Wednesday, November 6, 2024
spot_img
spot_img
spot_img

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ 22 ਹਜ਼ਾਰ ਤੋਂ ਵੱਧ ਮਸ਼ੀਨਾਂ

ਯੈੱਸ ਪੰਜਾਬ
ਚੰਡੀਗੜ੍ਹ, 11 ਜੁਲਾਈ, 2024

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ 22,000 ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਮੁਹੱਈਆ ਕਰਵਾਏਗੀ।

ਖੇਤੀਬਾੜੀ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਥੇ ਕਿਸਾਨ ਭਵਨ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਬਸਿਡੀ ਵਾਲੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਡਰਾਅ ਇਸ ਮਹੀਨੇ ਦੇ ਅੰਦਰ-ਅੰਦਰ ਕੱਢੇ ਜਾਣ ਅਤੇ ਝੋਨੇ ਦੀ ਕਟਾਈ ਸ਼ੁਰੂ ਹੋਣ ਤੋਂ ਪਹਿਲਾਂ ਅਗਸਤ, 2024 ਦੇ ਅੰਤ ਤੱਕ ਲਾਭਪਾਤਰੀ ਕਿਸਾਨਾਂ ਨੂੰ ਸਬਸਿਡੀ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਝੋਨੇ ਦੀ ਕਟਾਈ ਦੇ ਸੀਜ਼ਨ 2024-25 ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਬਸਿਡੀ ‘ਤੇ ਮਸ਼ੀਨਾਂ ਮੁਹੱਈਆ ਕਰਾਉਣ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ ਕੀਤੀ ਹੈ। ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨ ਦੀ ਲਾਗਤ ‘ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਸਹਿਕਾਰੀ ਸਭਾਵਾਂ, ਐਫ.ਪੀ.ਓਜ਼. ਅਤੇ ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੋਵੇਗੀ।

ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਨੂੰ ਭਰਵਾਂ ਹੁੰਗਾਰਾ ਦੇਣ ਲਈ ਸੂਬੇ ਦੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 28 ਫੀਸਦੀ ਵਾਧਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ 2.20 ਲੱਖ ਏਕੜ ਰਕਬੇ ਵਿੱਚ ਸਿੱਧੀ ਬਿਜਾਈ ਕੀਤੀ ਜਾ ਚੁੱਕੀ ਹੈ, ਜੋ ਕਿ 2023 ਵਿੱਚ ਕੁੱਲ 1.72 ਲੱਖ ਏਕੜ ਸੀ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸੀਜ਼ਨ ਦੌਰਾਨ ਸਿੱਧੀ ਬਿਜਾਈ ਅਧੀਨ 5 ਲੱਖ ਏਕੜ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ ਸੂਬੇ ਵਿੱਚ ਸਾਉਣੀ ਦੀ ਮੱਕੀ ਦੀ ਬਿਜਾਈ ਸਬੰਧੀ ਸਥਿਤੀ ਦਾ ਵੀ ਜਾਇਜ਼ਾ ਲਿਆ, ਜਿਸ ਲਈ ਸੂਬਾ ਸਰਕਾਰ ਮੱਕੀ ਦੇ ਪ੍ਰਤੀ 1 ਕਿਲੋਗ੍ਰਾਮ ਹਾਈਬ੍ਰਿਡ ਬੀਜ ਦੀ ਖਰੀਦ ਪਿੱਛੇ 100 ਰੁਪਏ ਸਬਸਿਡੀ ਦੇ ਰਹੀ ਹੈ। ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸਾਉਣੀ ਦੀ ਮੱਕੀ ਦੀ ਹੁਣ ਤੱਕ 1 ਲੱਖ ਏਕੜ ਰਕਬੇ ਵਿੱਚ ਬਿਜਾਈ ਹੋ ਚੁੱਕੀ ਹੈ ਅਤੇ ਉਨ੍ਹਾਂ ਨੇ ਮੰਤਰੀ ਨੂੰ ਭਰੋਸਾ ਦਿੱਤਾ ਕਿ ਸਾਉਣੀ ਦੀ ਮੱਕੀ ਅਧੀਨ ਦੋ ਲੱਖ ਏਕੜ ਰਕਬੇ ਨੂੰ ਲਿਆਉਣ ਦਾ ਟੀਚਾ ਜਲਦੀ ਪੂਰਾ ਕੀਤਾ ਜਾਵੇਗਾ।

ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਅਤੇ ਗ਼ੈਰ-ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤੂਆਂ ਦੀ ਵਿਕਰੀ ਖਿ਼ਲਾਫ਼ ਕਾਰਵਾਈ ਜਾਰੀ ਰੱਖਣ ਲਈ ਆਖਦਿਆਂ ਖੇਤੀਬਾੜੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੀਟਿੰਗ ਵਿੱਚ ਜੁਆਇੰਟ ਡਾਇਰੈਕਟਰ ਇੰਜਨੀਅਰਿੰਗ ਜਗਦੀਸ਼ ਸਿੰਘ, ਜੁਆਇੰਟ ਡਾਇਰੈਕਟਰ (ਪਲਾਂਟ ਪ੍ਰੋਟੈਕਸ਼ਨ) ਨਰਿੰਦਰ ਸਿੰਘ ਬੈਨੀਪਾਲ, ਜੁਆਇੰਟ ਡਾਇਰੈਕਟਰ ਅੰਕੜਾ ਹਰਪ੍ਰੀਤ ਕੌਰ, ਜੁਆਇੰਟ ਡਾਇਰੈਕਟਰ ਪਸਾਰ ਤੇ ਸਿਖਲਾਈ ਦਿਲਬਾਗ ਸਿੰਘ, ਜੁਆਇੰਟ ਡਾਇਰੈਕਟਰ (ਇਨਪੁਟਸ) ਗੁਰਜੀਤ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ