ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2025
Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ Amritsar ਜ਼ਿਲ੍ਹੇ ਦੇ ਮਾਲ ਹਲਕਾ ਚੋਗਾਵਾਂ ਵਿਖੇ ਪਟਵਾਰੀ ਵਜੋਂ ਤਾਇਨਾਤ ਹਰਸਿਮਰਤਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ Amritsar ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੁਲਜ਼ਮ ਨੇ ਰਿਸ਼ਵਤ ਮੰਗਣ ਦੇ ਇਰਾਦੇ ਨਾਲ 2019-2020 ਦੀ ਜਮ੍ਹਾਂਬੰਦੀ ਵਿੱਚ ਜਾਣਬੁੱਝ ਕੇ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਉਸ ਤੋਂ 20,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।