ਯੈੱਸ ਪੰਜਾਬ
ਚੰਡੀਗੜ੍ਹ, 06 ਮਾਰਚ, 2021 –
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਰੂਪਨਗਰ ਦੇ ਜਿ਼ਲ੍ਹਾ ਪ੍ਰਧਾਨ ਸ: ਭੁਪਿੰਦਰ ਸਿੰਘ ਬਜਰੂੜ ਦੀ ਅਗਵਾਈ ਵਿੱਚ ਸ: ਕਰਨੈਲ ਸਿੰਘ ਲੋਧੀਪੁਰ, ਸ: ਰਜਿੰਦਰ ਸਿੰਘ ਸ਼੍ਰੀ ਅਨੰਦਪੁਰ ਸਾਹਿਬ, ਚੌਧਰੀ ਨੀਰਜ ਕੁਮਾਰ ਅਤੇ ਚੌਧਰੀ ਰਵੀ ਕੁਮਾਰ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵਿੱਚ ਸ਼ਾਮਿਲ ਹੋ ਗਏ।
ਇਨ੍ਹਾਂ ਸਭਨਾਂ ਨੂੰ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ `ਤੇ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਿਲ ਕਰਵਾਇਆ। ਇਸ ਮੌਕੇ `ਤੇ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਵੀ ਮੌਜੂਦ ਸਨ।
ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਸ: ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੀਆਂ ਲੋਕ ਪੱਖੀ ਨੀਤੀਆਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਪਾਰਟੀ ‘ਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੂੰ ਉਮੀਦ ਦੀ ਕਿਰਨ ਦੇ ਰੂਪ ਵਿਚ ਵੇਖ ਰਹੇ ਹਨ।
ਇਸ ਮੌਕੇ `ਤੇ ਸ: ਭੁਪਿੰਦਰ ਸਿੰਘ ਬਜਰੂੜ ਨੇ ਦੱਸਿਆ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਰੂਪਨਗਰ ਜਿ਼ਲ੍ਹੇ ਵਿੱਚ ਆਪਣੀ ਚੰਗੀ ਪਹਿਚਾਣ ਰੱਖਦੇ ਹਨ। ਇਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਮਜਬੂਤ ਹੋਈ ਹੈ।
ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੇ ਕਿਹਾ ਕਿ ਉਨ੍ਹਾਂ ਨੇ ਲੋਕਾਂ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਹ ਪੂਰੀ ਮਿਹਨਤ ਅਤੇ ਲਗਨ ਨਾਲ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।