ਯੈੱਸ ਪੰਜਾਬ
ਐਸ.ਏ.ਐਸ.ਨਗਰ, 09 ਫਰਵਰੀ, 2025
ਜ਼ਿਲ੍ਹਾ Sahibazada Ajit Singh Nagar ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੇ ਦੋਸ਼ੀਆਂ ਨੂੰ ਕਾਬੂ ਕਰਨ ਲਈ, ਪੁਲਿਸ ਨੇ ਮਾਜਰੀ ਥਾਣੇ ਵਿੱਚ ਮਾਈਨਜ਼ ਐਂਡ ਮਿਨਰਲਜ਼ (ਰੈਗੂਲੇਸ਼ਨ ਆਫ਼ ਡਿਵੈਲਪਮੈਂਟ) ਐਕਟ 1957 ਦੀਆਂ ਧਾਰਾਵਾਂ 21 (1) ਅਤੇ 4 (1) ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਹੈ।
ਜੇਕਰ ਕੋਈ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਆਂਪੁਰ ਚੰਗਰ ਵਿਖੇ ਗੈਰ-ਕਾਨੂੰਨੀ ਮਾਈਨਿੰਗ ਵਾਲੀ ਥਾਂ ਦੀ ਸੂਚਨਾ ਮਿਲਦਿਆਂ ਹੀ ਕਲ੍ਹ ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਦੀ ਅਗਵਾਈ ਹੇਠ ਇਕ ਪ੍ਰਸ਼ਾਸਨਿਕ ਟੀਮ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਤੱਥਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਦੀ ਪੁਸ਼ਟੀ ਤੋਂ ਬਾਅਦ ਤੁਰੰਤ ਦੋਸ਼ੀਆਂ ਖਿਲਾਫ ਐਫ.ਆਈ.ਆਰ. ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ‘ਤੇ ਇਸ ਜਗ੍ਹਾ ਦੇ ਨੇੜੇ ਇੱਕ ਭਾਰੀ ਖੁਦਾਈ ਕਰਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਨੂੰ ਜ਼ਮੀਨ ਦੀ ਮਾਲਕੀ ਦਾ ਪਤਾ ਲਗਾਉਣ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਨੂੰ ਇਸ ਮਾਮਲੇ ਦੀ ਸਮਾਂਬੱਧ ਜਾਂਚ ਕਰਨ ਅਤੇ ਇਸ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਕਿਹਾ ਗਿਆ ਹੈ।