Friday, October 4, 2024
spot_img
spot_img
spot_img
spot_img
spot_img

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਤੇ ਹੋਰ ਕਈ ਮਾਮਲਿਆਂ ਬਾਰੇ ਲਏ ਅਹਿਮ ਫ਼ੈਸਲੇ – ਪੜ੍ਹੋ ਵੇਰਵਾ

ਯੈੱਸ ਪੰਜਾਬ
ਅੰਮ੍ਰਿਤਸਰ, 16 ਅਗਸਤ, 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਮਤਾ ਪਾਸ ਕਰਕੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਜਿਥੇ ਭਾਰਤ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਗਏ, ਉਥੇ ਹੀ ਸਮੁੱਚੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਭੇਜਣ ਦਾ ਵੀ ਫੈਸਲਾ ਕੀਤਾ ਗਿਆ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਨਾਲ ਜਾਣਬੁਝ ਕੇ ਧੱਕਾ ਅਤੇ ਬੇਇਨਸਾਫ਼ੀ ਕਰ ਰਹੀ ਹੈ। ਇਸ ਦੀ ਇਕ ਵੱਡੀ ਮਿਸਾਲ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤਾ ਜਾਂਦਾ ਵਿਤਕਰਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਬੈਠਕ ਵਿਚ ਇਹ ਮਾਮਲਾ ਗੰਭੀਰ ਰੂਪ ਵਿਚ ਵਿਚਾਰਿਆ ਗਿਆ ਹੈ ਅਤੇ ਸਮੁੱਚੇ ਤੌਰ ’ਤੇ ਇਹ ਸਹਿਮਤੀ ਬਣੀ ਹੈ ਕਿ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਿਸਥਾਰਤ ਰਿਪੋਰਟ ਭੇਜੀ ਜਾਵੇ, ਤਾਂ ਜੋ ਸਿੰਘ ਸਾਹਿਬਾਨ ਕੌਮੀ ਭਾਵਨਾਵਾਂ ਅਨੁਸਾਰ ਅਗਵਾਈ ਦੇਣ।

ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਲੰਮੇ ਅਰਸੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਵਾਜ਼ ਉਠਾ ਰਹੀ ਹੈ ਅਤੇ ਹਰ ਪੱਧਰ ’ਤੇ ਚਾਰਾਜੋਈ ਕਰ ਰਹੀ ਹੈ ਪ੍ਰੰਤੂ ਦੁਖਦਾਈ ਪਹਿਲੂ ਇਹ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੇ ਮਾਮਲਿਆਂ ਸਬੰਧੀ ਬਣਾਈ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਲਗਾਤਾਰ ਕੀਤੇ ਗਏ ਯਤਨਾਂ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਕੋਈ ਹਾਂਪੱਖੀ ਹੁੰਗਾਰਾ ਨਹੀਂ ਭਰਿਆ ਗਿਆ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮੁਲਾਕਾਤ ਵਾਸਤੇ ਸਮਾਂ ਦੇਣ ਲਈ ਭੇਜੇ ਗਏ ਪੱਤਰ ਦੇ ਜਵਾਬ ਵਿਚ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਹਿ ਮੰਤਰੀ ਦਫ਼ਤਰ ਨਾਲ ਸੰਪਰਕ ਕਰਨ ਕਿਹਾ ਗਿਆ ਸੀ। ਇਸ ਮਗਰੋਂ ਗ੍ਰਹਿ ਮੰਤਰਾਲੇ ਨਾਲ ਕੀਤੀ ਗਈ ਲਿਖਾਪੜ੍ਹੀ ਉਪਰੰਤ ਇਸੇ ਸਾਲ ਫ਼ਰਵਰੀ ਮਹੀਨੇ ਦੀ ਸ਼ੁਰੂਆਤ ਵਿਚ ਗ੍ਰਹਿ ਮੰਤਰੀ ਦੇ ਦਫ਼ਤਰ ਤੋਂ ਪੰਜ ਮੈਂਬਰੀ ਕਮੇਟੀ ਨੂੰ ਮੁਲਾਕਾਤ ਲਈ ਸਮਾਂ ਤੈਅ ਹੋਣ ਦੇ ਬਾਵਜੂਦ ਵੀ ਮੌਕੇ ’ਤੇ ਇਕ ਦਿਨ ਪਹਿਲਾਂ ਇਹ ਮੁਲਾਕਾਤ ਰੱਦ ਕਰ ਦਿੱਤੀ ਗਈ।

ਇਸ ਤੋਂ ਬਾਅਦ ਵੀ ਲਗਾਤਾਰ ਸੰਪਰਕ ਕੀਤੇ ਜਾਣ ’ਤੇ ਅਜੇ ਤੀਕ ਕੋਈ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ। ਇਹ ਨਕਾਰਾਤਮਕ ਰਵੱਈਆ ਠੀਕ ਨਹੀਂ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ ਅਤੇ ਰਾਸ਼ਟਰਪਤੀ ਨੂੰ ਇਸ ਸਬੰਧੀ ਜਾਣੂ ਕਰਵਾਉਣ ਦੇ ਨਾਲ-ਨਾਲ ਸੰਨ 2012 ਵਿਚ ਭਾਈ ਰਾਜੋਆਣਾ ਮਾਮਲੇ ਵਿਚ ਪਾਈ ਗਈ ਪਟੀਸ਼ਨ ’ਤੇ ਖ਼ੁਦ ਫੈਸਲਾ ਲੈਣ ਲਈ ਆਖ਼ਰੀ ਵਾਰ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਬੰਦੀ ਸਿੰਘਾਂ ਨੂੰ ਦਿੱਤੇ ਜਾਂਦੇ 20 ਹਜ਼ਾਰ ਰੁਪਏ ਦੇ ਮਾਸਿਕ ਸਨਮਾਨ ਭੱਤੇ ਨੂੰ ਵਧਾ ਕੇ 40 ਹਜ਼ਾਰ ਰੁਪਏ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਮਨਮਰਜ਼ੀ ਨਾਲ ਮੁੜ ਨਾਮਜ਼ਦ ਕਰਨ ਦੀ ਵੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਤੋਂ ਜੋ ਖਦਸ਼ਾ ਪ੍ਰਗਟਾਇਆ ਸੀ ਕਿ ਸਰਕਾਰ ਆਪਣੇ ਤਰੀਕੇ ਨਾਲ ਹਰਿਆਣੇ ਅੰਦਰ ਗੁਰਦੁਆਰਿਆਂ ਦਾ ਪ੍ਰਬੰਧ ਕਰੇਗੀ, ਉਹ ਸੱਚ ਸਾਬਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਖੰਡਤ ਕਰਕੇ ਬਣਾਈ ਇਹ ਹਰਿਆਣਾ ਕਮੇਟੀ ਪੰਥ ਦੀ ਨਾ ਹੋ ਕੇ ਸਰਕਾਰ ਦੀ ਕਮੇਟੀ ਬਣ ਗਈ ਹੈ। ਪੰਥ ਨੂੰ ਇਸ ਦਾ ਕਰੜਾ ਵਿਰੋਧ ਕਰਨਾ ਚਾਹੀਦਾ ਹੈ, ਤਾਂ ਜੋ ਗੁਰੂ ਘਰਾਂ ਦਾ ਪ੍ਰਬੰਧ ਪੰਥਕ ਭਾਵਨਾਵਾਂ ਅਨੁਸਾਰ ਹੋ ਸਕੇ।

ਐਡਵੋਕੇਟ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਸ਼ਰਧਾਲੂ ਸੇਵਾਦਾਰ ਸ. ਬਲਬੀਰ ਸਿੰਘ ਦੀ ਮੌਤ ’ਤੇ ਸ਼ੋਕ ਮਤਾ ਪਾਸ ਕਰਦਿਆਂ ਉਸ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਇਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਫਿਰੋਜਪੁਰ ਦੇ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਗੈਸ ਲੀਕ ਹੋਣ ਕਾਰਨ ਅੱਗ ਨਾਲ ਝੁਲਸੇ ਸ. ਤਲਵਿੰਦਰ ਸਿੰਘ ਦੀ ਵੀ ਇਲਾਜ ਦੇ ਦੌਰਾਨ ਮੌਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਅਤੇ ਇਕ ਮੈਂਬਰ ਨੂੰ ਨੌਕਰੀ ਦੇਣ ਦੇ ਨਾਲ-ਨਾਲ ਜ਼ਖ਼ਮੀ ਹੋਏ ਬੱਚਿਆਂ ਅਤੇ ਸੇਵਾਦਾਰਾਂ ਨੂੰ ਵੀ 75-75 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਪੈਰਿਸ ਓਲੰਪਿਕਸ ਵਿਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਸਾਬਤ ਸੂਰਤ ਸਿੱਖ ਖਿਡਾਰੀ ਸ. ਜਰਮਨਪ੍ਰੀਤ ਸਿੰਘ ਨੂੰ ਸਨਮਾਨ ਵਜੋਂ 5 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਹੈ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 4ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸੇ ਸਾਲ ਸਤੰਬਰ ਮਹੀਨੇ ਵਿਚ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਆ ਰਹੇ 100 ਸਾਲਾ ਜਨਮ ਦਿਨ ਮੌਕੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਗੁਰਦੁਆਰਾ ਚੋਹਲਾ ਸਾਹਿਬ ਤਰਨ ਤਾਰਨ ਸਾਹਿਬ ਨਾਲ ਸਬੰਧਤ ਗੁਰਦੁਆਰਾ ਕੋਠੜੀ ਸਾਹਿਬ ਨਜ਼ਦੀਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ ਨਾਲ ਜੁੜੀ ਹੋਈ ਪੁਰਾਤਨ ਇਤਿਹਾਸ ਇਮਾਰਤ ਨੂੰ ਹੂਬਹੂ ਸੰਭਾਲਿਆ ਜਾਵੇਗਾ ਅਤੇ ਇਸ ਕਾਰਜ ਵਾਸਤੇ ਵਿਰਾਸਤੀ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਦੀਪ ਕੌਰ ਖੋਖ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਅਮਰਜੀਤ ਸਿੰਘ ਭਲਾਈਪੁਰ,

ਬੀਬੀ ਜਸਪਾਲ ਕੌਰ, ਸ. ਜਸਵੰਤ ਸਿੰਘ ਪੁੜੈਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਵਲਾਂ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਸ਼ਾਮਲ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ