ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2024
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਗੋਦਾਮਾਂ ‘ਚ ਪਹਿਲਾਂ ਪਈਆਂ ਫ਼ਸਲਾਂ ਨੂੰ ਸ਼ਿਫਟ ਕਰਨ ਵਿੱਚ ਜਾਣਬੁੱਝ ਕੇ ਦੇਰੀ ਕੀਤੇ ਜਾਣ ਕਾਰਨ ਝੋਨੇ ਦੇ ਖਰੀਦ ਕਾਰਜਾਂ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਨੇ ਮੰਡੀਆਂ ‘ਚੋਂ ਝੋਨੇ ਦੀ ਲਿਫ਼ਟਿੰਗ ਵਿੱਚ ਢਿੱਲ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਰਵੱਈਏ ਕਰਕੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੇ ਸੂਬੇ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਆਏ ਕੁੱਲ 31 ਲੱਖ ਮੀਟਰਕ ਟਨ ਝੋਨੇ ਦੀ ਫ਼ਸਲ ਵਿੱਚੋਂ 28 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਨੂੰ ਹਮੇਸ਼ਾ ਹੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਉਣ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪਿਛਲੇ ਸੀਜ਼ਨਾਂ ਦੌਰਾਨ ਖਰੀਦੀਆਂ ਗਈਆਂ ਫਸਲਾਂ ਨੂੰ ਗੋਦਾਮਾਂ ਤੋਂ ਚੁੱਕਣ ਵਿੱਚ ਨਾਕਾਮ ਰਹੀ ਹੈ ਜਿਸ ਕਰਕੇ ਭੰਡਾਰਨ ਸਮਰੱਥਾ ਦੀ ਘਾਟ ਹੋਣ ਕਾਰਨ ਫ਼ਸਲ ਦੀ ਚੁਕਾਈ ਸਬੰਧੀ ਕਾਰਜ ਪ੍ਰਭਾਵਿਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਸੂਬੇ ਦੇ ਗੋਦਾਮਾਂ ਵਿੱਚ ਪਈਆਂ ਫ਼ਸਲਾਂ ਨੂੰ ਤਬਦੀਲ ਕਰਨ ਕਈ ਵਾਰ ਬੇਨਤੀਆਂ ਕੀਤੀਆਂ ਤਾਂ ਜੋ ਅਗਲੀ ਫ਼ਸਲ ਲਈ ਸਟੋਰੇਜ ਦੀ ਕੋਈ ਸਮੱਸਿਆ ਨਾ ਆਵੇ, ਜਿਨ੍ਹਾਂ ਨੂੰ ਕੇਂਦਰ ਵੱਲੋਂ ਹਰ ਵਾਰ ਜਾਣਬੁੱਝ ਕੇ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਅਤੇ ਰਾਈਸ ਮਿੱਲਰਾਂ ਨੂੰ ਮਿਲ ਕੇ ਇਸ ਸਮੱਸਿਆ ਦਾ ਹੱਲ ਲੱਭਣ ਲਈ ਸਹਿਯੋਗ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਕੀਤੀਆਂ ਗਈਆਂ ਨਿੱਜੀ ਬੇਨਤੀਆਂ ਦੇ ਬਾਵਜੂਦ ਵੀ ਕੇਂਦਰ ਸਰਕਾਰ ਦੇ ਕੰਨ ਉੱਤੇ ਜੂੰ ਨਹੀਂ ਸਰਕੀ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਝੋਨੇ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।