ਯੈੱਸ ਪੰਜਾਬ
ਚੰਡੀਗੜ੍ਹ, 12 ਅਪ੍ਰੈਲ, 2025
Punjab ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, Chandigarh ਦੇ ਪ੍ਰਸ਼ਾਸਕ, ਸ੍ਰੀ Gulab Chand Kataria ਨੇ ਅੱਜ ਵਿਸਾਖੀ ਦੀ ਪੂਰਵ ਸੰਧਿਆ ‘ਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਸ੍ਰੀ Gulab Chand Kataria ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਕਈ ਪੱਖਾਂ ਤੋਂ ਮਹੱਤਵਪੂਰਨ ਹੈ। ਇਹ ਤਿਉਹਾਰ ਹਾੜੀ ਦੀ ਫ਼ਸਲ ਦੇ ਪੱਕਣ ਪ੍ਰਤੀਕ ਹੈ, ਜਦੋਂ ਕਿਸਾਨਾਂ ਨੂੰ ਆਪਣੇ ਖੂਨ-ਪਸੀਨੇ ਦੀ ਕਮਾਈ ਦਾ ਫਲ ਮਿਲਦਾ ਹੈ ਅਤੇ ਉਹ ਖੁਸ਼ੀ ਨਾਲ ਇਸ ਤਿਉਹਾਰ ਨੂੰ ਮਨਾਉਂਦੇ ਹਨ।
ਰਾਜਪਾਲ ਨੇ ਅੱਗੇ ਦੱਸਿਆ ਕਿ ਇਸ ਸ਼ੁਭ ਅਵਸਰ ਸਿੱਖ ਧਰਮ ਦੇ ਸ਼ਾਨਾਮੱਤੇ ਇਤਿਹਾਸ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ, ਕਿਉਂਕਿ ਇਸ ਦਿਨ ਸੰਨ 1699 ਵਿੱਚ ਸਿੱਖਾਂ ਦੇ 10ਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਜ਼ੁਲਮ ਵਿਰੁੱਧ ਲੜਨ ਅਤੇ ਮਨੁੱਖੀ ਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਸਥਾਪਨਾ ਕੀਤੀ ਸੀ ਅਤੇ ਇਸ ਉਦੇਸ਼ ਲਈ ਉਨ੍ਹਾਂ ਨੇ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ ਸੀ।
ਸ੍ਰੀ ਕਟਾਰੀਆ ਨੇ ਅੱਗੇ ਕਿਹਾ ਕਿ ਇਹ ਦਿਨ ਸੰਨ 1919 ਵਿੱਚ ਸਾਡੀ ਆਜ਼ਾਦੀ ਦੀ ਲਹਿਰ ਵਿੱਚ ਇੱਕ ਮਹੱਤਵਪੂਰਨ ਮੋੜ ਸੀ ਕਿਉਂਕਿ ਇਸ ਦਿਨ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਕਰਦਿਆਂ ਕਈ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਇਸ ਕਤਲੇਆਮ ਨੇ ਆਜ਼ਾਦੀ ਦੀ ਲਹਿਰ ਨੂੰ ਇੱਕ ਨਵਾਂ ਮੋੜ ਦਿੱਤਾ।
ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਨੂੰ ਜਾਤ, ਨਸਲ, ਰੰਗ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਸਦਭਾਵਨਾ, ਸਮਾਜਿਕ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਇਕਜੁੱਟ ਹੋ ਕੇ ਮਨਾਉਣ।