ਯੈੱਸ ਪੰਜਾਬ
ਪਟਿਆਲਾ, 27 ਸਤੰਬਰ, 2024
ਖੇਡਾਂ ਵਤਨ ਪੰਜਾਬ ਦੀਆਂ ਨੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਹੈ ਤੇ ਇੰਨਾਂ ਖੇਡਾਂ ਵਿੱਚੋਂ ਹੀ ਆਉਣ ਵਾਲੇ ਸਮੇਂ ਅੰਦਰ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀ ਨਿਕਲਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਮੁੱਖ ਮੰਤਰੀ ਦਫ਼ਤਰ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ ਨੇ ਅੱਜ ਪਟਿਆਲਾ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਖਿਡਾਰੀ ਨੂੰ ਮੈਡਮ ਤਕਸੀਮ ਕਰਨ ਮੌਕੇ ਕੀਤਾ।
ਬਲਤੇਜ ਪੰਨੂ ਨੇ ਕਿਹਾ ਕਿ ਲਗਾਤਾਰ ਤੀਸਰੇ ਸਾਲ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਪੰਜਾਬ ਦੇ ਹਰੇਕ ਉਮਰ ਵਰਗ ਦੇ ਵਿਅਕਤੀ ਨੂੰ ਖੇਡ ਮੈਦਾਨਾਂ ‘ਚ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਪੰਜਾਬ ਵਿੱਚ ਖੇਡ ਸਭਿਆਚਾਰ ਵਿਕਸਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਬੈਡਮਿੰਟਨ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਤਕਸੀਮ ਕੀਤੇ।
ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ 23 ਸਤੰਬਰ ਤੋਂ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੁਕਾਬਲੇ 30 ਸਤੰਬਰ ਤੱਕ ਚੱਲਣਗੇ।