ਯੈੱਸ ਪੰਜਾਬ
ਜਲੰਧਰ, ਨਵੰਬਰ 10, 2024:
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨੇ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੂੰ ਸ਼ਹਿਰ ਦੀ ਨਵੀਂ ਹਾਊਸਿੰਗ ਲਈ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਅਰਬਨ ਅਸਟੇਟ ਫੇਜ਼-3 ਪ੍ਰਾਜੈਕਟ ਸ਼ੁਰੂ ਕਰਨ ਲਈ ਕਿਹਾ।
ਜੇ.ਡੀ.ਏ. ਅਸਟੇਟ ਅਫ਼ਸਰ ਅਲਕਾ ਕਾਲੀਆ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਨੇ ਕਿਹਾ ਕਿ ਪ੍ਰਸਤਾਵਿਤ ਪ੍ਰਾਜੈਕਟ ਆਬਾਦੀ ਦੇ ਇੱਕ ਮਹੱਤਵਪੂਰਨ ਹਿੱਸੇ ਦੀਆਂ ਰਿਹਾਇਸ਼ੀ ਜ਼ਰੂਰਤਾਂ ਨੂੰ ਪੂਰਾ ਕਰੇਗਾ।
ਪਾਰਕਿੰਗ ਸਹੂਲਤਾਂ ਦੀ ਵਧਦੀ ਲੋੜ ’ਤੇ ਜ਼ੋਰ ਦਿੰਦਿਆਂ ਚੇਅਰਮੈਨ ਨੇ ਜੇ.ਡੀ.ਏ. ਨੂੰ ਬਹੁਮੰਜ਼ਿਲਾ ਪਾਰਕਿੰਗ ਲਈ ਢੁੱਕਵੀਂ ਥਾਂ ਦੀ ਨਿਸ਼ਾਨਦੇਹੀ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ ਸ਼ਹਿਰ ਦੇ ਅੰਦਰ ਪਾਰਕਿੰਗ ਸਬੰਧੀ ਚੁਣੌਤੀਆਂ ਦੇ ਹੱਲ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਜੇ.ਡੀ.ਏ. ਨੂੰ ਪਾਰਕਿੰਗ ਪ੍ਰਾਜੈਕਟ ਲਈ ਯੋਜਨਾਬੰਦੀ ਅਤੇ ਇਸ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ ਚੇਅਰਮੈਨ ਨੇ ਜੇ.ਡੀ.ਏ. ਦੇ ਚੱਲ ਰਹੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਨ੍ਹਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੀ ਲੋੜ ‘ਤੇ ਜ਼ੋਰ ਦਿੱਤਾ।
ਉਨ੍ਹਾਂ ਅਧਿਕਾਰੀਆਂ ਨੂੰ ਸਾਰੀਆਂ ਵਿਕਾਸ ਪਹਿਲਕਦਮੀਆਂ ਲਈ ਸਮਾਂ ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ।