ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2025
Punjab ਦੇ ਸਿੱਖਿਆ ਮੰਤਰੀ ਅਤੇ Sri Anandpur Sahib ਤੋਂ ਵਿਧਾਇਕ ਸ. Harjot Singh Bains ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਜੂਨ 2025 ਦੇ ਅੰਤ ਤੱਕ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕਰਨ ਦਾ ਟੀਚਾ ਦਿੱਤਾ ਹੈ।
ਅੱਜ ਇੱਥੇ ਆਪਣੇ ਦਫ਼ਤਰ ਵਿਖੇ ਜਲ ਸਰੋਤ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਮੌਜੂਦਾ ਸਮੇਂ 14 ਕਰੋੜ ਰੁਪਏ ਦੀ ਲਾਗਤ ਵਾਲੇ ਕੁੱਲ 112 ਹੜ੍ਹ ਸੁਰੱਖਿਆ ਪ੍ਰੋਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਵਿੱਚ ਨਾਲਿਆਂ ਅਤੇ ਚੋਆਂ ਦੀ ਸਫਾਈ, ਸਟੱਡਜ਼ ਤੇ ਰੇਵੈਟਮੈਂਟਜ਼ (ਡੰਗਿਆਂ) ਦੀ ਉਸਾਰੀ, ਚੈੱਕ ਡੈਮ ਤੇ ਸੋਕ ਪਿੱਟਸ ਦਾ ਨਿਰਮਾਣ ਸ਼ਾਮਲ ਹੈ।
ਬਰਸਾਤ ਦੇ ਮੌਸਮ ਦੌਰਾਨ ਇਸ ਖੇਤਰ ਨੂੰ ਹੜ੍ਹਾਂ ਦੇ ਖ਼ਤਰਿਆਂ ਤੋਂ ਸੁਰੱਖਿਅਤ ਰੱਖਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਇਲਾਕੇ ਵਿੱਚ ਜਲ ਸਰੋਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਬੁਨਿਆਦੀ ਢਾਂਚੇ ਦਾ ਵਿਸਥਾਰ ਅਤੇ ਮਜ਼ਬੂਤੀਕਰਨ ਕੀਤਾ ਜਾ ਰਿਹਾ ਹੈ।
ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹਨਾਂ ਚੱਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਲਾਭ ਪਿੰਡ ਨੱਕੀਆਂ, ਮਹਿੰਦਲੀ ਖੁਰਦ, ਬਹਿਰਾਮਪੁਰ, ਰਾਏਪੁਰ ਸਾਹਨੀ, ਚਾਂਦਪੁਰ, ਮਿੰਢਵਾਂ, ਨਿੱਕੂ ਨੰਗਲ, ਜਿੰਦਵੜੀ, ਤਾਰਾਪੁਰ, ਭੱਲੜੀ, ਰਾਮਗੜ੍ਹ ਬੇਲਾ, ਪਹਾੜਪੁਰ ਅਤੇ ਸੱਧੇਵਾਲ ਦੇ ਵਸਨੀਕਾਂ ਨੂੰ ਮਿਲੇਗਾ, ਬਰਸਾਤ ਦੌਰਾਨ ਆਉਣ ਵਾਲੇ ਹੜ੍ਹਾਂ ਤੋਂ ਰਾਹਤ ਮਿਲੇਗੀ ਅਤੇ ਬਿਹਤਰ ਸਿੰਜਾਈ ਸਹੂਲਤਾਂ ਮਿਲਣਗੀਆਂ।
ਜ਼ਿਕਰਯੋਗ ਹੈ ਕਿ ਸ. ਹਰਜੋਤ ਸਿੰਘ ਬੈਂਸ ਨੇ ਹਾਲ ਹੀ ਵਿੱਚ ਇਨ੍ਹਾਂ ਪਿੰਡਾਂ ਦਾ ਕਈ ਵਾਰ ਦੌਰਾ ਕੀਤਾ ਅਤੇ ਇਸ ਦੌਰਾਨ ਸਥਾਨਕ ਲੋਕਾਂ ਵੱਲੋਂ ਕੀਤੀ ਮੰਗ ਦੇ ਮੱਦੇਨਜ਼ਰ ਇਹ ਹੜ੍ਹ ਸੁਰੱਖਿਆ ਕਾਰਜ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿੱਚ ਅਚਾਨਕ ਹੜ੍ਹਾਂ ਕਾਰਨ ਹੁੰਦੀ ਤਬਾਹੀ ਨੂੰ ਵੇਖਦਿਆਂ ਸੂਬਾ ਸਰਕਾਰ ਨੇ ਇਸ ਖੇਤਰ ਵਿੱਚ ਹੜ੍ਹ ਸੁਰੱਖਿਆ ਉਪਾਵਾਂ ਨੂੰ ਤਰਜੀਹ ਦਿੱਤੀ ਗਈ ਹੈ।