Monday, March 17, 2025
spot_img
spot_img
spot_img
spot_img

Punjab Govt ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ Pakistan ਬੌਖਲਾਇਆ: Meet Hayer, Malvinder Kang

ਯੈੱਸ ਪੰਜਾਬ
ਚੰਡੀਗੜ੍ਹ, 16 ਮਾਰਚ, 2025

Jalandhar ਦੇ Rasulpur ‘ਚ ਹੋਏ ਗ੍ਰਨੇਡ ਹਮਲੇ ‘ਤੇ ਆਮ ਆਦਮੀ ਪਾਰਟੀ (AAP) ਨੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ। ਪਾਰਟੀ ਦੇ ਸੰਸਦ ਮੈਂਬਰ Gurmeet Singh Meet Hayer ਨੇ ਕਿਹਾ ਕਿ Pakistan Punjab ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤੋਂ ਪ੍ਰੇਸ਼ਾਨ ਹੋ ਗਿਆ ਹੈ। ਇਸੇ ਲਈ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

Meet Hayer ਨੇ ਕਿਹਾ ਕਿ Punjab ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ‘ਚ ਨਸ਼ਿਆਂ ਦਾ ਗੱਠਜੋੜ ਤੋੜ ਰਹੀ ਹੈ ਅਤੇ ਇਸ ਨਾਲ ਪਾਕਿਸਤਾਨ ਦੇ ਡਰੱਗ ਮਾਫ਼ੀਆ ਨੂੰ ਤਕਲੀਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਇਸ ਪਾਸੇ ਉਠਾਉਣ ਵਾਲਾ ਕੋਈ ਨਹੀਂ ਹੈ।

‘ਆਪ’ ਸਾਂਸਦ ਨੇ ਕਿਹਾ ਕਿ ਇਹ ਘਟਨਾ ਸਿਰਫ਼ ਪੰਜਾਬ ਦੀ ਨਹੀਂ ਸਗੋਂ ਕੌਮੀ ਸੁਰੱਖਿਆ ਦੀ ਹੈ। ਪੰਜਾਬ ਅਤੇ ਪਾਕਿਸਤਾਨ ਦੀ 500 ਕਿੱਲੋਮੀਟਰ ਦੀ ਸਰਹੱਦ ਸਾਂਝੀ ਹੈ, ਪਰ ਕੇਂਦਰੀ ਏਜੰਸੀਆਂ ਵੱਲੋਂ ਨਸ਼ਿਆਂ ਦੀ ਸਪਲਾਈ ਨੂੰ ਕਾਬੂ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ। ਇਹ ਬੇਹੱਦ ਮੰਦਭਾਗਾ ਹੈ।

ਮੀਤ ਹੇਅਰ ਨੇ ਭਾਜਪਾ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਹਾਲ ਹੀ ‘ਚ ਸ਼ਹਿਜ਼ਾਦ ਭੱਟੀ ਅਤੇ ਲਾਰੇਂਸ ਬਿਸ਼ਨੋਈ ਵਿਚਾਲੇ ਗੱਲਬਾਤ ਦਾ ਵੀਡੀਓ ਵਾਇਰਲ ਹੋਇਆ ਸੀ ਅਤੇ ਭਾਜਪਾ ਨੇ ਉਨ੍ਹਾਂ ਨੂੰ ਗੁਜਰਾਤ ਦੀ ਸਾਬਰਮਤੀ ਜੇਲ ‘ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ। ਪਰ ਕੀ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ?

ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਪਾਕਿਸਤਾਨ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਾ ਹੈ, ਉਸ ਨੂੰ ਦਿੱਕਤ ਹੈ ਕਿ ਪੰਜਾਬ ਵਿੱਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ – ਮਲਵਿੰਦਰ ਸਿੰਘ ਕੰਗ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਾਕਿਸਤਾਨ ਇਸ ਗੱਲ ਤੋਂ ਚਿੰਤਤ ਹੈ ਕਿ ਪੰਜਾਬ ‘ਚ ਨਸ਼ਾ ਕਿਉਂ ਖ਼ਤਮ ਹੋ ਰਿਹਾ ਹੈ। ਇਸ ਦੀ ਤਾਜ਼ਾ ਮਿਸਾਲ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਵੱਲੋਂ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲੈਣਾ ਹੈ। ਇਸ ਤੋਂ ਪਾਕਿਸਤਾਨ ਦੀ ਸਾਜ਼ਿਸ਼ ਸਾਫ਼ ਜ਼ਾਹਿਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਵਾਈ ਕਾਰਨ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦਾ ਵਪਾਰ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਉਹ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਹੈ।

ਕੰਗ ਨੇ ਇਸ ਮਾਮਲੇ ‘ਤੇ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਸ਼ਹਿਜ਼ਾਦ ਭੱਟੀ ਉਹੀ ਵਿਅਕਤੀ ਹੈ ਜਿਸ ਦੀ ਲਾਰੇਂਸ ਬਿਸ਼ਨੋਈ ਨਾਲ ਵੀਡੀਓ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ। ਇਸ ਲਈ ਭਾਜਪਾ ਆਗੂਆਂ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਗੁਜਰਾਤ ਸਰਕਾਰ ਨੇ ਲਾਰੇਂਸ ਬਿਸ਼ਨੋਈ ਨੂੰ ਜਵਾਈ ਵਾਂਗ ਸਾਬਰਮਤੀ ਜੇਲ੍ਹ ਵਿੱਚ ਕਿਉਂ ਰੱਖਿਆ ਹੈ?

ਕੰਗ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਲਾਰੇਂਸ ਬਿਸ਼ਨੋਈ ਨੂੰ ਆਪਣੀ ਰਾਜਨੀਤੀ ਲਈ ਵਰਤਦੀ ਹੈ ਅਤੇ ਬਦਲੇ ਵਿੱਚ ਉਨ੍ਹਾਂ ਨੂੰ ਜੇਲ੍ਹ ਵਿੱਚ ਸਰਕਾਰੀ ਸੁਰੱਖਿਆ ਅਤੇ ਹੋਟਲ ਵਰਗੀ ਸਹੂਲਤਾਂ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਪਤਾ ਹੈ ਕਿ ਭਾਜਪਾ ਅਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਚਾਲੇ ਕੀ ਰਿਸ਼ਤਾ ਹੈ।

ਕੰਗ ਨੇ ਭਾਜਪਾ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਨੂੰ ਉਸ ਨੇ ਗੁਜਰਾਤ ‘ਚ ਮਹਿਮਾਨ ਵਜੋਂ ਰੱਖਿਆ ਹੋਇਆ ਹੈ, ਨਾਲ ਜੁੜੇ ਲੋਕ ਪੰਜਾਬ ‘ਚ ਹਮਲੇ ਕਰਵਾ ਕੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਆਗੂਆਂ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਕੀ ਭਾਜਪਾ ਆਪਣੀ ਘਟੀਆ ਰਾਜਨੀਤੀ ਲਈ ਪੰਜਾਬ ਵਿੱਚ ਅਜਿਹੇ ਹਮਲੇ ਕਰਵਾ ਰਹੀ ਹੈ?

ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਤੋਂ ਲੱਗਦਾ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਂ ਕੋਈ ਹੋਰ ਪਾਰਟੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਨਹੀਂ ਰੁਕੇਗੀ। ਪਾਕਿਸਤਾਨ ਹੋਵੇ ਜਾਂ ਭਾਜਪਾ, ਅਸੀਂ ਕਿਸੇ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।

ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅਸੀਂ ਨਸ਼ਿਆਂ ਦੇ ਖਾਤਮੇ ਦਾ ਪ੍ਰਣ ਲਿਆ ਹੈ ਅਤੇ ਇਹ ਪੰਜਾਬ ਸਰਕਾਰ ਦਾ ਸੂਬੇ ਦੇ ਲੋਕਾਂ ਨਾਲ ਵਾਅਦਾ ਹੈ ਅਤੇ ਅਸੀਂ ਇਸ ਨੂੰ ਪੂਰਾ ਕਰਾਂਗੇ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ