਫ ਭਾਰਤ ਹੀ ਨਹੀਂ ਬਲਕਿ ਦੁਨੀਆਂ ਭਰ ਵਿਚ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਪੰਜਾਬੀ ਨੌਜਵਾਨ ਸਾਡੀਆਂ ਸਰਹੱਦਾਂ ’ਤੇ ਡੱਟ ਕੇ ਦੇਸ਼ ਦੀ ਦੁਸ਼ਮਣਾ ਤੋਂ ਰਾਖੀ ਕਰ ਰਹੇ ਹਨ। ਉਹਨਾਂ ਕਿਹਾ ਕਿ ਸਿੱਖਾਂ ਦੀ ਕਿਰਦਾਰਕੁਸ਼ੀ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਜੇਕਰ ਤੁਸੀਂ ਐਮਰਜੰਸੀ ਬਾਰੇ ਕੁਝ ਵਿਖਾਉਣਾ ਚਾਹੁੰਦੇ ਹੋ ਤਾਂ ਜਿਵੇਂ ਮਰਜ਼ੀ ਵਿਖਾਓ ਪਰ ਅਸੀਂ ਸਿੱਖਾਂ ਨੂੰ ਵੱਖਵਾਦੀ ਵਿਖਾਉਣ ਤੇ ਹਿੰਸਾ ’ਤੇ ਚੱਲਣ ਵਾਲੇ ਵਿਖਾਉਣਾ ਬਰਦਾਸ਼ਤ ਨਹੀਂ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਾਂਗੇ ਤੇ ਇਸਦੀ ਡੱਟ ਕੇ ਪੈਰਵੀ ਕਰਾਂਗੇ।
ਉਹਨਾਂ ਨੇ ਸੈਂਸਰ ਬੋਰਡ ਨੂੰ ਅਪੀਲ ਕੀਤੀ ਕਿ ਫਿਲਮ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ ਜਾਂ ਫਿਰ ਫਿਲਮ ਵਿਚੋਂ ਮਾੜੇ ਸੀਨ ਹਟਾਏ ਜਾਣ ਤਾਂ ਜੋ ਵੰਡ ਪਾਊ ਪ੍ਰਾਪੇਗੰਡਾ ਨਾ ਫੈਲੇ।