ਯੈੱਸ ਪੰਜਾਬ
ਚੰਡੀਗੜ੍ਹ, ਦਸੰਬਰ 7, 2024:
ਡਵੀਜ਼ਨਲ ਕਮਿਸ਼ਨਰ ਅਤੇ NRI Sabha Punjab ਦੇ ਚੇਅਰਮੈਨ Pradeep Kumar Sabharwal ਦੀ ਹਾਜ਼ਰੀ ਵਿੱਚ ਸਭਾ ਦੇ ਨਵਨਿਯੁਕਤ ਸੀਨੀਅਰ ਉਪ ਪ੍ਰਧਾਨ Satnam Singh Chana ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਪ੍ਰਧਾਨ ਐਨ.ਆਰ.ਆਈ ਸਭਾ ਪੰਜਾਬ ਪਰਵਿੰਦਰ ਕੌਰ, ਜਗਵੀਰ ਸਿੰਘ ਸ਼ੇਰਗਿੱਲ, ਮਹਿੰਦਰ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।
ਇਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਸਰਕਾਰ ਗੰਭੀਰ ਹੈ ਅਤੇ ਇਸੇ ਗੰਭੀਰਤਾ ਸਦਕਾ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਚੰਡੀਗੜ੍ਹ ਵਿਖੇ ਪਿਛਲੇ ਦਿਨੀਂ ਮੀਟਿੰਗ ਕੀਤੀ ਗਈ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਐਨ.ਆਰ.ਆਈ ਸਭਾ ਨਾਲ ਕੀਤੀ ਇਸ ਮੀਟਿੰਗ ਵਿੱਚ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰਿਆਂ ਦਾ ਜਾਇਜ਼ਾ ਲਿਆ ਗਿਆ।
ਸ਼੍ਰੀ ਸੱਭਰਵਾਲ ਨੇ ਆਸ ਪ੍ਰਗਟਾਉਂਦਿਆਂ ਕਿਹਾ ਕਿ ਨਵਨਿਯੁਕਤ ਸੀਨੀਅਰ ਉਪ ਪ੍ਰਧਾਨ ਸਤਨਾਮ ਸਿੰਘ ਚਾਨਾ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਭਾ ਵਿੱਚ ਇਹਨਾਂ ਦੀ ਸਰਗਰਮ ਭੂਮਿਕਾ ਰਹੇਗੀ।
ਉਨ੍ਹਾਂ ਕਿਹਾ ਕਿ ਸਭਾ ਦੇ ਜਲੰਧਰ ਸਮੇਤ 12 ਜ਼ਿਲ੍ਹਾ ਯੂਨਿਟ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਐਸ.ਬੀ.ਐਸ.ਨਗਰ, ਰੂਪਨਗਰ, ਐਸ.ਏ.ਐਸ. ਨਗਰ, ਪਟਿਆਲਾ ਅਤੇ ਮੋਗਾ ਸ਼ਾਮਿਲ ਹਨ।
ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਤੁਰੰਤ ਹੱਲ ਦੀ ਵਚਨਬੱਧਤਾ ਦੁਹਰਾਉਂਦਿਆਂ ਚੇਅਰਮੈਨ ਸ਼੍ਰੀ ਸੱਭਰਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਵਲੋਂ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਸਭਾ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਹਰ ਸਮੱਸਿਆ ਦਾ ਸਮੇਂ-ਸਿਰ ਨਿਪਟਾਰਾ ਕਰਨ ਲਈ ਵਚਨਬੱਧ ਹੈ।
ਜ਼ਿਕਰਯੋਗ ਹੈ ਕਿ ਸ਼੍ਰੀ ਸੱਭਰਵਾਲ ਵਲੋਂ 12 ਜ਼ਿਲ੍ਹਿਆਂ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਨਾਲ ਬੀਤੇ ਦਿਨੀਂ ਕੀਤੀ ਮੀਟਿੰਗ ਦੌਰਾਨ ਹਦਾਇਤ ਕੀਤੀ ਗਈ ਸੀ ਕਿ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਅਧਾਰ ’ਤੇ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦਫਤਰਾਂ ਵਿੱਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦਾ ਪੂਰਾ ਮਾਣ-ਸਤਿਕਾਰ ਬਹਾਲ ਰੱਖਿਆ ਜਾਵੇ।
ਸੀਨੀਅਰ ਉਪ ਪ੍ਰਧਾਨ ਦਾ ਅਹੁਦਾ ਸੰਭਾਲਨ ਦੌਰਾਨ ਸਤਨਾਮ ਸਿੰਘ ਚਾਨਾ ਨੇ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਸੌਂਪੀ ਗਈ ਜ਼ਿੰਮੇਵਾਰੀ ਨਿਭਾਉਣਗੇ।