ਯੈੱਸ ਪੰਜਾਬ
ਅੰਮ੍ਰਿਤਸਰ, 28 ਜਨਵਰੀ, 2025
ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ Gurmeet Ram Rahim ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ Ram Rahim ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ’ਤੇ ਸਰਕਾਰ ਨੂੰ ਫੈਸਲਾ ਕਰਨ ਦੀ ਹਦਾਇਤ ਦੇ ਬਾਵਜੂਦ ਵੀ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋ-ਉਹਲੇ ਕਰਕੇ ਉਸ ਨੂੰ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਤੇ ਪੈਰੋਲ ਦੇ ਚੁੱਕੀ ਹੈ ਅਤੇ ਹੁਣ ਫਿਰ ਦਿੱਲੀ ਦੀਆਂ ਵਿਧਾਨ ਸਭਾ ਅਤੇ ਹਰਿਆਣਾ ਅੰਦਰ ਨਿਗਮ ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ।