Monday, January 13, 2025
spot_img
spot_img
spot_img
spot_img

DSGMC ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ

ਯੈੱਸ ਪੰਜਾਬ
ਨਵੀਂ ਦਿੱਲੀ, ਸਤੰਬਰ 5, 2024:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਪੂਰਨ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਕਮੇਟੀ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਵਿਸ਼ੇਸ਼ ਸਮਾਗਮ ਕੀਤੇ ਗਏ ਜਿਹਨਾਂ ਵਿਚ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕੀਤਾ।

ਮੁੱਖ ਸਮਾਗਮ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਵਿਖੇ ਹੋਇਆ ਜਿਥੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਹਨਾਂ ਵਿਚ ਰਾਗੀ ਸਿੰਘਾਂ ਦੇ ਨਾਲ-ਨਾਲ ਕਥਾ ਵਾਚਕਾਂ ਨੇ ਵੀ ਗੁਰੂ ਕੀ ਇਲਾਹੀ ਬਾਣੀ ਦੇ ਸੰਦੇਸ਼ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਅੱਜ ਮਨੁੱਖਤਾ ਲਈ ਬਹੁਤ ਵੱਡੀ ਖੁਸ਼ੀ ਦੀ ਘੜੀ ਹੈ ਜਦੋਂ ਅਸੀਂ ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਵੱਲੋਂ ਬਾਬਾ ਬੁੱਢਾ ਸਾਹਿਬ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਉਣ ਦਾ ਮਾਣ ਹਾਸਲ ਕਰ ਰਹੇ ਹਾਂ।

ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਹੈ ਕਿ ਜਿਹਨਾਂ ਨੇ ਮਨੁੱਖਤਾ ਨੂੰ ਹੱਕ-ਸੱਚ ਦੀ ਲੜਾਈ ਲੜਨਾ ਤੇ ਇਸਦੀ ਆਵਾਜ਼ ਬੁਲੰਦ ਕਰਨਾ ਸਿਖਾਇਆ।

ਉਹਨਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਹੀ ਸਾਰੀ ਮਨੁੱਖਤਾ ਨੂੰ ਇਕ ਨਜ਼ਰ ਨਾਲ ਵੇਖ ਰਹੇ ਹਾਂ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੇ ਸਮੁੱਚੀ ਮਨੂੱਖਤਾ ਨੂੰ ਸਿਖਾਇਆ ਕਿ ਹਰ ਕੋਈ ਉਸ ਇਕ ਅਕਾਲ ਪੁਰਖ ਦਾ ਪੈਦਾ ਕੀਤਾ ਹੋਇਆ ਹੈ।

ਉਹਨਾਂ ਕਿਹਾ ਕਿ ਸਿੱਖਾਂ ਲਈ ਇਹ ਸਭ ਤੋਂ ਜ਼ਰੂਰੀ ਹੈ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਖੰਡੇ ਬਾਟੇ ਦਾ ਪਾਹੁਲ ਛਕੇ ਅਤੇ ਗੁਰੂ ਵਾਲਾ ਬਣ ਕੇ ਰਹੇ। ਉਹਨਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਇਹੀ ਸਿਖਾਇਆ ਕਿ ਹਮੇਸ਼ਾ ਹੱਕ ਸੱਚ ਦੀ ਗੱਲ ਕਰਨੀ ਹੈ ਭਾਵੇਂ ਜ਼ਿੰਦਗੀ ਵਿਚ ਕਿੰਨੀ ਵੀ ਔਖ ਕਿਉਂ ਨਾ ਝੱਲਣੀ ਪਵੇ।

ਉਹਨਾਂ ਕਿਹਾ ਕਿ ਸਿੱਖ ਕੌਮ ਨੇ ਕਦੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਨਹੀਂ ਛੱਡਿਆ। ਉਹਨਾਂ ਕਿਹਾ ਕਿ ਅੰਗਰੇਜ਼ਾਂ ਦੇ ਕਾਰਜਕਾਲ ਦੌਰਾਨ ਵੀ ਅਸੀਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਤੇ ਉਹਨਾਂ ਦੇ ਆਸ਼ੀਰਵਾਦ ਨਾਲ ਹੀ ਅਸੀਂ ਅੱਗੇ ਵਧੇ ਤੇ ਫਤਿਹ ਨਸੀਬ ਕੀਤੀਆਂ।

ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਹਮੇਸ਼ਾ ਤੋਂ ਸਿਰਫ ਦਿੱਲੀ ਜਾਂ ਦੇਸ਼ ਹੀ ਨਹੀਂ ਬਲਕਿ ਦੇਸ਼ ਵਿਦੇਸ਼ ਵਿਚ ਸਿੱਖ ਮਾਮਲਿਆਂ ਦੀ ਪੈਰਵੀ ਕਰਦੀ ਆ ਰਹੀ ਹੈ।

ਉਹਨਾਂ ਨੇ ਹਾਲ ਹੀ ਵਿਚ ਕਤਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਪੁਲਿਸ ਦੇ ਕਬਜ਼ੇ ਅਧੀਨ ਰੱਖਣ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ ਤੇ ਦੱਸਿਆ ਕਿ ਕਿਵੇਂ ਦਿੱਲੀ ਗੁਰਦੁਆਰਾ ਕਮੇਟੀ ਨੇ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੇ ਨਾਲ ਮਿਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਵੇਂ ਸਰੂਪ ਬਹੁਤ ਅਦਬ ਤੇ ਸਤਿਕਾਰ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲਿਆਂਦੇ ਗਏ।

ਉਹਨਾਂ ਕਿਹਾ ਕਿ ਸਿੱਖਾਂ ਨੂੰ ਆਪਣੀ ਜਾਨ ਤੋਂ ਵੀ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਤੇ ਪਿਆਰ ਸਭ ਤੋਂ ਅਹਿਮ ਹੈ। ਉਹਨਾਂ ਕਿਹਾ ਕਿ ਅਸੀਂ ਸਮਾਜਿਕ ਤੌਰ ’ਤੇ ਤਾਂ ਹੀ ਮਜ਼ਬੂਤ ਹੋ ਸਕਦੇ ਹਾਂ ਕਿ ਜੇਕਰ ਅਸੀਂ ਆਪਣੇ ਧਰਮ ’ਤੇ ਪਹਿਰਾ ਦੇਈਏ ਤੇ ਇਸ ਵਾਸਤੇ ਸਾਨੂੰ ਸਭ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਜ਼ਰੂਰਤ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ