ਯੈੱਸ ਪੰਜਾਬ
ਚੰਡੀਗੜ੍ਹ, 23 ਅਕਤੂਬਰ, 2024:
ਕਾਂਗਰਸ ਪਾਰਟੀ ਨੇ ਸੋਮਵਾਰ ਨੂੰ ਪੰਜਾਬ ਜ਼ਿਮਨੀ ਚੋਣਾਂ ਲਈ ਚਾਰਾਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।
ਪਾਰਟੀ ਵੱਲੋਂ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਸੀਟਾਂ ਲਈ ਸਾਰੇ ਉਮੀਦਵਾਰਾਂ ਦੇ ਨਾਂਵਾਂ ਦੀ ਇੱਕ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਪ੍ਰਧਾਨ ਮੱਲਿਕਾਰਜੁਨ ਖ਼ੜਗੇ ਦੀ ਪ੍ਰਵਾਨਗੀ ਤੋਂ ਬਾਅਦ ਇਹ ਸੂਚੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ੍ਰੀ ਕੇ.ਸੀ.ਵੇਨੂੰਗੋਪਾਲ ਵੱਲੋਂ ਜਾਰੀ ਕੀਤੀ ਗਈ।
ਪਾਰਟੀ ਨੇ ਗਿੱਦੜਬਾਹਾ ਤੋਂ ਲੁਧਿਆਣਾ ਦੇ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ। ਉਹ ਗੁਰਦਾਸਪੁਰ ਤੋਂ ਪਾਰਟੀ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਧਰਮਪਤਨੀ ਹਨ।
ਹੁਸ਼ਿਆਰਪੁਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਣਜੀਤ ਕੁਮਾਰ ਨੂੰ ਚੱਬੇਵਾਲ ਰਾਖਵੇਂ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਲੋਕ ਸਭਾ ਚੋਣਾਂ 2024 ਦੌਰਾਨ ਹੁਸ਼ਿਆਰਪੁਰ ਤੋਂ ਬਸਪਾ ਟਿਕਟ ’ਤੇ ਚੋਣ ਲੜੇ ਰਣਜੀਤ ਕੁਮਾਰ ਪਿੱਛੇ ਜਿਹੇ ਹੀ ਬਸਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ।
ਬਰਨਾਲਾ ਹਲਕੇ ਤੋਂ ਪਾਰਟੀ ਦੇ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।