ਯੈੱਸ ਪੰਜਾਬ
ਚੰਡੀਗੜ੍ਹ, 11 ਨਵੰਬਰ, 2024:
ਫ਼ਿਰੋਜ਼ਪੁਰ ਵਿੱਚ ਇਕ ਸੱਜਰੀ ਵਿਆਹੀ ਕੁੜੀ ਨੂੰ ਆਪਣੇ ਹੀ ਭਰਾ ਵੱਲੋਂ ਕੀਤੀ ਫ਼ਾਇਰੰਗ ਕਾਰਨ ਗੋਲੀ ਲੱਗ ਜਾਣ ਦੇ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ।
ਬਲਜਿੰਦਰ ਕੌਰ ਨਾਂਅ ਦੀ ਇਸ ਲੜਕੀ ਦੀ ਸ਼ਾਦੀ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋ ਚੁੱਕੀਆਂ ਸਨ ਅਤੇ ਇਸ ਮਗਰੋਂ ਉਸਦੇ ਭਰਾ ਵੱਲੋਂ ਵਿਆਹ ਦੀ ਖੁਸ਼ੀ ਵਿੱਚ ਕੀਤੇ ਫ਼ਾਇਰ ਕਾਰਨ ਗੋਲੀ ਬਲਜਿੰਦਰ ਕੌਰ ਦੇ ਮੱਥੇ ਵਿੱਚ ਜਾ ਵੱਜੀ ਜਿਸ ਨਾਲ ਗੰਭੀਰ ਜ਼ਖ਼ਮੀ ਹੋਈ ਇਹ ਕੁੜੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਵੈਂਟੀਲੇਟਰ ’ਤੇ ਹੈ ਅਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ।
ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ’ਤੇ ਹੇਠ ਲਿਖ਼ਿਆ ਸੁਨੇਹਾ ਸਾਂਝਾ ਕੀਤਾ ਹੈ:
ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ… ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ… ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ… ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ ਅਸੀਂ ਅਨੇਕਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣਿਆਂ ਦਾ ਹੀ ਲਹੂ ਵਹਾਅ ਰਹੇ ਹਾਂ…ਸੋਚੋ ਤੇ ਵਿਚਾਰ ਕਰੋ ਕਿ ਜਿਸ ਘਰ ਦੇ ਵਿਹੜੇ ‘ਚ ਜਿੱਥੇ ਸ਼ਗਨਾਂ ਦੇ ਗੀਤ ਚੱਲ ਰਹੇ ਸੀ ਉੱਥੇ ਪਲਾਂ ‘ਚ ਧਾਹਾਂ ਵੱਜਣ ਲੱਗ ਗਈਆਂ…ਅਰਦਾਸ ਕਰਦਾਂ ਹਾਂ ਕਿ ਕੁੜੀ ਦੀ ਜਾਨ ਬਚ ਜਾਵੇ..
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਲੜਕੀ ਦੇ ਭਰਾ ਅਤੇ ਮੈਰਿਜ ਪੈਲੇਸ ਦਾ ਮਾਲਕ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਹੈ।