ਯੈੱਸ ਪੰਜਾਬ
ਨਵੀਂ ਦਿੱਲੀ, 14 ਫਰਵਰੀ, 2025
Delhi Sikh Gurdwara Management Committee ਦੇ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ’ਵਿਹੜਾ ਸ਼ਗਨਾਂ ਦਾ’ ਦਾ ਆਯੋਜਨ ਮਾਤਾ ਸੁੰਦਰੀ ਕਾਲਜ ਵਿਖੇ ਕੀਤਾ ਗਿਆ।
ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਇਸ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਪੰਜਾਬੀ ਭਾਸ਼ਾ ਵਿਭਾਗ ਦੇ ਚੇਅਰਮੈਨ ਹਰਦਿੱਤ ਸਿੰਘ, ਵਾਈਸ ਚੇਅਰਮੈਨ ਰਾਜਿੰਦਰ ਸਿੰਘ, ਮਾਤਾ ਸੁੰਦਰੀ ਕਾਲਜ ਦੇ ਪ੍ਰਿੰਸੀਪਲ ਤੇ ਸਟਾਫ, ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਟਾਫ ਨੂੰ ਵਧਾਈ ਦਿੱਤੀ ਜਿਹਨਾਂ ਨੇ ਇੰਨਾ ਸ਼ਾਨਦਾਰ ਪ੍ਰੋਗਰਾਮ ਆਯੋਜਿਤ ਕਰ ਕੇ ਬੱਚਿਆਂ ਨੂੰ ਆਪਣੇ ਪੁਰਾਤਨ ਵਿਰਸੇ ਨਾਲ ਜੋੜਨ ਦਾ ਕੰਮ ਕੀਤਾ ਹੈ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬੀ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾ ਕੇ ਬੱਚਿਆਂ ਨੂੰ ਪੁਰਾਤਨ ਵਿਰਸੇ ਨਾਲ ਜੋੜਨ ਦਾ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਬੱਚਿਆਂ ਨੂੰ ਆਪਣੇ ਗੌਰਵਮਈ ਇਤਿਹਾਸ ਤੇ ਅਮੀਰ ਸਭਿਆਚਾਰ ਤੇ ਵਿਰਸੇ ਨਾਲ ਜੋੜੀਏ।
ਉਹਨਾਂ ਕਿਹਾ ਕਿ ਸ਼ਗਨ ਵੀ ਉਹੀ ਕੌਮਾਂ ਮਨਾਉਂਦੀਆਂ ਹਨ ਜੋ ਪਰਮਾਤਮਾ ਨਾਲ ਜੁੜੀਆਂ ਹੋਣ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸ਼ਗਨਾਂ ਦੀ ਮਹੱਤਤਾ ਬੱਚਿਆਂ ਨੂੰ ਪਤਾ ਨਹੀਂ ਕਿਉਂਕਿ ਇਹ ਘਰਾਂ ਵਿਚੋਂ ਅਲੋਪ ਹੁੰਦੇ ਜਾ ਰਹੇ ਹਨ। ਉਹਨਾਂ ਕਿਹਾ ਕਿ ਛੋਟੇ ਪਰਿਵਾਰਾਂ ਦੇ ਯੁੱਗ ਵਿਚ ਚਾਚੇ, ਤਾਏ, ਭੂਆ, ਫੁੱਫੜ, ਮਾਸੀ, ਮਾਸੜ ਵਰਗੇ ਰਿਸ਼ਤੇ ਖ਼ਤਮ ਹੁੰਦੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਅੱਜ ਨਵੀਂ ਵਿਚਾਰਧਾਰਾ ਨੂੰ ਅਪਣਾਉਂਦਿਆਂ ਸਾਡੀ ਕੌਮ ਆਪਣੇ ਪੁਰਾਤਨ ਵਿਰਸੇ ਨੂੰ ਭੁੱਲਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅੱਜ ਦਾ ਪ੍ਰੋਗਰਾਮ ਬਹੁਤ ਹੀ ਸ਼ਲਾਘਾਯੋਗ ਪ੍ਰੋਗਰਾਮ ਹੈ ਜਿਸ ਨਾਲ ਸਾਡੇ ਬੱਚੇ ਆਪਣੇ ਵਿਰਸੇ ਨਾਲ ਜੁੜ ਰਹੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਮਾਹੌਲ ਅਜਿਹਾ ਸੀ ਕਿ ਬੱਚੇ ਆਪਣੇ ਬਜ਼ੁਰਗਾਂ ਵੱਲੋਂ ਲਏ ਫੈਸਲਿਆਂ ’ਤੇ ਫੁੱਲ ਚੜ੍ਹਾਉਂਦੇ ਸੀ। ਹੁਣ ਘਰਾਂ ਵਿਚੋਂ ਰਿਸ਼ਤੇ ਖ਼ਤਮ ਹੋ ਰਹੇ ਹਨ।
ਉਹਨਾਂ ਕਿਹਾ ਕਿ ਸਾਨੂੰ ਆਧੁਨਿਕ ਕਲਚਰ ਵਿਚੋਂ ਨਿਕਲ ਕੇ ਆਪਣੇ ਪੁਰਾਤਨ ਵਿਰਸੇ ਨਾਲ ਜੁੜਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਧੀਆਂ ਨੂੰ ਮੁੱਖ ਰੱਖ ਕੇ ਪ੍ਰੋਗਰਾਮ ਉਲੀਕਿਆ ਗਿਆ, ਇਹ ਬਹੁਤ ਹੀ ਸ਼ਲਾਘਾਯੋਗ ਹੈ।