ਦਲਜੀਤ ਕੌਰ
ਬਰਨਾਲਾ, 19 ਨਵੰਬਰ 2024
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਧਨੇਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਦੀ ਅਗਵਾਈ ਵਿੱਚ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਦੀਆਂ ਮਾਲਕੀ ਵਾਲੀਆਂ ਜ਼ਮੀਨਾਂ ਖੋਹਣ ਦੀਆਂ ਕੋਸ਼ਿਸ਼ਾਂ ਖਿਲਾਫ ਰੋਕ ਭਰਪੂਰ ਮਾਰਚ ਕੀਤਾ ਗਿਆ।
ਕਿਸਾਨਾਂ ਨੇ ਮੰਡੀਆਂ ਵਿੱਚ ਝੋਨੇ ਦੀ ਲੁੱਟ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਜਬਰ ਦੀ ਵੀ ਸਖਤ ਵਿਰੋਧਤਾ ਕੀਤੀ।
ਇਸ ਮਾਰਚ ਦੌਰਾਨ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਵਿਸ਼ੇਸ਼ ਤੌਰ ਤੇ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਉਹ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਖੋਹਣ ਵਾਲੇ ਭੂ-ਮਾਫ਼ੀਆ ਗਰੋਹ ਦੀ ਪੁਸ਼ਤ ਪਨਾਹੀ ਕਰ ਰਿਹਾ ਹੈ।
ਇਸ ਪਰਦਾਫਾਸ਼ ਮਾਰਚ ਵਿੱਚ ਸੈਂਕੜੇ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।
ਪਰਦਾਫਾਸ਼ ਮਾਰਚ ਦੌਰਾਨ ਆਗੂਆਂ/ਵਰਕਰਾਂ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਭਦੌੜ, ਜਗਤਾਰ ਸਿੰਘ ਦੇਹੜਕਾ, ਰਣਧੀਰ ਸਿੰਘ ਭੱਟੀਵਾਲ, ਬੂਟਾ ਖਾਂ ਮਲੇਰਕੋਟਲਾ ਅਤੇ ਬਲਬਹਾਦਰ ਸਿੰਘ ਮੋਗਾ ਨੇ ਕਿਹਾ ਕਿ ਕਿਸਾਨਾਂ ਦਾ ਝੋਨਾ ਮੰਡੀਆਂ ਵਿੱਚ ਰੋਲ਼ ਕੇ ਰੇਟ ਤੇ ਖ੍ਰੀਦ ਏਜੰਸੀਆਂ ਅਤੇ ਸ਼ੈਲਰ ਮਾਲਕਾਂ ਵੱਲੋਂ 5-5 ਗੱਟਿਆਂ ਦਾ ਕੱਟ ਲਾਕੇ ਲੁੱਟ ਕੀਤੀ ਜਾ ਰਹੀ ਹੈ, ਡੀਏਪੀ ਸਪਲਾਈ ਨਹੀਂ ਕੀਤੀ ਜਾ ਰਹੀ ਅਤੇ ਪਰਾਲ਼ੀ ਫ਼ੂਕਣ ਵਾਲੇ ਕਿਸਾਨਾਂ ਖਿਲਾਫ਼ ਕੇਸ ਦਰਜ ਕਰਕੇ, ਰੈਡ ਐਂਟਰੀਆਂ ਕਰਕੇ ਅਤੇ ਜ਼ੁਰਮਾਨੇ ਕਰਕੇ ਜ਼ਬਰ ਕੀਤਾ ਜਾ ਰਿਹਾ ਹੈ।
ਇਸ ਵਾਰ ਮੀਂਹ ਨਾ ਪੈਣ ਕਰਕੇ 4 ਤੋਂ 6 ਕੁਇੰਟਲ ਝਾੜ ਘਟਣ ਕਰਕੇ ਕਿਸਾਨਾਂ ਨੂੰ 10 ਹਜ਼ਾਰ ਤੋਂ 15 ਹਜ਼ਾਰ ਰੁਪਏ ਪ੍ਰਤੀ ਏਕੜ ਨੁਕਸਾਨ ਉਠਾਉਣਾ ਪੈ ਰਿਹਾ ਹੈ।
ਅਦਾਲਤਾਂ ਵੱਲੋਂ, ਮਜ਼ਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਸੁਣਾਏ ਜਾ ਰਹੇ ਇੱਕ ਪਾਸੜ ਫੁਰਮਾਨਾਂ ਦੀ ਵੀ ਸਖ਼ਤ ਨਿਖੇਧੀ ਕੀਤੀ।
ਉਨ੍ਹਾਂ ਨੇ ਕਿਹਾ ਕਿ ਅਦਾਲਤਾਂ ਵੱਲੋਂ ਜ਼ਮੀਨੀ ਹਕੀਕਤਾਂ ਨੂੰ ਅੱਖੋਂ ਉਹਲੇ ਕਰਕੇ ਸਿਰਫ 4.4% ਪ੍ਰਦੂਸ਼ਣ ਪੈਦਾ ਕਰਨ ਵਾਲੇ ਕਿਸਾਨਾਂ ਤੇ ਜ਼ਬਰ ਕਰਨ ਦੇ ਹੁਕਮ ਚਾੜ੍ਹੇ ਜਾ ਰਹੇ ਹਨ ਜਦੋਂ ਕਿ ਪਟਾਕੇ ਚਲਾ ਕੇ, ਕਰੋੜਾਂ ਆਵਾਜਾਈ ਦੇ ਸਾਧਨਾਂ, ਥਰਮਲ ਪਾਵਰ ਪਲਾਂਟਾਂ, ਡੀਜ਼ਲ ਜੈਨਰੇਟਰ ਚਲਾ ਕੇ, ਫੈਕਟਰੀਆਂ ਵਿੱਚੋਂ ਬੇਤਹਾਸ਼ਾ ਧੂੰਆਂ ਛੱਡ ਕੇ ਅਤੇ ਟਰਾਂਸਪੋਟ ਰਾਹੀਂ 95.6% ਪਰਦੂਸ਼ਣ ਕਰਨ ਵਾਲਿਆਂ ਉੱਪਰ ਸਵੱਲੀ ਨਜ਼ਰ ਰੱਖੀ ਹੋਈ ਹੈ।
ਇਸ ਮੌਕੇ ਆਗੂਆਂ ਸਾਹਿਬ ਸਿੰਘ ਬਡਬਰ, ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਜਗਤਾਰ ਸਿੰਘ ਦੁੱਗਾਂ, ਕਰਮਜੀਤ ਸਿੰਘ ਛੰਨਾਂ, ਤਾਰਾ ਸਿੰਘ ਅੱਚਰਵਾਲ, ਬਾਬੂ ਸਿੰਘ ਖੁੱਡੀਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਭੋਲਾ ਸਿੰਘ ਛੰਨਾਂ, ਜਸਪ੍ਰੀਤ ਸਿੰਘ ਸਮਾਧ ਭਾਈ ਆਦਿ ਆਗੂਆਂ ਨੇ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਇਕੱਠੀ ਕਰਨ, ਢੋਆ ਢੁਆਈ ਅਤੇ ਖਪਤ ਦੇ ਪ੍ਰਬੰਧ ਕਰਨੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਪਰ ‘ਉਲਟਾ ਚੋਰ ਕੋਤਵਾਲ ਕੋ ਡਾਂਟੇ’ ਦੀ ਕਹਾਵਤ ਅਨੁਸਾਰ ਕਿਸਾਨਾਂ ਨੂੰ ਹੀ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਆਗੂਆਂ ਨੇ ਐਲਾਨ ਕੀਤਾ ਕਿ ਸਰਕਾਰਾਂ ਤੋਂ ਭਲੇ ਦੀ ਝਾਕ ਛੱਡਦੇ ਹੋਏ ਆਪਣੀ ਜਥੇਬੰਦਕ ਤਾਕਤ ਮਜ਼ਬੂਤ ਕਰਦਿਆਂ, ਫ਼ਸਲ ਦਾ ਦਾਣਾ ਦਾਣਾ ਦੀ ਖਰੀਦ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਪਰਦਾਚਾਕ ਮਾਰਚ ਗੁਰਦੁਆਰਾ ਸਾਹਿਬ ਕਾਲਾ ਮਾਹਿਰ ਬਰਨਾਲਾ ਤੋਂ ਸ਼ੁਰੂ ਹੋਕੇ ਸੰਘੇੜਾ, ਕਰਮਗੜ੍ਹ, ਨੰਗਲ, ਝਲੂਰ, ਸੇਖਾ, ਫਰਵਾਹੀ, ਰਾਜਗੜ੍ਹ, ਉੱਪਲੀ, ਕੱਟੂ, ਭੱਠਲ, ਧਨੌਲਾ ਹੁੰਦਾ ਹੋਇਆ ਇਤਿਹਾਸਿਕ ਕਸਬਾ ਹੰਢਿਆਇਆ ਵਿਖੇ ਸਮਾਪਤ ਹੋਇਆ।
ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਕਿਸਾਨ-ਮਜਦੂਰ ਨੀਤੀ ਦੇ ਇਸ ਪਰਦਾਫਾਸ਼ ਮਾਰਚ ਵਿੱਚ ਬਰਨਾਲਾ ਜ਼ਿਲ੍ਹੇ ਤੋਂ ਇਲਾਵਾ ਸੰਗਰੂਰ, ਲੁਧਿਆਣਾ, ਮਲੇਰਕੋਟਲਾ, ਮੋਗਾ ਜ਼ਿਲ੍ਹੇ ਵੀ ਸ਼ਾਮਿਲ ਹੋਏ।