ਯੈੱਸ ਪੰਜਾਬ
ਚੰਡੀਗੜ੍ਹ 26 ਮਈ, 2024
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਸਤ ਸ੍ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਆਦੇਸ਼ ਪ੍ਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪਾਰਟੀ ਦੇ ਸਿਧਾਂਤਾਂ ਤੇ ਉਲਟ ਕਰਾਰ ਦਿੱਤਾ ਹੈ।
ਸ. ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਸੀਨੀਅਰ ਆਗੂ ਐੱਸਜੀਪੀਸੀ ਮੈਂਬਰ ਅਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਨੂੰ ਬਿਨਾਂ ਕਿਸੇ ਨਾਲ ਸਲਾਹ – ਮਸ਼ਵਰੇ ਤੋ ਪਾਰਟੀ ਤੋ ਕੱਢ ਦਿੱਤਾ ਗਿਆ ਸੀ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਵਾਪਸ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਪਾਰਟੀ ਦੇ ਹਿੱਤ ਵਿੱਚ ਨਹੀਂ ਹਨ। ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਇਸ ਲਈ ਪਾਰਟੀ ਨੂੰ ਅਜਿਹੇ ਫੈਸਲੇ ਲੈਣ ਤੋ ਗੁਰੇਜ਼ ਕਰਨਾ ਚਾਹੀਦਾ ਹੈ।
ਸ ਢੀਂਡਸਾ ਨੇ ਅੱਗੇ ਕਿਹਾ ਕਿ ਕੈਰੋਂ ਪਰਿਵਾਰ ਦਾ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਯੋਗਦਾਨ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਦਿੱਗਜ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਕੱਢਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਪਾਰਟੀ ਦੇ ਹਿੱਤਾਂ ਖਿਲਾਫ ਹੈ। ਸ. ਢੀਂਡਸਾ ਨੇ ਅੱਗੇ ਕਿਹਾ ਕਿ ਅਜਿਹਾ ਮਹਤਵਪੂਰਨ ਫੈਸਲਾ ਲੈਣ ਤੋਂ ਪਹਿਲਾਂ ਪਾਰਟੀ ਨੂੰ ਚੰਗੀ ਤਰ੍ਹਾਂ ਸੋਚ ਵਿਚਾਰ ਕਰਨੀ ਚਾਹੀਦੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਕਿਸੇ ਉਮੀਦਵਾਰ ਦੇ ਕਹਿਣ ਤੇ ਹੀ ਚੋਣ ਮੁਹਿੰਮ ਦੇ ਆਖਰੀ ਪੜਾਅ ਉੱਤੇ ਪਾਰਟੀ ਨੂੰ ਬਿਨਾਂ ਨੋਟਿਸ ਦਿੱਤੇ ਅਜਿਹਾ ਫ਼ੈਸਲਾ ਨਹੀਂ ਲੈਣਾ ਚਾਹੀਦਾ 1 ਉਨ੍ਹਾਂ ਆਖਿਆ ਕਿ ਅਜਿਹੇ ਨਾਜ਼ੁਕ ਮੌਕੇ ਸ੍ ਆਦੇਸ਼ ਪ੍ਤਾਪ ਸਿੰਘ ਵਰਗੇ ਪਾਰਟੀ ਦੇ ਅਹਿਮ ਸੀਨੀਅਰ ਆਗੂ ਨੂੰ ਪਾਰਟੀ ਵਿੱਚੋਂ ਕੱਢਣਾ ਪਾਰਟੀ ਲਈ ਨੁਕਸਾਨਦੇਹ ਹੋ ਸਕਦਾ ਹੈ ਉਹਨਾਂ ਪਾਰਟੀ ਲੀਡਰਸ਼ਿਪ ਨੂੰ ਅਜਿਹੇ ਫ਼ੈਸਲੇ ਲੈਣ ਤੋਂ ਗੁਰੇਜ ਕਰਨ ਦੀ ਵੀ ਸਲਾਹ ਦਿੱਤੀ।