ਯੈੱਸ ਪੰਜਾਬ
ਢੁੱਡੀਕੇ (ਮੋਗਾ),28 ਜਨਵਰੀ, 2025
Punjab Kesari ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ Lala Lajpat Rai ਜੀ ਦਾ 160ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ Dhudike ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਸਕੱਤਰ ਰਾਜ ਜੰਗ ਸਿੰਘ, ਵਾਈਸ ਚੇਅਰੈਮਨ ਸ੍ਰ. ਰਣਜੀਤ ਸਿੰਘ ਧੰਨਾ ਅਤੇ ਹੋਰ ਲੋਕ ਵੀ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ।
ਹਰੇਕ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨਾਂ ਦੇ ਸਿਰ ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ। ਉਹਨਾਂ ਦੇ ਪਾਏ ਪੂਰਨਿਆਂ ਉੱਤੇ ਚੱਲਦੇ ਹੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਸਭ ਤੋਂ ਵੱਧ ਤਵੱਜ਼ੋ ਦਿੱਤੀ ਜਾ ਰਹੀ ਹੈ।
ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਨਾਲ ਅੱਜ ਦੀ ਨੌਜਵਾਨ ਪੀੜੀ ਨੂੰ ਦੇਸ਼ ਭਗਤੀ ਦਾ ਜਜ਼ਬਾ ਕਾਇਮ ਕਰਨ ਦੀ ਪ੍ਰੇਰਨਾ ਮਿਲਦੀ ਹੈ।
ਸਮੂਹ ਹਾਜ਼ਰੀਨ ਨੇ ਏ.ਡੀ.ਸੀ. ਚਾਰੂਮਿਤਾ ਦੀ ਹਾਜਰੀ ਵਿੱਚ ਲਾਲਾ ਜੀ ਦੀ ਬੁੱਤ ਉੱਤੇ ਪਹੁੰਚ ਕੇ ਉਨਾਂ ਨੂੰ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਉਨਾਂ ਦੀ ਕੁਰਬਾਨੀ ਨੂੰ ਯਾਦ ਕੀਤਾ।
ਇਸ ਮੌਕੇ ਉਨਾਂ ਲਾਇਬਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਅੰਤ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਵੀ ਕੀਤਾ। ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਨ ਨੂੰ ਸਮਰਪਿਤ 24 ਤੋਂ 28 ਜਨਵਰੀ ਤੱਕ 70ਵਾਂ ਖੇਡ ਮੇਲਾ ਵੀ ਆਯੋਜਿਤ ਕਰਵਾਇਆ ਗਿਆ ਜਿਸ ਵਿੱਚ ਹਾਕੀ, ਕਬੱਡੀ, ਫੁੱਟਬਾਲ, ਬੈਡਮਿੰਟਨ ਆਦਿ ਖੇਡਾਂ ਕਰਵਾਈਆਂ ਗਈਆ ਅਤੇ ਜੇਤੂ ਖਿਡਾਰੀਆਂ ਨੂੰ ਕਮੇਟੀ ਤਰਫੋਂ ਲੱਖਾਂ ਰੁਪਏ ਦੇ ਇਨਾਮਾਂ ਦੀ ਵੰਡ ਵੀ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਗੁਰਦੇਵ ਸਿੰਘ, ਸੁਮਿੱਤਰ ਸਿੰਘ ਮੈਂਬਰ, ਗੁਰਮੀਤ ਸਿੰਖ ਮੈਂਬਰ ਪੰਚਾਇਤ, ਮਾਸਟਰ ਬਲਵਿੰਦਰ ਸਿੰਘ ਕਮੇਟੀ ਮੈਂਬਰ, ਮੋਹਨ ਲਾਲ ਕਮੇਟੀ ਮੈਂਬਰ, ਸਰਬਜੀਤ ਸਿੰਘ ਕਮੇਟੀ ਮੈਂਬਰ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਦਰਸ਼ਪ੍ਰੀਤ ਸਿੰਘ ਸਰਪੰਚ, ਜਸਦੀਪ ਸਿੰਘ ਗੈਰੀ ਸਾਬਕਾ ਸਰਪੰਚ ਆਦਿ ਹਾਜ਼ਰ ਸਨ।