ਯੈੱਸ ਪੰਜਾਬ
ਅੰਮ੍ਰਿਤਸਰ, 20 ਜਨਵਰੀ, 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਸ. Amrik Singh Ajnala ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਜ਼ਰੂਰ ਸੋਚਣਾ ਚਾਹੀਦਾ ਹੈ। ਇਹ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਕਿ ਕੌਮ ਦੇ ਸਰਵਉੱਚ ਅਸਥਾਨ ਅਤੇ ਕੌਮ ਦੀਆਂ ਸਨਮਾਨਿਤ ਸ਼ਖ਼ਸੀਅਤਾਂ ਦਾ ਕੋਈ ਨਿਰਾਦਰ ਕਰੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਆਮ ਚੋਣਾਂ ਦੇ ਆਏ ਨਤੀਜਿਆਂ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਇਹ ਨਤੀਜੇ ਸਰਕਾਰਾਂ ਦੇ ਹੱਥਾਂ ਵਿਚ ਖੇਡ ਰਹੇ ਲੋਕਾਂ ਨੂੰ ਸੰਗਤ ਵੱਲੋਂ ਦਿਖਾਇਆ ਗਿਆ ਸ਼ੀਸ਼ਾ ਹੈ।
ਉਨ੍ਹਾਂ ਆਖਿਆ ਕਿ ਸ. ਬਲਜੀਤ ਸਿੰਘ ਦਾਦੂਵਾਲ ਸਮੇਤ ਸਰਕਾਰੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਸੰਗਤ ਵੱਲੋਂ ਨਕਾਰਿਆ ਜਾਣਾ ਇਸ ਗੱਲ ਦਾ ਪ੍ਰਤੀਕ ਹੈ ਕਿ ਗੁਰੂ ਦੇ ਸਿੱਖ ਕਦੇ ਵੀ ਗੁਰਧਾਮਾਂ ਦੇ ਪ੍ਰਬੰਧ ਅੰਦਰ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਖਰੀ ਹਰਿਆਣਾ ਕਮੇਟੀ ਦੇ ਹੱਕ ਵਿਚ ਨਹੀਂ ਹੈ, ਪਰੰਤੂ ਫਿਰ ਵੀ ਸੰਗਤ ਨੇ ਜਿਨ੍ਹਾਂ ਨੂੰ ਮੈਂਬਰ ਚੁਣਿਆ ਉਨ੍ਹਾਂ ਦੀ ਜ਼ੁੰਮੇਵਾਰੀ ਬਣਦੀ ਹੈ ਕਿ ਸਿੱਖ ਸਿਧਾਂਤਾਂ, ਪੰਥਕ ਮਾਨਤਾਵਾਂ ਅਤੇ ਗੁਰਦੁਆਰਾ ਪ੍ਰਬੰਧ ਦੀ ਪੰਥਕ ਭਾਵਨਾਵਾਂ ਅਨੁਸਾਰ ਸੇਵਾ ਸੰਭਾਲ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੋਣ।