ਯੈੱਸ ਪੰਜਾਬ
ਜਲੰਧਰ, 22 ਨਵੰਬਰ, 2024
ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੂਹਿਕ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਭ ਨੂੰ ਅੱਗੇ ਆ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ Deputy Commissioner Dr. Himanshu Aggarwal ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਣ ਪ੍ਰੇਮੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਡਰੇਨਾਂ ਦੀ ਸਫਾਈ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਭਾਗਾਂ ਦੇ ਅਧਿਕਾਰੀ ਜਿੱਥੇ ਹੋਰ ਗੰਭੀਰਤਾ ਨਾਲ ਕੰਮ ਕਰਨ, ਉਥੇ ਹਰੇਕ ਵਿਅਕਤੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਡਰੇਨਾਂ ਵਿੱਚ ਗੰਦਗੀ ਨਾ ਫੈਲਾਈ ਜਾਵੇ।
Sant Balbir Singh Seechewal ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ, ਇਸ ਲਈ ਇਸ ਪਾਸੇ ਸਾਂਝੇ ਸੁਹਿਰਦ ਯਤਨਾਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪਾਣੀ, ਧਰਤੀ ਅਤੇ ਹਵਾ ਨੂੰ ਸਭ ਤੋਂ ਉੱਤਮ ਦਰਜਾ ਦਿੱਤਾ ਹੈ, ਇਸ ਲਈ ਹਰੇਕ ਵਿਅਕਤੀ ਆਪਣੀ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਨਿਭਾਉਂਦਾ ਹੋਇਆ ਡਰੇਨਾਂ ਨੂੰ ਗੰਧਲਾ ਨਾ ਹੋਣ ਦੇਵੇ। ਉਨ੍ਹਾਂ ਨਗਰ ਨਿਗਮ, ਸੀਵਰੇਜ ਬੋਰਡ ਅਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੇਨਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਰੋਕਣ ਲਈ ਮੁਹਿੰਮ ਵਿੱਢ ਕੇ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਚੱਲ ਰਹੇ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਣੀ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਹੈ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡਰੇਨਾਂ ਵਿੱਚ ਡੇਅਰੀਆਂ ਦੀ ਵੇਸਟੇਜ਼ ਦੇ ਨਿਕਾਸ ਨੂੰ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਡਰੇਨਾਂ ਦੇ ਆਲੇ-ਦੁਆਲੇ ਦੀ ਦਿੱਖ ਬਦਲਣ ਲਈ ਵੱਧ ਤੋਂ ਵੱਧ ਰੱਖ ਲਗਾਉਣ ਲਈ ਵੀ ਕਿਹਾ, ਤਾਂ ਜੋ ਡਰੇਨਾਂ ਨੂੰ ਸੁੰਦਰਤਾ ਪੱਖੋਂ ਖਿੱਚ ਦਾ ਕੇਂਦਰ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਡਰੇਨਾਂ ਦੀ ਸਫਾਈ ਲਈ ਚਾਲੂ ਪ੍ਰਾਜੈਕਟ ਜਲਦੀ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਸਾਰੇ ਪ੍ਰਾਜੈਕਟਾਂ ਦੀ ਨਿਗਰਾਨੀ ਕਰ ਰਹੇ ਹਨ, ਤਾਂ ਜੋ ਵਾਤਾਵਰਣ ਨਾਲ ਜੁੜੇ ਇਸ ਕਾਰਜ ਨੂੰ ਸਮੇਂ-ਸਿਰ ਮੁਕੰਮਲ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡਰੇਨਾਂ ਦੀ ਖੂਬਸੂਰਤੀ ਕਾਇਮ ਕਰਨ ਅਤੇ ਪਾਣੀ ਦੀ ਸੰਭਾਲ ਲਈ ਸਮੂਹਿਕ ਇਕਜੁੱਟਤਾ ਦੀ ਲੋੜ ਹੈ। ਉਨ੍ਹਾਂ ਵਾਤਾਵਰਣ ਨੂੰ ਸਾਫ-ਸੁਥਰਾ ਤੇ ਸ਼ੁੱਧ ਰੱਖਣ ਲਈ ਕਿਸਾਨਾਂ ਨੂੰ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਬੁੱਧੀ ਰਾਜ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।