ਯੈੱਸ ਪੰਜਾਬ
ਨਵੀਂ ਦਿੱਲੀ, 5 ਜਨਵਰੀ, 2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਦਸਵੇਂ ਪਾਤਸ਼ਾਹ Sri Guru Gobind Singh Sahib ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਿਵ ਨਗਰ ਜੀ ਬਲਾਕ ਤੱਕ ਨਗਰ ਕੀਰਤਨ ਸਜਾਇਆ ਗਿਆ।
ਇਹ Nagar Kirtan ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਸ਼ੰਕਰ ਰੋਡ, ਪਟੇਲ ਨਗਰ, ਮੋਤੀ ਨਗਰ, ਰਮੇਸ਼ ਨਗਰ, ਰਾਜੌਰੀ ਗਾਰਡਨ, ਤਿਲਕ ਨਗਰ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਸ਼ਿਵ ਨਗਰ ਜੀ ਬਲਾਕ ਤੱਕ ਪੁੱਜਾ।
ਰਸਤੇ ਵਿਚ ਹਜ਼ਾਰਾਂ ਲੋਕਾਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਵਿਚ ਸਕੂਲੀ ਵਿਦਿਆਰਥੀਆਂ ਦੇ ਨਾਲ-ਨਾਲ ਗੁਰੂ ਕੀਆਂ ਲਾਡੀਆਂ ਫੌਜਾਂ ਨਿਹੰਗ ਸਿੰਘਾਂ ਦੇ ਦਸਤੇ ਤੇ ਹੋਰ ਦਸਤੇ ਵੀ ਸ਼ਾਮਲ ਸਨ।
ਸਾਰੇ ਰਸਤੇ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ। ਸੰਗਤਾਂ ਨੇ ਵੱਖ-ਵੱਖ ਤਰੀਕੇ ਦੇ ਲੰਗਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਤੇ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਦਾ ਸਵਾਗਤ ਕੀਤਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਖੁਦ ਨਗਰ ਕੀਰਤਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਦੀ ਸੇਵਾ ਕਰਦਿਆਂ ਸੰਗਤਾਂ ਦੇ ਦਰਸ਼ਨ ਕੀਤੇ।
ਦੋਵਾਂ ਆਗੂਆਂ ਤੋਂ ਇਲਾਵਾ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵੀ ਨਗਰ ਕੀਰਤਨ ਵਿਚ ਸੇਵਾ ਕਰ ਕੇ ਸੰਗਤਾਂ ਦੇ ਦਰਸ਼ਨ ਕੀਤੇ ਤੇ ਸੰਗਤਾਂ ਦੀ ਸੇਵਾ ਦਾ ਆਨੰਦ ਮਾਣਿਆ।
ਦਿੱਲੀ ਦੀ ਵੱਡੀ ਗਿਣਤੀ ਵਿਚ ਸੰਗਤ ਨੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।