ਯੈੱਸ ਪੰਜਾਬ
ਚੰਡੀਗੜ੍ਹ, 17 ਦਸੰਬਰ, 2024
Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ Daljit Singh (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, Amritsar ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ NDPS ਕਾਨੂੰਨ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਸੀ, ਬਿਊਰੋ ਵੱਲੋਂ ਉਸਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਤੇ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜੋਗਾ ਸਿੰਘ ਵਾਸੀ ਪਿੰਡ ਕੋਟਲੀ ਨਸੀਰ ਖਾਂ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ਪੁਲਿਸ ਸਬ-ਇੰਸਪੈਕਟਰ ਨੇ ਆਪਣੀ ਤਾਇਨਾਤੀ ਦੌਰਾਨ ਸ਼ਿਕਾਇਤਕਰਤਾ ਤੋਂ ਸਾਲ 2017 ਵਿੱਚ ਥਾਣਾ ਅੰਮ੍ਰਿਤਸਰ ਛਾਉਣੀ ਵਿਖੇ ਦਰਜ ਐਫ.ਆਈ.ਆਰ. ਵਿੱਚ ਉਸਦੇ ਪੁੱਤਰ ਨੂੰ ਬੇਕਸੂਰ ਦਿਖਾਉਣ ਬਦਲੇ ਉਸ ਕੋਲੋਂ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਕੋਲੋਂ 1,00,000 ਰੁਪਏ ਦੀ ਮੰਗ ਕੀਤੀ ਸੀ ਅਤੇ ਰਿਸ਼ਵਤ ਵਜੋਂ 10,000 ਰੁਪਏ ਵੀ ਲਏ ਸਨ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮਿਤੀ 28.11.2024 ਨੂੰ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।