ਯੈੱਸ ਪੰਜਾਬ
ਚੰਡੀਗੜ੍ਹ, 8 ਫਰਵਰੀ, 2025
ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ Punjab ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਆਸ਼ਰਿਤਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ।
ਰੱਖਿਆ ਸੇਵਾਵਾਂ ਭਲਾਈ ਮੰਤਰੀ Mohinder Bhagat ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਐਕਸ-ਗ੍ਰੇਸ਼ੀਆ ਰਾਸ਼ੀ ਵਿੱਚ 50 ਲੱਖ ਰੁਪਏ ਤੋਂ 1 ਕਰੋੜ ਰੁਪਏ ਦਾ ਵਾਧਾ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸੂਬਾ ਸਰਕਾਰ ਦੇ ਸਤਿਕਾਰ ਅਤੇ ਧੰਨਵਾਦ ਨੂੰ ਦਰਸਾਉਂਦਾ ਹੈ।
ਉਹਨਾਂ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਆਪਣੇ ਹਥਿਆਰਬੰਦ ਸੈਨਾਵਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਹੁਣ ਤੱਕ ਸ਼ਹੀਦ ਸੈਨਿਕਾਂ ਦੇ 24 ਪਰਿਵਾਰਾਂ ਨੂੰ ਇਸ ਵਧੀ ਹੋਈ ਵਿੱਤੀ ਸਹਾਇਤਾ ਦਾ ਲਾਭ ਮਿਲ ਚੁੱਕਾ ਹੈ।
ਮੰਤਰੀ ਨੇ ਦੱਸਿਆ ਕਿ ਐਕਸ-ਗ੍ਰੇਸ਼ੀਆ ਵਾਧੇ ਤੋਂ ਇਲਾਵਾ ਸਰਕਾਰ ਵੱਲੋਂ ਕਈ ਹੋਰ ਭਲਾਈ ਉਪਾਅ ਵੀ ਲਾਗੂ ਕੀਤੇ ਗਏ ਹਨ, ਜਿਸ ਵਿੱਚ ਦਿਵਿਆਂਗ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਵਧਾ ਕੇ ਦੁੱਗਣਾ ਕਰਨਾ ਸ਼ਾਮਲ ਹੈ, ਜੋ ਕਿ ਉਹਨਾਂ ਦੀ ਅਸਮਰਥਾ ਦੇ ਆਧਾਰ ‘ਤੇ 10 ਲੱਖ ਰੁਪਏ ਤੋਂ 40 ਲੱਖ ਰੁਪਏ ਤੱਕ ਹੈ।
ਉਹਨਾਂ ਕਿਹਾ ਕਿ ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਥਿਰਤਾ ਅਤੇ ਸਹਾਇਤਾ ਪ੍ਰਦਾਨ ਕਰਨਾ ਹੈ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ।