ਯੈੱਸ ਪੰਜਾਬ
ਨਵੀਂ ਦਿੱਲੀ, 27 ਸਤੰਬਰ, 2022:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਾਏ ਜਾ ਰਹੇ ਸਿੱਖ ਮਿਸ਼ਨ ਦਿੱਲੀ ਵੱਲੋਂ ਸਿੱਖ ਬੱਚਿਆਂ ਦੇ ਭਵਿੱਖ ਨੂੰ ਸੁਨਿਹਰਾ ਬਣਾਉਣ ਲਈ ਕਈ ਕਾਰਜ ਕੀਤੇ ਜਾ ਰਹੇ ਹਨ। ਸਿੱਖ ਮਿਸ਼ਨ ਦਿੱਲੀ ਦੀ ਮੈਂਬਰ, ਇਸਤਰੀ ਅਕਾਲੀ ਦਲ ਦਿੱਲੀ ਦੀ ਪ੍ਰਧਾਨ ਅਤੇ ਦਿੱਲੀ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਰਣਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਮਿਸ਼ਨ ਦਿੱਲੀ ਦੇ ਬੈਨਰ ਹੇਠ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਦੇ ਬੱਚਿਆਂ ਨੂੰ ਸ਼੍ਰੀ ਦਰਬਾਰ ਸਾਹਿਬ ਦੀ ਯਾਤਰਾ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਸਿੱਖ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ ਵਿਸ਼ੇਸ਼ ਕਾਰਜਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਜਿਸ ਤਹਿਤ ਉਨ੍ਹਾਂ ਬੱਚਿਆਂ ਦੀ ਸ਼ਨਾਖਤ ਕੀਤੀ ਜਾਵੇਗੀ ਜੋ 100 ਫੀਸਦੀ ਨੰਬਰਾਂ ਨਾਲ ਪਾਸ ਹੋਏ ਹਨ ਅਤੇ ਅੱਗੇ ਪੜ੍ਹਾਈ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਦਾ ਖਰਚਾ ਚੁੱਕਣ ਤੋਂ ਅਸਮਰੱਥ ਹਨ। ਅਜਿਹੇ ਬੱਚਿਆਂ ਦੀ ਪੜ੍ਹਾਈ ਦਾ ਪ੍ਰਬੰਧ ਕੀਤਾ ਜਾਵੇਗਾ, ਇਸ ਦੇ ਨਾਲ ਹੀ ਬੱਚਿਆਂ ਨੂੰ ਆਈਪੀਐਸ, ਆਈਏਐਸ ਦੀ ਪੜ੍ਹਾਈ ਲਈ ਵੀ ਮਦਦ ਕੀਤੀ ਜਾਵੇਗੀ ਤਾਂ ਜੋ ਉਹ ਬੱਚੇ ਭਵਿੱਖ ਵਿੱਚ ਕੌਮ ਦਾ ਨਾਮ ਰੋਸ਼ਨ ਕਰ ਸਕਣ।
ਬੀਬੀ ਰਣਜੀਤ ਕੌਰ ਨੇ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਦਿੱਲੀ ਦੀਆਂ ਸਮੂਹ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਹਰ ਖੇਤਰ ਵਿੱਚ ਅਜਿਹੇ ਅਦਾਰੇ ਖੋਲ੍ਹੇ ਜਾਣ, ਜੋ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਧਾਰਮਿਕ ਸਿੱਖਿਆ ਨਾਲ ਸਬੰਧਤ ਜਾਣਕਾਰੀ ਦੇ ਸਕਣ। ਇਸ ਦੇ ਨਾਲ ਹੀ ਅਜਿਹੇ ਬੁੱਧੀਜੀਵੀਆਂ ਦੀ ਮਦਦ ਲਈ ਜਾਵੇਗੀ ਜੋ ਬੱਚਿਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਵਿੱਚ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਦੀ ਮਦਦ ਕਰਨਗੇ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ ਅਤੇ ਅੱਗੇ ਚੱਲ ਕੇ ਪਰਿਵਾਰ ਦੇ ਨਾਲ-ਨਾਲ ਪੰਥ ਦੀ ਸੇਵਾ ਵੀ ਕਰ ਸਕਣ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਰੁਜ਼ਗਾਰ ਸੰਬੰਧੀ ਵੀ ਮਦਦ ਕੀਤੀ ਜਾਵੇਗੀ ਕਿਉਂਕਿ ਅੱਜ ਦੀ ਤਰੀਕ ਵਿੱਚ ਇਹ ਸਭ ਤੋਂ ਵੱਡੀ ਸਮੱਸਿਆ ਹੈ। ਜੇਕਰ ਬੱਚੇ ਪੜ੍ਹਦੇ ਹਨ ਤਾਂ ਵੀ ਨੌਕਰੀਆਂ ਨਾ ਮਿਲਣ ਕਾਰਨ ਉਨ੍ਹਾਂ ਦਾ ਮਨੋਬਲ ਟੁੱਟਦਾ ਹੈ, ਇਸ ਲਈ ਇਸ ਦਿਸ਼ਾ ਵਿੱਚ ਵੀ ਕੰਮ ਕੀਤਾ ਜਾਵੇਗਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ