ਯੈੱਸ ਪੰਜਾਬ
ਜਲੰਧਰ, 13 ਦਸੰਬਰ, 2024
ਜ਼ਿਲ੍ਹਾ Jalandhar ਵਿਖੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ Punjab ਰਾਜ ਚੋਣ ਕਮਿਸ਼ਨ ਵੱਲੋਂ ਚੋਣ ਆਬਜ਼ਰਵਰ ਵਜੋਂ ਤਾਇਨਾਤ IAS ਅਧਿਕਾਰੀ Harpreet Singh Sudan ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਚੋਣ ਅਮਲ ਨੂੰ ਪੂਰੀ ਸੁਤੰਤਰਤਾ, ਨਿਰਪੱਖਤਾ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ Dr. Himanshu Aggarwal ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਆਬਜ਼ਰਵਰ ਨੇ ਇਹ ਚੋਣਾਂ ਨਿਰਪੱਖ, ਪਾਰਦਰਸ਼ੀ ਅਤੇ ਅਮਨ-ਅਮਾਨ ਨਾਲ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਪੋਲਿੰਗ ਬੂਥਾਂ, ਚੋਣ ਅਮਲੇ ਦੀ ਸਿਖ਼ਲਾਈ, ਡਿਸਪੈਚ ਅਤੇ ਕੁਲੈਕਸ਼ਨ ਸੈਂਟਰ, ਵੋਟਾਂ ਪੈਣ ਤੋਂ ਬਾਅਦ ਈ.ਵੀ.ਐਮਜ਼ ਨੂੰ ਸਟਰਾਂਗ ਰੂਮ ਵਿੱਚ ਰੱਖਣ, ਫੋਰਸ ਦੀ ਤਾਇਨਾਤੀ ਸਮੇਤ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਸ਼੍ਰੀ ਸੂਦਨ ਨੇ ਲੋੜੀਂਦੀ ਤਕਨੀਕੀ ਸਹਾਇਤਾ ’ਤੇ ਵੀ ਜ਼ੋਰ ਦਿੱਤਾ, ਤਾਂ ਜੋ ਵੋਟਿੰਗ ਦੀ ਪ੍ਰਕਿਰਿਆ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਪੂਰੀ ਸੰਜੀਦਗੀ ਨਾਲ ਲਿਆ ਜਾਵੇ ਅਤੇ ਰਿਟਰਨਿੰਗ ਅਧਿਕਾਰੀ ਅਤੇ ਹੋਰ ਚੋਣ ਅਮਲਾ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣੀ ਯਕੀਨੀ ਬਣਾਉਣ।
ਉਨ੍ਹਾਂ ਚੋਣ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਵੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਪੂਰੀ ਤਰ੍ਹਾਂ ਚੌਕਸ ਤੇ ਮੁਸਤੈਦ ਰਹਿਣ ਲਈ ਕਿਹਾ।
ਚੋਣ ਆਬਜ਼ਰਵਰ ਨੇ ਜ਼ਿਲ੍ਹੇ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਅਤੇ ਕਾਗਜ਼ਾਂ ਦੀ ਪੜਤਾਲ ਸ਼ਾਂਤੀਪੂਰਵਕ ਨੇਪਰੇ ਚੜ੍ਹਨ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਚੋਣ ਆਬਜ਼ਰਵਰ ਨੂੰ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਬਿਹਤਰ ਤਾਲਮੇਲ ਲਈ ਪੀ.ਸੀ.ਐਸ. ਰੈਂਕ ਦੇ ਚਾਰ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਚੋਣ ਅਮਲੇ ਦੀਆਂ ਰਿਹਰਸਲਾਂ, ਸਟਰਾਂਗ ਰੂਮ, ਵੋਟਾਂ ਪਵਾਉਣ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਆਜ਼ਾਦ, ਪਾਰਦਰਸ਼ੀ ਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹੀ ਜਾਵੇਗੀ।
ਇਸ ਮੌਕੇ ਡੀ.ਸੀ.ਪੀ. ਆਦਿਤਿਆ ਨੇ ਸੁਰੱਖਿਆ ਸਬੰਧੀ ਇੰਤਜ਼ਾਮ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਚੋਣਾਂ ਦੌਰਾਨ ਲੜੀਂਦੀ ਫੋਰਸ ਤਾਇਨਾਤ ਕੀਤੀ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਚੋਣ ਆਬਜ਼ਰਵਰ ਨੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਚੱਲ ਰਹੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਸੁਨੀਲ ਫੋਗਾਟ ਆਈ.ਏ.ਐਸ. (ਯੂ.ਟੀ.), ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਬੁਧੀਰਾਜ ਸਿੰਘ, ਐਸ.ਡੀ.ਐਮ. ਰਣਦੀਪ ਸਿੰਘ ਤੇ ਬਲਬੀਰ ਰਾਜ ਸਿੰਘ, ਈ.ਓ. ਪੁੱਡਾ ਅਲਕਾ ਕਾਲੀਆ, ਏ.ਸੀ.ਏ. ਜੇ.ਡੀ.ਏ. ਦਰਬਾਰਾ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।