ਯੈੱਸ ਪੰਜਾਬ
ਚੰਡੀਗੜ੍ਹ, 8 ਅਪ੍ਰੈਲ, 2025
ਆਮ ਆਦਮੀ ਪਾਰਟੀ (AAP) ਦੇ ਨੇਤਾ ਅਤੇ ਬੁਲਾਰੇ Pawan Kumar Tinu ਨੇ ਭਾਜਪਾ ਨੇਤਾ Manoranjan Kalia ਦੇ ਘਰ ‘ਤੇ ਹੋਏ ਹਮਲੇ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਅਤੇ ਚਿੰਤਾਜਨਕ ਹੈ।
Jalandhar ਵਿੱਚ ‘ਆਪ’ ਵਿਧਾਇਕ ਰਮਨ ਅਰੋੜਾ, ਬਲਕਾਰ ਸਿੰਘ ਅਤੇ ਪਾਰਟੀ ਆਗੂ ਰਾਜਵਿੰਦਰ ਕੌਰ ਥਿਆੜਾ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਚਾਹੁੰਦੀਆਂ ਹਨ। ਅਜਿਹੀਆਂ ਹਿੰਸਕ ਘਟਨਾਵਾਂ ਰਾਹੀਂ ਉਹ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦਰਅਸਲ ਅਜਿਹੇ ਲੋਕ ਪੰਜਾਬ ਦੇ ਦੁਸ਼ਮਣ ਹਨ। ਇਹ ਲੋਕ ਪੰਜਾਬ ਦੀ ਤਰੱਕੀ ਅਤੇ ਸ਼ਾਂਤੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ।
ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਨ੍ਹਾਂ ਲੋਕਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਇਨ੍ਹਾਂ ਦਾ ਦਲੇਰੀ ਨਾਲ ਸਾਹਮਣਾ ਕੀਤਾ ਅਤੇ ਢੁੱਕਵਾਂ ਜਵਾਬ ਦਿੱਤਾ। ਇਸ ਵਾਰ ਵੀ ਲੋਕ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਦੇਣਗੇ।
ਪਵਨ ਟੀਨੂੰ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਹੈ। ਸਰਕਾਰ ਪਾਰਟੀਬਾਜ਼ੀ, ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ, ਬਿਨਾਂ ਕਿਸੇ ਭੇਦਭਾਵ ਦੇ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ। ਸੁਰੱਖਿਆ ਦੇ ਮੁੱਦੇ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦੀ ਹੀ ਦੋਸ਼ੀਆਂ ਨੂੰ ਫੜ ਕੇ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਅਤੇ ਇਸ ਘਟਨਾ ਦੇ ਪਿੱਛੇ ਮੌਜੂਦ ਲੋਕਾਂ ਦੀ ਵੀ ਪਛਾਣ ਕੀਤੀ ਜਾਵੇਗੀ।
‘ਆਪ’ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੇ ਕਾਨੂੰਨ ਵਿਵਸਥਾ ਨਾਲ ਖੇਡਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕਾਨੂੰਨ ਵਿਵਸਥਾ ਬਣਾਈ ਰੱਖਣਾ ਆਮ ਆਦਮੀ ਪਾਰਟੀ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਮਨੋਰੰਜਨ ਕਾਲੀਆ ਸਾਡੇ ਸਾਰਿਆਂ ਲਈ ਸਤਿਕਾਰ ਦੇ ਯੋਗ ਹਨ। ਉਹ ਸਾਡੇ ਪੁਰਾਣੇ ਦੋਸਤ ਹਨ। ਉਨ੍ਹਾਂ ਦੀ ਪੂਰੇ ਪੰਜਾਬ ਵਿੱਚ ਸਾਖ ਅਤੇ ਨਾਂ ਹੈ।