DSGMC seeks action against culprits for assaulting Sikh family, abuse of hair of 2 brothers in Pakistan
ਯੈੱਸ ਪੰਜਾਬ
ਨਵੀਂ ਦਿੱਲੀ, 7 ਫਰਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਮੰਗ ਕੀਤੀ ਹੈ ਕਿ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੱਖ ਪਰਿਵਾਰ ਨਾਲ ਕੁੱਟਮਾਰ ਕਰਨ ਅਤੇ ਦੋ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਜੇਲ੍ਹ ਵਿਚ ਸੁੱਟਿਆ ਜਾਣਾ ਚਾਹੀਦਾਹੈ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਾਕਿਸਤਾਨ ਤੋਂ ਆਏ ਦਿਨ ਨਵੀਂ ਖਬਰ ਨਿਕਲ ਕੇ ਆਉਂਦੀ ਹੈ ਕਿ ਘੱਟ ਗਿਣਤੀ ਹਿੰਦੂ, ਸਿੱਖ ਤੇ ਇਸਾਈ ਭਾਈਚਾਰਿਆਂ ਨਾਲ ਹੁਣ ਇਹ ਨਵੀਂ ਘਟਨਾ ਵਾਪਰੀ ਹੈ। ਉਹਨਾਂ ਕਿਹਾ ਕਿ ਇਹ ਪਹਿਲੀਵਾਰ ਨਹੀਂ ਹੈ ਜਦੋਂ ਘੱਟ ਗਿਣਤੀਆਂ ’ਤੇ ਅਜਿਹੇ ਹਮਲੇ ਹੋਏ ਹਨ। ਇਸ ਤੋਂ ਪਹਿਲਾਂ ਵੀ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ, ਹਿੰਦੂ ਭਾਈਚਾਰੇ ਦੇ ਮੰਦਿਰਾਂ ਤੇ ਇਸਾਈ ਭਾਈਚਾਰੇ ਦੇ ਗਿਰਜਾਘਰਾਂ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ ਨਾਲ ਇਹਨਾਂ ਇਹਨਾਂ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਤਸ਼ੱਦਦ ਢਾਹੁਣ ਦੀਆਂ ਘਟਨਾਵਾਂ ਲਗਾਤਾਰ ਆ ਰਹੀਆਂ ਹਨ ਤੇ ਇਹ ਰੁਕਣ ਦਾ ਨਾ ਨਹੀਂ ਲੈ ਰਹੀਆਂ।
ਸਰਦਾਰ ਕਾਲਕਾ ਨੇ ਕਿਹਾ ਕਿ ਇਸ ਤੋਂ ਵੀ ਮੰਦਭਾਗੀ ਗੱਲ ਇਹ ਹੈ ਕਿ ਘੱਟ ਗਿਣਤੀਆਂ ਦੀਆਂ ਧੀਆਂ ਭੈਣਾਂ ਖਾਸ ਤੌਰ ’ਤੇ ਨਾਬਾਲਗ ਧੀਆਂ ਭੈਣਾਂ ਨੂੰ ਜ਼ਬਰੀ ਅਗਵਾ ਕੀਤਾ ਜਾ ਰਿਹਾ ਹੈ, ਉਹਨਾਂ ਦਾ ਧਰਮ ਪਰਿਵਰਤਨ ਕੀਤਾ ਜਾ ਰਿਹਾ ਹੈ ਤੇ ਉਹਨਾਂ ਦੇ ਜ਼ਬਰੀ ਨਿਕਾਹ ਕਰਵਾਏ ਜਾ ਰਹੇ ਹਨ ਅਤੇ ਪਾਕਿਸਤਾਨ ਦਾ ਪੁਲਿਸ ਤੰਤਰ ਅਤੇ ਨਿਆਂਪਾਲਿਕਾ ਇਸ ’ਤੇ ਚੁੱਪੀ ਧਾਰ ਕੇ ਬੈਠੇ ਹਨ। ਉਹਨਾਂ ਕਿਹਾ ਕਿ ਇਹ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਹਨਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਮਾਮਲਾ ਤੁਰੰਤ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਚੁੱਕਣ ਅਤੇ ਪਰਿਵਾਰ ਨਾਲ ਕੁੱਟਮਾਰ ਕਰਨ ਤੇ ਦੋਵਾਂ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਤੁਰੰਤ ਠੋਸ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ ਪੁਲਿਸ ਨੇ ਐਫ ਆਈ ਆਰ ਦਰਜ ਕੀਤੀਹੈ ਪਰ ਦੋਸ਼ੀਆਂ ਖਿਲਾਫ ਕਾਰਵਾਈ ਕੋਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿਅਜਿਹੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ਨੂੰ ਮਿਸਾਲੀ ਸਜ਼ਾ ਮਿਲਣੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ