ਯੈੱਸ ਪੰਜਾਬ
ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ, 2025
ਮੁੱਖ ਮੰਤਰੀ Bhagwant Singh Mann ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਬਾਰਡਰ ਰੇਂਜ Amritsar ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) Punjab Gaurav Yadav ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜਾ, ਵਾਸੀ ਪਿੰਡ ਧਨੋਏ ਖੁਰਦ ਤੇ ਮੌਜੂਦਾ ਸਮੇਂ ਵਾਸੀ ਪਿੰਡ ਰਤਨ ਅਤੇ ਅਭਿਜੀਤ ਸਿੰਘ ਉਰਫ ਹੈਪੀ, ਵਾਸੀ ਪਿੰਡ ਮਾਹਲ ਤੇ ਮੌਜੂਦਾ ਸਮੇਂ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਦੇ ਵਾਸੀ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਭੇਜ ਪਾਕਿਸਤਾਨ ਅਧਾਰਤ ਤਸਕਰ ਰਾਣਾ ਦੇ ਸਿੱਧਾ ਸੰਪਰਕ ਵਿੱਚ ਸੀ ਅਤੇ ਖੇਪ ਦੀ ਡਿਲਿਵਰੀ ਲਈ ਤਾਲਮੇਲ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਆਪਣੀ ਗ੍ਰਿਫ਼ਤਾਰੀ ਤੋਂ ਕੁਝ ਦਿਨ ਪਹਿਲਾਂ, ਪਾਕ ਅਧਾਰਤ ਸਮਗਲਰ ਨਾਲ ਮਿਲ ਕੇ ਇਸ ਹੈਰੋਇਨ ਦੀ ਖੇਪ ਨੂੰ ਡਰੋਨ ਰਾਹੀਂ ਪਹੁੰਚਾਉਣ ਦਾ ਪ੍ਰਬੰਧ ਕੀਤਾ ਸੀ ਅਤੇ ਮੁਲਜਮ ਗੁਰਭੇਜ ਨੇ ਇਸ ਕਾਰਵਾਈ ਵਿੱਚ ਆਪਣੇ ਹੋਰ ਸਾਥੀਆਂ ਸਮੇਤ ਅਭਿਜੀਤ ਸਿੰਘ ਨੂੰ ਵੀ ਸ਼ਾਮਲ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਟੀਮਾਂ ਨੇ ਖੁਫੀਆ ਕਾਰਵਾਈ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਹੈਰੋਇਨ ਨੂੰ ਅੱਗੇ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਕੂਟਰ ਫੈਸੀਨੋ ਐਸ, ਜੋ ਕਿ ਬਿਨਾਂ ਨੰਬਰ ਪਲੇਟ ਤੋਂ ਸੀ, ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਨੰਬਰ 157, ਮਿਤੀ 11.06.2025 ਨੂੰ ਥਾਣਾ ਏਐਨਟੀਐਫ, ਐਸ.ਏ.ਐਸ. ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।