Thursday, October 24, 2024
spot_img
spot_img

DIG ਨੀਲਾਂਬਰੀ ਜਗਦਲੇ ਅਤੇ SSP ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਯੈੱਸ ਪੰਜਾਬ
ਕੁਰਾਲੀ (ਐਸ.ਏ.ਐਸ.ਨਗਰ), 24 ਅਕਤੂਬਰ, 2024

ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸਬੰਧਤ ਧਿਰਾਂ ਵਿੱਚ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ ਨੇ ਅੱਜ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨਾਲ ਕੁਰਾਲੀ ਮੰਡੀ ਦਾ ਦੌਰਾ ਕੀਤਾ।

ਉਨ੍ਹਾਂ ਕਿਸਾਨਾਂ, ਕਮਿਸ਼ਨ ਏਜੰਟਾਂ ਅਤੇ ਰਾਈਸ ਮਿੱਲਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਪੁਲਿਸ ਕਿਸੇ ਨੂੰ ਵੀ ਖਰੀਦ ਕਾਰਜਾਂ ਵਿੱਚ ਰੁਕਾਵਟ ਨਹੀਂ ਪਾਉਣ ਦੇਵੇਗੀ।

ਉਨ੍ਹਾਂ ਡੀ.ਐਸ.ਪੀਜ਼ ਕਰਨ ਸਿੰਘ ਸੰਧੂ (ਖਰੜ-1) ਅਤੇ ਜੀ.ਐਸ.ਬੈਂਸ (ਖਰੜ-2) ਨੂੰ ਹਦਾਇਤ ਕੀਤੀ ਕਿ ਉਹ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਆਪਣੇ ਖੇਤਰ ਅਧੀਨ ਆਉਂਦੀਆਂ ਮੰਡੀਆਂ ਦੀ ਨਿਗਰਾਨੀ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਫਸਲ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਲਿਫਟਿੰਗ ਦਾ ਕੰਮ ਵੀ ਤੇਜ਼ ਕੀਤਾ ਜਾ ਰਿਹਾ ਹੈ।

ਖਰੜ ਦੇ ਉਪ ਮੰਡਲ ਮੈਜਿਸਟਰੇਟ ਗੁਰਮੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ ਲਈ ਰਿਲੀਜ਼ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਡੀ ਆਈ ਜੀ ਅਤੇ ਐਸ ਐਸ ਪੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਦੌਰੇ ਦਾ ਉਦੇਸ਼ ਮੰਡੀਆਂ ਵਿੱਚ ਅਮਨ-ਕਾਨੂੰਨ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਹੈ ਅਤੇ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਰਾਈਸ ਮਿੱਲਰ ਨਾਲ ਤਾਲਮੇਲ ਵਿੱਚ ਰਹਿ ਕੇ ਨਿਰਵਿਘਨ ਖਰੀਦ ਕਾਰਜਾਂ ਲਈ ਕੰਮ ਕਰੇਗੀ।

ਜਿਕਰਯੋਗ ਹੈ ਕਿ ਐਸ.ਏ.ਐਸ.ਨਗਰ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 107192 ਮੀਟਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਜਦਕਿ ਖਰੀਦ ਦੇ ਇਵਜ਼ ਵਿੱਚ 235.38 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ